ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਵਿੱਚ ਕੱਚੇ ਮੁਲਾਜ਼ਮਾਂ ਵੱਲੋਂ ਲਗਾਤਾਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ । ਇਸੇ ਹੀ ਲੜੀ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੱਚੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਪੂਰੇ ਪੰਜਾਬ ‘ਚ ਪਾਣੀ ਦੀਆਂ ਟੈਂਕੀਆਂ ਉਪਰ ਚੜ੍ਹ ਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿਤਾ ਗਿਆ ਹੈ।
ਇਸੇ ਹੀ ਲੜੀ ਵਿੱਚ ਬਟਾਲਾ ਦੇ ਵਿੱਚ ਅੰਮ੍ਰਿਤਸਰ-ਪਠਾਨਕੋਟ ਹਾਈਵੇਅ ਨੇੜੇ ਭੁੱਲਰ ਪਿੰਡ ਨਜ਼ਦੀਕ ਕੱਚੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪਾਣੀ ਵਾਲੀ ਟੈਂਕੀ ‘ਤੇ ਚੜ੍ਹ ਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ।
ਆਪਣੇ ਵਿਰੋਧ ਪ੍ਰਦਰਸ਼ਨ ਦੇ ਬਾਰੇ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਆਗੂ ਮਨਜੀਤ ਸਿੰਘ ਖੱਖ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਚੋਣਾਂ ਤੋਂ ਪਹਿਲਾਂ ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ, ਪਰ ਚੋਣਾਂ ਜਿੱਤਣ ਤੋਂ ਬਾਅਦ ਹੁਣ ਤੱਕ ਨਵੀਂ ਸਰਕਾਰ ਸਿਰਫ ਲਾਰੇ ਹੀ ਲਗਾ ਰਹੀ ਹੈ।
ਉਨ੍ਹਾਂ ਨੇ ਕਿਹਾ ਕਿ ਕਈ ਵਾਰ ਮੀਟਿੰਗਾਂ ਦਾ ਲਾਰਾ ਲਗਾ ਕੇ ਵੀ ਸਰਕਾਰ ਨੇ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੱਚੇ ਕਾਮਿਆਂ ਨੂੰ ਪੱਕਾ ਕਰਨ ਦਾ ਆਪਣਾ ਵਾਅਦਾ ਪੂਰਾ ਨਹੀਂ ਕੀਤਾ ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਾਡੀ ਯੂਨੀਅਨ ਨਾਲ ਇੱਕ ਵੀ ਮੀਟਿੰਗ ਨਹੀਂ ਕੀਤੀ ਗਈ, ਪੱਕਾ ਕਰਨਾ ਤਾਂ ਦੂਰ ਦੀ ਗੱਲ ਹੈ।