‘ਦ ਖ਼ਾਲਸ ਬਿਊਰੋ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ #Ask captain ਮੌਕੇ ਰੱਖੜੀ ਦੇ ਤਿਉਹਾਰ ਦੇ ਮੱਦੇਨਜ਼ਰ 2 ਅਗਸਤ ਦਿਨ ਐਤਵਾਰ ਨੂੰ ਮਠਿਆਈਆਂ ਦੀਆਂ ਦੁਕਾਨਾਂ ਖੋਲ੍ਹਣ ਦੀ ਇਜਾਜਤ ਦੇ ਦਿੱਤੀ ਹੈ ਅਤੇ ਲੋਕਾਂ ਨੂੰ ਸਮਾਜਿਕ ਦੂਰੀ ਬਣਾਏ ਰੱਖਣ ਦੇ ਨਾਲ-ਨਾਲ ਮਾਸਕ ਪਾ ਕੇ ਰੱਖਣ ਦੀ ਵੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ ਰੱਖੜੀ ਵਾਲੇ ਦਿਨ ਪੰਜਾਬ ‘ਚ ਬੱਸਾਂ ਵਾਂਗ ਹੀ ਚੱਲਣ ਬਾਰੇ ਸਹਿਮਤੀ ਦਿੱਤੀ ਹੈ, ਪਰ ਬਾਕੀ ਸੂਬਿਆਂ ਵਿੱਚ ਬੱਸਾਂ ਚੱਲਣ ‘ਤੇ ਰੋਕ ਹੋ ਸਕਦੀ ਹੈ ਜਾਂ ਨਹੀਂ ਇਸ ਬਾਰੇ ਕੁੱਝ ਨਹੀਂ ਕਿਹਾ ਜਾ ਸਕਦਾ।
ਇਸ ਦੇ ਨਾਲ ਹੀ ਕੈਪਟਨ ਨੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਸੂਬੇ ਦੇ ਹਰੇਕ ਪਿੰਡ ਵਿੱਚ 400 ਬੂਟੇ ਲਾਉਣ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਹਾਲੇ ਤੱਕ ਇਨ੍ਹਾਂ ਯੋਜਨਾਵਾਂ ਨੂੰ ਕੋਰੋਨਾ ਸੰਕਟ ਕਰਕੇ ਅੰਤਿਮ ਰੂਪ ਨਹੀਂ ਦਿੱਤਾ ਗਿਆ , ਪਰ ਸੂਬਾ ਸਰਕਾਰ ਇਨ੍ਹਾਂ ਨੂੰ ਢੁੱਕਵੇਂ ਰੂਪ ਵਿੱਚ ਮਨਾਉਣ ਲਈ ਵਿਸ਼ੇਸ਼ ਸਮਾਗਮ ਤੇ ਪ੍ਰੋਗਰਾਮ ਕਰਵਾਉਣ ਦੀ ਚਾਹਵਾਨ ਹੈ।