Punjab

ਪੰਜਾਬ ਸਰਕਾਰ ਦੇ ਰੋਜ਼ਗਾਰ ਵੈੱਬ ਪੋਰਟਲ ‘ਤੇ 8 ਲੱਖ ਨੌਜਵਾਨਾਂ ਨੇ ਕਰਾਈ ਰਜਿਸਟ੍ਰੇਸ਼ਨ, ਦੇਖੋ ਕਿੰਨਿਆਂ ਨੂੰ ਮਿਲੇਗੀ ਨੌਕਰੀ!

‘ਦ ਖ਼ਾਲਸ ਬਿਊਰੋ:- ਪਹਿਲਾਂ ਹੀ ਬੇਰੁਜ਼ਗਾਰੀ ਦੀ ਮਾਰ ਝੱਲ ਰਹੇ ਪੰਜਾਬ ਵਿੱਚ ਕੋਰੋਨਾ ਸੰਕਟ ਦੌਰਾਨ ਬੇਰੁਜ਼ਗਾਰੀ ਦੇ ਹਾਲਾਤ ਹੋਰ ਵੀ ਬਦਤਰ ਹੋ ਗਏ ਹਨ। ਘਰ-ਘਰ ਨੌਕਰੀ ਦੇਣ ਦੇ ਵਾਅਦੇ ਤੋਂ ਬਾਅਦ ਕੈਪਟਨ ਸਰਕਾਰ ਵੀ ਹਰ ਪਾਸਿਓਂ ਫੇਲ ਹੁੰਦੀ ਦਿਖਾਈ ਦੇ ਰਹੀ ਹੈ। ਪਿਛਲੇ ਦੋ ਮਹੀਨਿਆਂ ਦੇ ਅੰਦਰ-ਅੰਦਰ ਪੰਜਾਬ ਸਰਕਾਰ ਦੇ ਰੋਜ਼ਗਾਰ ਵੈੱਬ ਪੋਰਟਲ ‘ਤੇ 2 ਲੱਖ ਬੇਰੁਜ਼ਗਾਰ ਨੌਜਵਾਨਾਂ ਨੇ ਨੌਕਰੀ ਦੀ ਆਸ ਨਾਲ ਰਜਿਸਟ੍ਰੇਸ਼ਨ ਕਰਵਾਈ ਹੈ।

 

ਪੰਜਾਬ ਸਰਕਾਰ ਨੇ ਇਸ ਪੋਰਟਲ ਦੀ ਸ਼ੁਰੂਆਤ ਅਕਤੂਬਰ 2018 ਵਿੱਚ ਕੀਤੀ ਸੀ, ਹੁਣ ਤੱਕ ਇਸ ਵੈਬਸਾਇਟ ‘ਤੇ 8 ਲੱਖ ਦੇ ਕਰੀਬ ਬੇਰੁਜ਼ਗਾਰ ਨੌਜਵਾਨ ਲੜਕੇ ਅਤੇ ਲੜਕੀਆਂ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ। ਕੋਰੋਨਾ ਅਤੇ ਲਾਕਡਾਉਨ ਕਾਰਨ ਪੰਜਾਬ ਦੇ ਲੋਕਾਂ ਦੀ ਹੀ ਨਹੀਂ ਬਲਕਿ ਦੁਨੀਆਂ ਭਰ ਵਿੱਚ ਵੱਸਦੇ ਲੋਕਾਂ ਦੀ ਸਥਿਤੀ ਡਾਵਾਂਡੋਲ ਹੋ ਗਈ ਹੈ, ਬਹੁਤੇ ਲੋਕਾਂ ਦੇ ਰੁਜ਼ਗਾਰ ਖੁੱਸ ਗਏ ਹਨ।

 

ਪੰਜਾਬ ਸਰਕਾਰ ਇਸ ਵੈੱਬ ਪੋਰਟਲ ਜ਼ਰੀਏ 4 ਲੱਖ ਦੇ ਕਰੀਬ ਬੇਰੁਜ਼ਗਾਰ ਨੌਜਵਾਨਾਂ ਨੂੰ ਪ੍ਰਾਈਵੇਟ ਸੈਕਟਰਾਂ ਵਿੱਚ ਨੌਕਰੀਆਂ ਦਿਵਾਉਣ ਅਤੇ 58 ਹਜ਼ਾਰ ਦੇ ਕਰੀਬ ਸਰਕਾਰੀ ਨੌਕਰੀਆਂ ਦਿਵਾਉਣ ਦਾ ਦਾਅਵਾ ਕਰ ਰਹੀ ਹੈ। ਇਸ ਤੋਂ ਇਲਾਵਾ ਸਰਕਾਰ ਸਾਢੇ 8 ਲੱਖ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਲਈ ਲੋਨ ਦੇਣ ਦਾ ਵੀ ਦਾਅਵਾ ਕਰ ਰਹੀ ਹੈ।

 

ਪੰਜਾਬ ਸਰਕਾਰ ਵੱਲੋਂ ਘਰ-ਘਰ ਨੌਕਰੀ ਦੇਣ ਵਾਲੇ ਮੁੱਦੇ ‘ਤੇ ਵਿਰੋਧੀ ਪਾਰਟੀਆਂ ਵੱਲੋਂ ਵੀ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਸਿਕੰਦਰ ਸਿੰਘ ਮਲੂਕਾ ਨੇ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਕੈਪਟਨ ਸਰਕਾਰ ਨੇ ਘਰ-ਘਰ ਨੌਕਰੀ ਤਾਂ ਕੀ ਦੇਣੀ ਸੀ, ਬਲਕਿ ਘਰ-ਘਰ ‘ਚੋਂ ਨੌਕਰੀਆਂ ਖੋਹਣ ਦਾ ਕੰਮ ਕਰ ਰਹੀ ਹੈ। ਕਿਉਂਕਿ ਪਿਛਲੇ ਦਿਨੀਂ ਪੰਜਾਬ ਸਰਕਾਰ ਨੇ ਜਲ ਵਿਭਾਗ ਦੀਆਂ 8 ਹਜ਼ਾਰ ਤੋਂ ਜਿਆਦਾ ਅਸਾਮੀਆਂ ਖਤਮ ਕਰਨ ਦਾ ਐਲਾਨ ਕੀਤਾ ਹੈ।