Punjab

ਜੇਲ੍ਹ ‘ਚ ਕੈਦੀਆਂ ਨੂੰ ਨਸ਼ਾ ਸਪਲਾਈ ਕਰਨ ਦੇ ਦੋਸ਼ ਹੇਠ DSP ਗ੍ਰਿਫ਼ਤਾਰ

DSP arrested on charges of supplying drugs to prisoners in jail

ਫ਼ਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿੱਚ ਕੈਦੀਆਂ ਤੇ ਹਵਾਲਾਤੀਆਂ ਨੂੰ ਨਸ਼ਾ ਤੇ ਮੋਬਾਈਲ ਫ਼ੋਨ ਸਪਲਾਈ ਕਰਨ ਦੇ ਦੋਸ਼ ਹੇਠ ਪੁਲੀਸ ਨੇ ਡਿਪਟੀ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀਐੱਸਪੀ ਧਾਲੀਵਾਲ ਖ਼ਿਲਾਫ਼ ਥਾਣਾ ਸਿਟੀ ਵਿੱਚ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਨੂੰ ਇਸ ਡੀਐੱਸਪੀ ਦੇ ਪਾਕਿਸਤਾਨ ਵਿਚ ਬੈਠੇ ਨਸ਼ਾ ਤਸਕਰਾਂ ਨਾਲ ਸਬੰਧ ਹੋਣ ਦਾ ਸ਼ੱਕ ਵੀ ਹੈ।

ਥਾਣਾ ਸਿਟੀ ਦੇ ਮੁਖੀ ਇੰਸਪੈਕਟਰ ਮੋਹਿਤ ਧਵਨ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇੱਥੋਂ ਦੀ ਕੇਂਦਰੀ ਜੇਲ੍ਹ ਅੰਦਰ ਤਾਇਨਾਤ ਡਿਪਟੀ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ ਆਪਣੇ ਜੇਲ੍ਹ ਸਟਾਫ਼ ਨਾਲ ਮਿਲ ਕੇ ਕੈਦੀਆਂ ਤੇ ਹਵਾਲਾਤੀਆਂ ਨੂੰ ਵੱਡੇ ਪੱਧਰ ’ਤੇ ਨਸ਼ਾ ਅਤੇ ਮੋਬਾਈਲ ਫ਼ੋਨ ਮੁਹੱਈਆ ਕਰਵਾਉਂਦਾ ਹੈ। ਇਹ ਡੀਐੱਸਪੀ ਬਾਹਰੋਂ ਨਸ਼ਾ ਤਸਕਰਾਂ ਤੋਂ ਨਸ਼ਾ ਲੈ ਕੇ ਖ਼ੁਦ ਜੇਲ੍ਹ ਅੰਦਰ ਸਪਲਾਈ ਕਰਦਾ ਹੈ।

ਮੁਖ਼ਬਰ ਨੇ ਪੁਲੀਸ ਨੂੰ ਦੋ ਮੋਬਾਈਲ ਨੰਬਰ ਵੀ ਦੱਸੇ ਜੋ ਕੱਲ੍ਹ ਜੇਲ੍ਹ ਅੰਦਰ ਐਕਟਿਵ ਸਨ। ਪੁਲੀਸ ਮੁਤਾਬਕ ਮੁਖ਼ਬਰ ਨੇ ਦੱਸਿਆ ਕਿ ਇਹ ਜੇਲ੍ਹ ਅਧਿਕਾਰੀ ਅਤਿਵਾਦੀਆਂ ਅਤੇ ਨਸ਼ਾ ਤਸਕਰਾਂ ਨਾਲ ਮਿਲ ਕੇ ਡਰੋਨ ਰਾਹੀਂ ਜੇਲ੍ਹ ਅੰਦਰ ਨਸ਼ਾ, ਮੋਬਾਈਲ ਫੋਨ ਤੇ ਹੋਰ ਚੀਜ਼ਾਂ ਭੇਜਣ ਦੀ ਯੋਜਨਾ ਬਣਾ ਰਿਹਾ ਸੀ।

ਇਹ ਵੀ ਪਤਾ ਲੱਗਾ ਹੈ ਕਿ ਡੀਐੱਸਪੀ ਧਾਲੀਵਾਲ ਨੇ ਕੁਝ ਦਿਨ ਪਹਿਲਾਂ ਮੋਟੀ ਰਕਮ ਲੈ ਕੇ ਪੰਜ ਮੋਬਾਈਲ ਫੋਨ ਇਸ ਜੇਲ੍ਹ ਅੰਦਰ ਬੰਦ ਗੈਂਗਸਟਰਾਂ ਅਤੇ ਅਤਿਵਾਦੀਆਂ ਨੂੰ ਮੁਹੱਈਆ ਕਰਵਾਏ ਸਨ। ਪੁਲੀਸ ਵੱਲੋਂ ਹਾਲਾਂਕਿ ਅਜੇ ਤੱਕ ਸਿੱਧੇ ਤੌਰ ’ਤੇ ਇਸ ਡਿਪਟੀ ਸੁਪਰਡੈਂਟ ਕੋਲੋਂ ਕੋਈ ਇਤਰਾਜ਼ਯੋਗ ਸਮੱਗਰੀ ਬਰਾਮਦ ਹੋਣ ਦਾ ਖ਼ੁਲਾਸਾ ਨਹੀਂ ਕੀਤਾ ਹੈ। ਫ਼ਿਲਹਾਲ ਜਾਣਕਾਰੀ ਦੇ ਅਧਾਰ ’ਤੇ ਪੁਲੀਸ ਨੇ ਇਸ ਜੇਲ੍ਹ ਅਧਿਕਾਰੀ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਹੈ। ਇੰਸਪੈਕਟਰ ਮੋਹਿਤ ਧਵਨ ਨੇ ਦੱਸਿਆ ਕਿ ਡੀਐੱਸਪੀ ਧਾਲੀਵਾਲ ਤੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ।