Punjab

ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ , ਸਾਈਨ ਬੋਰਡਾਂ ‘ਤੇ ਲਿਖੀ ਜਾਏ ਮਾਂ ਬੋਲੀ ਪੰਜਾਬੀ

Chief Minister Mann's big statement mother tongue Punjabi should be written on the signboards

ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ( cm Bhagwant Mann )ਅੱਜ  ਪੰਜਾਬੀ ਭਾਸ਼ਾ ਵਿਭਾਗ ਵੱਲੋਂ ਕਰਵਾਏ ਜਾ ਰਹੇ  ਸੂਬਾ ਪੱਧਰੀ ਸਮਾਗਮ ‘ਪੰਜਾਬੀ ਮਾਹ’ ‘ਚ ਸ਼ਾਮਲ ਹੋਣ ਲਈ  ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਪਹੁੰਚੇ ਹਨ ।  ਸੀਐੱਮ ਮਾਨ ਨੇ ਕਿਹਾ ਕਿ ਅੱਜ ਦੁਨੀਆ ਦੇ ਹਰ ਕੋਨੇ ਵਿਚ ਪੰਜਾਬੀ ਬੋਲਣ ਵਾਲੇ ਲੋਕ ਹਨ।

ਇਸੇ ਦੌਰਾਨ ਮੁੱਖ ਮੰਤਰੀ ਮਾਨ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪਿਛਲੇ ਕੁਝ ਦਹਾਕਿਆਂ ਤੋਂ ਪੰਜਾਬ ਦੇ ਨੌਜਵਾਨ ਆਪਣੀ ਮਾਂ ਬੋਲੀ ਪੰਜਾਬ ਬੋਲਣ ਤੋਂ ਸ਼ਰਮਾਉਂਦੇ ਹਨ। ਉਨ੍ਹਾਂ ਨੇ ਕਿਹਾ ਕਿ ਜੋ ਅੰਗਰੇਜ਼ ਸਾਡੇ ‘ਤੇ ਰਾਜ ਕਰਕੇ ਚਲੇ ਗਏ ਹਨ ਪਰ ਸ਼ਾਇਦ ਅੱਜ ਵੀ ਉਸਦੀ ਜ਼ਹਿਨੀ ਗੁਲਾਮੀ ਸਾਡੇ ਮਨਾਂ ਦੇ ਵਿੱਚ ਕਿਉਂਕਿ ਅਸੀ ਅੱਜ ਵੀ ਇੰਗਲਿਸ਼ ਨੂੰ ਮਾਂ ਬੋਲੀ ਪੰਜਾਬ ਨਾਲੋਂ ਵੱਡੀ ਸਮਝਦੇ ਹਾਂ।

ਮਾਨ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਡੀ ਧਰਤੀ ਨੂੰ ਗੁਰੂਆਂ ਦਾ ਆਸ਼ੀਰਵਾਦ ਮਿਲਿਆ ਹੋਇਆ ਹੈ । ਉਨ੍ਹਾਂ ਨੇ ਕਿਹਾ ਕਿ ਇਸ ਮਾਂ ਬੋਲੀ ਦੀ ਸ਼ਾਨ ਕਰਕੇ ਸਾਡੇ ਸ਼ਹੀਦਾਂ ਨੇ ਆਪਣੀਆਂ ਜਾਨਾਂ ਕਰਬਾਨ ਕੀਤੀਆਂ ਹਨ ਪਰ ਅੱਜ ਅਸੀ ਇਸੇ ਮਾਂ ਬੋਲੀ ਪੰਜਾਬੀ ਨੂੰ ਬੋਲਣ ਲੱਗੇ ਸ਼ਰਮਾਉਂਦੇ ਹਾਂ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਮਾਂ ਬੋਲੀ ਨੂੰ ਉਚਾ ਚੁੱਕਣ ਲਈ ਸਾਨੂੰ ਸਭ ਨੂੰ ਇਕੱਠੇ ਹੋ ਕੇ ਹੰਭਲਾ ਮਾਰਨਾ ਪਵੇਗਾ, ਉਹ ਇਕੱਲੇ ਕੁੱਝ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਮੈਂ ਕਿਸੇ ਨੂੰ ਸਖਤੀ ਕਰਕੇ ਪੰਜਾਬੀ ਮਾਂ ਬੋਲੀ ਦੀ ਸ਼ਾਨ ਬਹਾਲ ਨਹੀਂ ਕਰਵਾ ਸਕਦਾ, ਇਹ ਸਾਡਾ ਸਭ ਦਾ ਮੁੱਢਲਾ ਫਰਜ਼ ਹੈ ਕਿ ਅਸੀਂ ਆਪਣੀ ਮਾਂ ਬੋਲੀ ਨੂੰ ਸਨਮਾਨ ਦੇਈਏ।

ਮਾਨ ਨੇ ਪੰਜਾਬੀ ਮਾਂ ਬੋਲੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅੱਜ ਸਾਡੀ ਮਾਂ ਬੋਲੀ ਪੰਜਾਬੀ ਇੱਕਲੇ ਪੰਜਾਬ ਵਿੱਚ ਹੀ ਨਹੀਂ ਸਗੋਂ ਦੁਨੀਆਂ ਦੇ ਹਰ ਇੱਕ ਦੇਸ਼ ਵਿੱਚ ਬੋਲੀ ਜਾਂਦੀ ਹੈ। ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਿਆਪਕ ਮੁਹਿੰਮ ਵਿੱਢੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸਾਡਾ ਪੰਜਾਬੀ ਸਭਿਆਚਾਰ ਬਹੁਤ ਹੀ ਡੂੰਘਾ ਅਤੇ ਵੱਡਾ ਹੈ, ਜਿਸ ਨੂੰ ਥੋੜ੍ਹਾ ਸਮਝਣ ਅਤੇ ਸੰਭਾਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਮਾਂ ਬੋਲੀ ਲਈ ਪੰਜਾਬ ਸਰਕਾਰ ਕੋਈ ਘਾਟ ਨਹੀਂ ਆਉਣ ਦੇਵੇਗੀ, ਕਿਉਂਕਿ ਜੇਕਰ ਅਸੀਂ ਪੰਜਾਬੀ ਮਾਂ ਬੋਲੀ ਲਈ ਫੰਡ ਨਹੀਂ ਦੇ ਸਕਦੇ ਤਾਂ ਫਿਰ ਅਜਿਹੀ ਰਾਜਨੀਤੀ ਦੀ ਕੋਈ ਤੁਕ ਨਹੀਂ ਰਹਿ ਜਾਂਦੀ।

ਪੰਜਾਬੀ ਮਾਂ ਬੋਲੀ ਦੀ ਮਹੱਤਤਾ ਬਾਰੇ ਮੁੱਖ ਮੰਤਰੀ ਨੇ ਚਾਨਣਾ ਪਾਉਂਦਿਆਂ ਕਿਹਾ ਕਿ ਪੰਜਾਬੀ ਮਾਂ ਬੋਲੀ ਦੀ ਇੱਕ ਆਪਣੀ ਹੀ ਵੱਖਰੀ ਪਛਾਣ ਹੈ। ਉਨ੍ਹਾਂ ਕਿਹਾ ਕਿ ਕਈ ਅਜਿਹੇ ਦੇਸ਼ ਵੀ ਹਨ, ਜਿਨ੍ਹਾਂ ਦੇ ਲੋਕਾਂ ਨੂੰ ਅੰਗਰੇਜ਼ੀ ਆਉਂਦੀ ਹੈ ਅਤੇ ਪੂਰੀ ਤਰ੍ਹਾਂ ਤਰ੍ਹਾਂ ਜਾਣਦੇ ਹਨ, ਪਰੰਤੂ ਉਹ ਆਪਣੀ ਮਾਂ ਬੋਲੀ ਨੂੰ ਤਰਜੀਹ ਦਿੰਦੇ ਹਨ। ਜਦਕਿ ਅਸੀਂ ਪੰਜਾਬੀ ਬੋਲਣ ਤੋਂ ਕਈ ਵਾਰ ਝਿਜਕਦੇ ਹਾਂ। ਇਸ ਲਈ ਸਾਨੂੰ ਖੁਦ ਵੀ ਪੰਜਾਬੀ ਨੂੰ ਖੁੱਲ ਕੇ ਅਪਨਾਉਣਾ ਚਾਹੀਦਾ ਹੈ।

ਮੁੱਖ ਮੰਤਰੀ ਮਾਨ ਨੇ ਲੋਕਾਂ ਨੂੰ ਪੰਜਾਬੀ ਬੋਲਣ ਦੀ ਵੀ ਅਪੀਲ ਕੀਤੀ ਤੇ ਕਿਹਾ ਕਿ ਸਾਈਨ ਬੋਰਡ ਪੰਜਾਬੀ ਵਿਚ ਲਿਖੇ ਜਾਣੇ ਚਾਹੀਦੇ ਹਨ। ਸਾਰੀਆਂ ਸੰਸਥਾਵਾਂ ਵੱਲੋਂ ਪੰਜਾਬੀ ਭਾਸ਼ਾ ਨੂੰ ਮਹੱਤਤਾ ਦਿੱਤੀ ਜਾਣੀ ਚਾਹੀਦੀ ਹੈ। 21 ਫਰਵਰੀ ਕੌਮਾਂਤਰੀ ਭਾਸ਼ਾ ਦਿਵਸ ਤੱਕ ਲਿਖੀ ਜਾਵੇ ਪੰਜਾਬੀ, ਉਸਦੇ ਬਾਅਦ ਸਾਰੀਆਂ ਭਾਸ਼ਾਵਾਂ ਲਿਖੀਆਂ ਜਾਣ। ਇਸ ਦੌਰਾਨ ਉਨ੍ਹਾਂ ਨਾਲ ਪਤਨੀ ਗੁਰਪ੍ਰੀਤ ਕੌਰ ਵੀ ਮੌਜੂਦ ਸਨ