‘ਦ ਖ਼ਾਲਸ ਬਿਊਰੋ : ਠੇਕਾ ਮੁਲਾਜ਼ਮਾਂ ਲਈ ਵੱਡੀ ਖ਼ਬਰ ਹੈ। ਇਸ ਦੀਵਾਲੀ ‘ਤੇ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਹੁਣ ਸਰਕਾਰ ਠੇਕਾ ਪ੍ਰਣਾਲੀ ਖ਼ਤਮ ਕਰ ਰਹੀ ਹੈ, ਯਾਨੀ ਹੁਣ ਸਾਰੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇਗਾ। ਜਿਸ ਕਾਰਨ ਠੇਕਾ ਮੁਲਾਜ਼ਮਾਂ ਵਿੱਚ ਭਾਰੀ ਖੁਸ਼ੀ ਦੀ ਲਹਿਰ ਹੈ।
ਸਰਕਾਰ ਨੇ ਕੀਤਾ ਵੱਡਾ ਐਲਾਨ
ਦਰਅਸਲ, ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਆਪਣੇ ਜਨਮਦਿਨ ਤੋਂ ਪਹਿਲਾਂ ਸੂਬੇ ਤੋਂ ਠੇਕਾ ਪ੍ਰਣਾਲੀ ਨੂੰ ਖਤਮ ਕਰਨ ਦਾ ਐਲਾਨ ਕੀਤਾ ਹੈ। ਸੂਬੇ ਦੇ ਲੋਕਾਂ ਨੂੰ ਦੀਵਾਲੀ ਦਾ ਵੱਡਾ ਤੋਹਫਾ ਦਿੰਦਿਆਂ ਸਰਕਾਰ ਨੇ ਐਲਾਨ ਕੀਤਾ ਹੈ ਕਿ ਹੁਣ ਸੂਬੇ ‘ਚ ਕੋਈ ਵੀ ਠੇਕੇ ‘ਤੇ ਕੰਮ ਨਹੀਂ ਕਰੇਗਾ। ਇਸ ਤਹਿਤ ਮੌਜੂਦਾ ਠੇਕੇ ‘ਤੇ ਰੱਖੇ ਸਾਰੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇਗਾ।
57 ਹਜ਼ਾਰ ਤੋਂ ਵੱਧ ਠੇਕਾ ਮੁਲਾਜ਼ਮ ਰੈਗੂਲਰ ਹੋਣਗੇ
ਦੀਵਾਲੀ ਤੋਂ ਪਹਿਲਾਂ ਐਲਾਨ ਕਰਦੇ ਹੋਏ ਨਵੀਨ ਪਟਨਾਇਕ ਨੇ ਕਿਹਾ ਹੈ ਕਿ ਓਡੀਸ਼ਾ ਤੋਂ ਠੇਕੇ ‘ਤੇ ਨਿਯੁਕਤੀ ਪ੍ਰਣਾਲੀ ਨੂੰ ਹਮੇਸ਼ਾ ਲਈ ਖਤਮ ਕਰ ਦਿੱਤਾ ਗਿਆ ਹੈ। ਇਸ ਐਲਾਨ ਤੋਂ ਬਾਅਦ ਸੂਬੇ ਦੇ ਵੱਖ-ਵੱਖ ਸਰਕਾਰੀ ਅਦਾਰਿਆਂ ਵਿੱਚ ਠੇਕੇ ’ਤੇ ਨਿਯੁਕਤ 57 ਹਜ਼ਾਰ ਤੋਂ ਵੱਧ ਮੁਲਾਜ਼ਮਾਂ ਨੂੰ ਰੈਗੂਲਰ ਮੁਲਾਜ਼ਮ ਬਣਾਇਆ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਇਸ ਨਾਲ ਸੂਬਾ ਸਰਕਾਰ ਨੂੰ 1300 ਕਰੋੜ ਰੁਪਏ ਦਾ ਵਾਧੂ ਬੋਝ ਪਵੇਗਾ।
ਕੈਬਨਿਟ ਮੀਟਿੰਗ ‘ਚ ਸਰਕਾਰ ਨੇ ਲਿਆ ਵੱਡਾ ਫੈਸਲਾ
ਮਹੱਤਵਪੂਰਨ ਗੱਲ ਇਹ ਹੈ ਕਿ ਮੁੱਖ ਮੰਤਰੀ ਨਵੀਨ ਪਟਨਾਇਕ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਕਈ ਵੱਡੇ ਫੈਸਲੇ ਲਏ ਗਏ। ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ ਸਰਕਾਰ ਵੱਲੋਂ ਐਤਵਾਰ ਨੂੰ ਇਸ ਸਬੰਧੀ ਰਸਮੀ ਰੀਲੀਜ਼ ਜਾਰੀ ਕੀਤੀ ਜਾਵੇਗੀ। ਮੁੱਖ ਮੰਤਰੀ ਦੇ ਇਸ ਐਲਾਨ ਤੋਂ ਬਾਅਦ ਸੂਬੇ ਦੇ ਮੌਜੂਦਾ ਠੇਕਾ ਮੁਲਾਜ਼ਮਾਂ ਵਿੱਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ। ਦੀਵਾਲੀ ਤੋਂ ਠੀਕ ਪਹਿਲਾਂ ਕੀਤੇ ਇਸ ਐਲਾਨ ਤੋਂ ਬਾਅਦ ਠੇਕਾ ਮੁਲਾਜ਼ਮਾਂ ਨੇ ਜਸ਼ਨ ਮਨਾਉਣੇ ਸ਼ੁਰੂ ਕਰ ਦਿੱਤੇ ਹਨ।