India

ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ SC ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕੀਤੀ ਮੁਲਤਵੀ, ਮਾਮਲਾ ਪੁਰਾਣੀ ਬੈਂਚ ਨੂੰ ਭੇਜਿਆ

ਦਿੱਲੀ : ਸੁਪਰੀਮ ਕੋਰਟ ਨੇ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਵੱਲੋਂ 3 ਅਕਤੂਬਰ 2021 ‘ਚ ਕਿਸਾਨਾਂ ਦੀ ਹੱਤਿਆ ਕੀਤੇ ਜਾਣ ਨਾਲ ਸਬੰਧਤ ਮਾਮਲੇ ‘ਚ ਦਾਇਰ ਪਟੀਸ਼ਨ ‘ਤੇ ਸੁਣਵਾਈ ਮੁਲਤਵੀ ਕਰ ਦਿੱਤੀ ਹੈ । ਜਸਟਿਸ ਬੀ.ਆਰ.ਗਵਈ ਅਤੇ ਜਸਟਿਸ ਬੀਵੀ ਨਾਗਰਥਨਾ ਦੇ ਬੈਂਚ ਨੇ ਪਟੀਸ਼ਨਕਰਤਾ ਦੀ ਜ਼ਮਾਨਤ ਅਰਜ਼ੀ ‘ਤੇ ਕੁਝ ਸਮਾਂ ਸੁਣਵਾਈ ਕੀਤੀ ਤੇ ਇਹ ਕਹਿੰਦੀਆਂ ਹੋਇਆਂ ਸੁਣਵਾਈ ਨੂੰ ਮੁਲਤਵੀ ਕਰ ਦਿੱਤਾ ਕਿ ਇਸ ਮਾਮਲੇ ਦੀ ਸੁਣਵਾਈ ਉਸ ਬੈਂਚ ਵੱਲੋਂ ਕੀਤੀ ਜਾਣੀ ਹੈ, ਜਿਸ ਦੇ ਜਸਟਿਸ ਸੂਰਿਆ ਕਾਂਤ ਮੈਂਬਰ ਹਨ। ਕਿਉਂਕਿ ਉਹ ਉਸ ਬੈਂਚ ਦਾ ਹਿੱਸਾ ਸਨ,ਜਿਸ ਨੇ ਪਹਿਲਾਂ ਮਿਸ਼ਰਾ ਦੀ ਜ਼ਮਾਨਤ ‘ਤੇ ਵਿਚਾਰ ਕੀਤਾ ਸੀ।

ਇਸ ਸੁਣਵਾਈ ਵੇਲੇ ਅਸ਼ੀਸ਼ ਮਿਸ਼ਰਾ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਰਣਜੀਤ ਕੁਮਾਰ ਨੇ ਕਿਹਾ ਕਿ ਮਿਸ਼ਰਾ 11 ਮਹੀਨਿਆਂ ਤੋਂ ਵੱਧ ਸਮੇਂ ਤੋਂ ਹਿਰਾਸਤ ਵਿੱਚ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਜਨਵਰੀ 2022 ਵਿੱਚ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਕੁਮਾਰ ਨੇ ਦਲੀਲ ਦਿੱਤੀ ਕਿ ਆਸ਼ੀਸ਼ ਮਿਸ਼ਰਾ ਅਪਰਾਧ ਵਾਲੀ ਥਾਂ ‘ਤੇ ਨਹੀਂ ਸੀ ਅਤੇ ਸੀਸੀਟੀਵੀ ਰਿਕਾਰਡ ਹਨ, ਜੋ ਦਰਸਾਉਂਦੇ ਹਨ ਕਿ ਉਹ 4 ਕਿਲੋਮੀਟਰ ਦੀ ਦੂਰੀ ‘ਤੇ ਹਾਜ਼ਰ ਸਨ, ਜਿੱਥੇ ਕੁਸ਼ਤੀ ਦੇ ਮੈਚ ਚੱਲ ਰਹੇ ਸੀ। ਉਨ੍ਹਾਂ ਅੱਗੇ ਦਲੀਲ ਦਿੱਤੀ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਕਿਸਾਨਾਂ ਨੇ ਵਾਹਨਾਂ ਦੇ ਕਾਫਲੇ ‘ਤੇ ਹਮਲਾ ਕੀਤਾ। ਇਹ ਮੌਤ ਉਸ ਸਮੇਂ ਹੋਈ ਜਦੋਂ ਡਰਾਈਵਰ ਦੇ ਕੰਟਰੋਲ ਗੁਆਉਣ ਤੋਂ ਬਾਅਦ ਗੱਡੀ ਪ੍ਰਦਰਸ਼ਨਕਾਰੀਆਂ ‘ਤੇ ਜਾ ਚੜ੍ਹੀ ਸੀ।

ਸੀਨੀਅਰ ਐਡਵੋਕੇਟ ਰਣਜੀਤ ਕੁਮਾਰ ਨੇ ਕਿਹਾ, “ਕਿਸਾਨਾਂ ਨੇ ਗੱਡੀ ਦੇਖ ਕੇ ਲੋਕਾਂ ਨੂੰ ਕਾਰ ‘ਚੋਂ ਬਾਹਰ ਕੱਢਿਆ ਅਤੇ ਡਰਾਈਵਰ ਨੂੰ ਮਾਰ ਦਿੱਤਾ ਅਤੇ ਕੰਟਰੋਲ ਗੁਆ ਦਿੱਤਾ ਅਤੇ ਲੋਕ ਕੁਚਲੇ ਗਏ। ਪੋਸਟਮਾਰਟਮ ਵਿੱਚ ਵੀ ਗੋਲੀਬਾਰੀ ਸਾਬਤ ਨਹੀਂ ਹੋਈ ਹੈ।”

ਹਾਲਾਂਕਿ ਇਸ ਮਾਮਲੇ ‘ਤੇ ਕੁਝ ਸਮਾਂ ਸੁਣਵਾਈ ਕਰਨ ਤੋਂ ਬਾਅਦ ਬੈਂਚ ਨੇ ਰਾਏ ਜ਼ਾਹਰ ਕੀਤੀ ਕਿ ਇਸ ਮਾਮਲੇ ਦੀ ਸੁਣਵਾਈ ਉਸ ਬੈਂਚ ਵੱਲੋਂ ਕੀਤੀ ਜਾਣੀ ਚਾਹੀਦੀ ਹੈ, ਜਿਸ ਦੇ ਜਸਟਿਸ ਸੂਰਿਆ ਕਾਂਤ ਮੈਂਬਰ ਹਨ। ਕੁਮਾਰ ਨੇ ਜਵਾਬ ਦਿੱਤਾ ਕਿ ਮੌਜੂਦਾ ਮਾਮਲੇ ਵਿੱਚ ਨੋਟਿਸ ਜਸਟਿਸ ਇੰਦਰਾ ਬੈਨਰਜੀ ਅਤੇ ਜਸਟਿਸ ਐਮਐਮ ਸੁੰਦਰੇਸ਼ ਦੀ ਬੈਂਚ ਦੁਆਰਾ ਜਾਰੀ ਕੀਤਾ ਗਿਆ ਸੀ।

ਇਸ ਤੋਂ ਪਹਿਲਾਂ ਅਸ਼ੀਸ਼ ਮਿਸ਼ਰਾ ਨੂੰ ਇਲਾਹਾਬਾਦ ਹਾਈ ਕੋਰਟ ਨੇ 10 ਫਰਵਰੀ ਨੂੰ ਜ਼ਮਾਨਤ ਦੇ ਦਿੱਤੀ ਸੀ, ਪਰ ਅਪ੍ਰੈਲ 2022 ਵਿੱਚ, ਸੁਪਰੀਮ ਕੋਰਟ ਨੇ ਇਸ ਨੂੰ ਰੱਦ ਕਰ ਦਿੱਤਾ ਸੀ। ਇਸ ਤੋਂ ਬਾਅਦ ਜ਼ਮਾਨਤ ਦੀ ਅਰਜ਼ੀ ਹਾਈ ਕੋਰਟ ਨੂੰ ਭੇਜ ਦਿੱਤੀ ਗਈ। ਸੁਪਰੀਮ ਕੋਰਟ ਦਾ ਇਹ ਹੁਕਮ ਇਸ ਘਟਨਾ ‘ਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਦੀ ਅਪੀਲ ‘ਤੇ ਆਇਆ ਸੀ।

ਪਿਛਲੇ ਸਾਲ 3 ਅਕਤੂਬਰ ਨੂੰ ਲਖੀਮਪੁਰ ਖੇੜੀ ਜ਼ਿਲ੍ਹੇ ਦੇ ਤਿਕੁਨੀਆ ਥਾਣਾ ਖੇਤਰ ਵਿੱਚ ਹਿੰਸਾ ਦੌਰਾਨ ਅੱਠ ਲੋਕਾਂ ਦੀ ਮੌਤ ਹੋ ਗਈ ਸੀ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਕਿਸਾਨ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਖੇਤਰ ਦੇ ਦੌਰੇ ਦਾ ਵਿਰੋਧ ਕਰ ਰਹੇ ਸਨ। ਇਸ ਦੌਰਾਨ  4 ਕਿਸਾਨਾਂ ਨੂੰ ਇੱਕ ਗੱਡੀ ਨੇ ਕੁਚਲ ਦਿੱਤਾ ਸੀ,ਜਿਸ ਵਿੱਚ ਆਸ਼ੀਸ਼ ਮਿਸ਼ਰਾ ਸਵਾਰ ਸੀ। ਇਸ ਘਟਨਾ ਤੋਂ ਬਾਅਦ ਗੁੱਸੇ ‘ਚ ਆਏ ਕਿਸਾਨਾਂ ਨੇ ਡਰਾਈਵਰ ਅਤੇ ਦੋ ਭਾਜਪਾ ਵਰਕਰਾਂ ਦੀ ਕਥਿਤ ਤੌਰ ‘ਤੇ ਕੁੱਟਮਾਰ ਕੀਤੀ। ਇਸ ਹਿੰਸਾ ਵਿੱਚ ਇੱਕ ਪੱਤਰਕਾਰ ਦੀ ਵੀ ਮੌਤ ਹੋ ਗਈ ਸੀ।