‘ਦ ਖ਼ਾਲਸ ਬਿਊਰੋ- ਮਹਾਂਮਾਰੀ ਦੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਿਵੇਸ਼ਕਾਂ ਦੇ ਲਈ ਇੱਕ ਵੱਡਾ ਐਲਾਨ ਕੀਤਾ ਹੈ। ਕੈਪਟਨ ਨੇ ਪੰਜਾਬ ਵਿੱਚ ਨਿਰਵਿਘਨ ਨਿਵੇਸ਼ ਨੂੰ ਹੁਲਾਰਾ ਦੇਣ ਲਈ ਛੋਟਾਂ ਦਾ ਐਲਾਨ ਕੀਤਾ ਹੈ ਤਾਂ ਜੋ ਨਿਵੇਸ਼ਕਾਂ ਨੂੰ ਕੋਈ ਖੱਜਲ-ਖੁਆਰੀ ਨਾ ਝੱਲਣੀ ਪਵੇ। ਨਵੇਂ ਕਦਮ ਨਾਲ ਨਿਵੇਸ਼ਕਾਂ ਨੂੰ ਕਾਨੂੰਨੀ ਪ੍ਰਵਾਨਗੀਆਂ ਹਾਸਲ ਕਰਨ ਵਿੱਚ ਕੋਈ ਮੁਸ਼ਕਿਲ ਨਹੀਂ ਆਵੇਗੀ ਕਿਉਂਕਿ ਹੁਣ ਇਸ ਪ੍ਰਕਿਰਿਆ ਨੂੰ ਆਸਾਨ ਬਣਾ ਦਿੱਤਾ ਗਿਆ ਹੈ। ਇਸ ਵਿੱਚ ਬਿਨਾਂ ਨਿਰੀਖਣ ਕਾਨੂੰਨੀ ਮਨਜ਼ੂਰੀਆਂ ਦੀ ਮਿਆਦ ਵਧਾਉਣਾ ਵੀ ਸ਼ਾਮਲ ਹੈ।
ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਪ੍ਰੋ. ਐੱਸ.ਐੱਸ. ਮਰਵਾਹਾ ਨੇ ਕਿਹਾ ਕਿ ਵਾਤਾਵਰਨ ਸੰਬੰਧੀ ਨੇਮਾਂ ਦੀ ਭਾਗੀਦਾਰ ਰੈਗੂਲੇਟਰੀ ਪਾਲਣਾ ਯਕੀਨੀ ਬਣਾਉਣ ਲਈ ਬੋਰਡ ਦੀ ਸਹਿਮਤੀ ਤੋਂ ਬਿਨਾਂ ਚੱਲ ਰਹੇ ਉਦਯੋਗਾਂ ਨੂੰ ਸਵੈ-ਇਛੁੱਕ ਪ੍ਰਗਟਾਵਾ ਸਕੀਮ (V.D.S.) ਅਧੀਨ ਪ੍ਰਵਾਨਗੀਆਂ ਲੈਣ ਲਈ ਅਰਜ਼ੀ ਦੇਣ ਦਾ ਸਮਾਂ 31 ਦਸੰਬਰ 2020 ਤੱਕ ਵਧਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ 1 ਨਵੰਬਰ 2018 ਤੋਂ ਪਹਿਲਾਂ ਸਹਿਮਤੀ ਫ਼ੀਸ ਜਮ੍ਹਾਂ ਕਰਵਾਉਣ ਅਤੇ ਯਕਮੁਸ਼ਤ ਅਨੁਮਾਨਤ ਫੀਸ 5,000 ਰੁਪਏ ਦਾ ਭੁਗਤਾਨ ਕਰਨ ਦੀ ਛੋਟ ਨਾਲ ਅਜਿਹਾ ਕਰ ਸਕਦੇ ਹਨ।
ਇਸ ਤੋਂ ਇਲਾਵਾ ਵਾਟਰ ਐਕਟ, 1974 ਅਧੀਨ ਸਹਿਮਤੀ ਪ੍ਰਾਪਤ ਕਰਨ ਲਈ ਇੱਟਾਂ ਦੇ ਭੱਠਿਆਂ ਦੀ ਸਹੂਲਤ ਵਾਸਤੇ ਉਨ੍ਹਾਂ ਦੇ ਮਾਲਕਾਂ ਨੂੰ 1 ਨਵੰਬਰ 2018 ਤੋਂ ਪਹਿਲਾਂ ਵਾਲੀ ਸਹਿਮਤੀ ਫ਼ੀਸ ਜਮ੍ਹਾਂ ਕਰਵਾਉਣ ਤੋਂ ਛੋਟ ਦੇ ਦਿੱਤੀ ਹੈ। ਇਸ ਦੌਰਾਨ ਸਾਇੰਸ, ਤਕਨਾਲੋਜੀ ਤੇ ਵਾਤਾਵਰਨ ਦੇ ਪ੍ਰਮੁੱਖ ਸਕੱਤਰ ਅਲੋਕ ਸ਼ੇਖਰ ਨੇ ਕਿਹਾ ਕਿ ਇਹ ਪਹਿਲਕਦਮੀਆਂ ਉਦਯੋਗਾਂ ਦੀ ਰੈਗੂਲੇਟਰੀ ਪਾਲਣਾ ਵਿੱਚ ਸਹਾਇਤਾ ਕਰਨਗੀਆਂ ਅਤੇ ਇਸ ਔਖੇ ਸਮੇਂ ਵਿੱਚ ਛੋਟੇ ਉਦਯੋਗਾਂ ਦੀ ਨਿਯਮਤ ਵਿਵਸਥਾ ਵਧਾਉਣਗੀਆਂ।
ਮੁੱਖ ਮੰਤਰੀ ਦੇ ਆਦੇਸ਼ਾਂ ’ਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਆਪਣੀ 184ਵੀਂ ਮੀਟਿੰਗ ਵਿੱਚ ਇਸ ਸੰਬੰਧੀ ਵਿਸਥਾਰ ’ਚ ਹਦਾਇਤਾਂ ਜਾਰੀ ਕੀਤੀਆਂ ਗਈਆਂ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਹ ਕਦਮ ਇਨ੍ਹਾਂ ਮੁਸ਼ਕਲ ਸਥਿਤੀਆਂ ਵਿੱਚ ਕਾਨੂੰਨੀ ਪ੍ਰਵਾਨਗੀਆਂ ਹਾਸਲ ਕਰਨ ਦੀ ਪ੍ਰਕਿਰਿਆ ਹੋਰ ਆਸਾਨ ਬਣਾਉਣ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ।