ਸੰਯੁਕਤ ਕਿਸਾਨ ਮੋਰਚਾ ( ਗੈਰ ਰਾਜਨੀਤਿਕ )ਦੇ ਸੱਦੇ ਤੇ 16 ਨਵੰਬਰ 2022 ਨੂੰ ਪੰਜਾਬ ਭਰ ਵਿੱਚ ਚੱਕਾ ਜਾਮ ਕੀਤਾ ਗਿਆ ਹੈ । ਮੋਰਚੇ ਵਲੋਂ ਇਹ ਵੀ ਐਲਾਨ ਕੀਤਾ ਗਿਆ ਹੈ, ਇਹ ਵੀ ਕਿਹਾ ਹੈ ਕਿ ਜੇਕਰ ਸਰਕਾਰ ਵੱਲੋਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਹੋਰ ਵੀ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਇਹਨਾਂ ਮੰਗਾਂ ਵਿੱਚ ਗੁਲਾਬੀ ਸੁੰਡੀ ਤੇ ਤੇਲੇ ਦੇ ਹਮਲੇ ਨਾਲ ਖਰਾਬ ਹੋਈ ਫਸਲ ਦਾ ਮੁਆਵਜ਼ਾ,ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿੱਚੋਂ ਰੈਡ ਐਂਟਰੀਆਂ ਬੰਦ ਕਰਨ ਦੀ ਮੰਗ,ਲੰਪੀ ਸਕੀਨ ਨਾਲ ਹੋਏ ਨੁਕਸਾਨ ਦੀ ਪੁਰਤੀ, ਬੇਮੌਸਮੀ ਬਰਸਾਤ ਨਾਲ ਹੋਏ ਨੁਕਸਾਨ ਦੀ ਪੁਰਤੀ ਸ਼ਾਮਲ ਹਨ।
ਇਸ ਤੋਂ ਇਲਾਵਾ ਦਿੱਲੀ ਮੋਰਚੇ ਦੌਰਾਨ ਕੇਂਦਰ ਸਰਕਾਰ ਵੱਲੋਂ ਮੰਨੀਆਂ ਗਈਆਂ ਮੰਗਾਂ ਨੂੰ ਪੂਰਾ ਨਾ ਕੀਤੇ ਜਾਣ ਕਾਰਨ ਵੀ ਕਿਸਾਨਾਂ ਨੇ ਇਹ ਕਦਮ ਚੁੱਕਣ ਦਾ ਫੈਸਲਾ ਕੀਤਾ ਹੈ। ਕਿਸਾਨਾਂ ਨੇ ਪੰਜਾਬ ਦੇ ਲੋਕਾਂ ਨੂੰ ਵੀ ਇਸ ਧਰਨੇ ਵਿੱਚ ਸ਼ਾਮਲ ਹੋਣ ਅਤੇ ਉਨ੍ਹਾਂ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਹੈ। ਪੰਜਾਬ ਦੀ ਮਾਲਵਾ ਪੱਟੀ ਵਿੱਚ ਪੈਂਦੇ ਇਲਾਕਿਆਂ ਦੇ ਕਿਸਾਨਾਂ ਨੇ ਵੀ ਇਸ ਚੱਕਾ ਜਾਮ ਵਿੱਚ ਵੱਧ ਚੱੜ ਕੇ ਹਿੱਸਾ ਲਿਆ ਹੈ।
ਇਸ ਮੌਕੇ ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਸਰਕਾਰ ਨੇ ਸਾਡੀਆਂ ਸਾਰੀਆਂ ਮੰਗਾਂ ਮੰਨ ਲਈਆਂ ਸੀ ਤੇ ਸਮਾਂ ਲਿਆ ਸੀ ਕਿ ਹੋਲੀ ਹੋਲੀ ਸਾਰੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ ਪਰ ਕੋਈ ਵੀ ਮੰਗ ਪੂਰੀ ਨਹੀਂ ਹੋਈ ਹੈ।ਜਿਸ ਕਾਰਨ ਅੱਜ ਇਹ ਚੱਕਾ ਜਾਮ ਕੀਤਾ ਜਾ ਰਿਹਾ ਹੈ।
ਇਸ ਦੌਰਾਨ ਮੁੱਖ ਥਾਵਾਂ ਜਿੱਥੇ ਚੱਕਾ ਜਾਮ ਲਗਾਇਆ ਗਿਆ ਹੈ,ਉਥੇ ਉਹ ਹਨ ਰਾਜਪੁਰਾ-ਪਟਿਆਲਾ ਰੋਡ ‘ਤੇ ਧਰੇੜੀ ਜੱਟਾਂ, ਫਰੀਦਕੋਟ ਟਹਿਣਾ ਟੀ-ਪੁਆਇੰਟ, ਸ੍ਰੀ ਅੰਮ੍ਰਿਤਸਰ ਸਾਹਿਬ ਭੰਡਾਰੀ ਪੁਲ, ਤਿੰਨ ਕੌਨੀਆਂ ਪੁਲ, ਮਾਨਸਾ, ਮੁਕੇਰੀਆਂ ਅਤੇ ਤਲਵੰਡੀ ਸਾਬੋ ਤੇ ਹੋਰ ਵੀ ਕਈ ਜਗਾਵਾਂ ਸ਼ਾਮਲ ਹਨ।
ਪ੍ਰਦਰਸ਼ਨਕਾਰੀਆਂ ਵੱਲੋਂ ਚੱਕਾ ਜਾਮ ਕਰਨ ਦੀ ਸੂਚਨਾ ਮਿਲਣ ’ਤੇ ਪੁਲੀਸ ਨੇ ਥਾਂ-ਥਾਂ ਸੁਰੱਖਿਆ ਦੇ ਪ੍ਰਬੰਧ ਮਜ਼ਬੂਤ ਕੀਤੇ ਹਨ।