Punjab

ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਡੱਲੇਵਾਲ ਨੂੰ ਮਨਾਉਣ ਪਹੁੰਚੇ ਸਪੀਕਰ ਸੰਧਵਾਂ

 ਫਰੀਦਕੋਟ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੇਰ ਰਾਤ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਹੈ। ਕਿਸਾਨ ਆਗੂ ਡੱਲੇਵਾਲ ਇਸ ਵੇਲੇ ਕਿਸਾਨੀ ਮੰਗਾਂ ਨੂੰ ਲਾਗੂ ਕਰਨੇ ਦੀ ਮੰਗ ਨੂੰ ਲੈ ਕੇ ਫਰੀਦਕੋਟ ‘ਚ ਧਰਨੇ ਤੇ ਬੈਠੇ ਹੋਏ ਹਨ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਡੱਲੇਵਾਲ ਦੀ ਸਿਹਤ ਦਾ ਹਾਲ ਜਾਣਿਆ ਤੇ ਡੱਲੇਵਾਲ ਨੂੰ ਧਰਨਾ ਖਤਮ ਕਰਨ ਦੀ ਅਪੀਲ ਕੀਤੀ। ਉਹਨਾਂ ਇਹ ਵੀ ਕਿਹਾ ਕਿ ਇਸ ਸਬੰਧ ਵਿੱਚ ਜਲਦ ਕਿਸੇ ਨਤੀਜੇ ਤੇ ਪਹੁੰਚਿਆ ਜਾਵੇਗਾ।

ਇਸ ਤੋਂ ਪਹਿਲਾਂ ਫਰੀਦਕੋਟ ਦੇ ਐਸਐਸ ਪੀ ਵੀ ਕਿਸਾਨ ਆਗੂ ਨੂੰ ਮਨਾਉਣ ਲਈ ਉਹਨਾਂ ਨਾਲ ਮੁਲਾਕਾਤ ਕਰ ਚੁੱਕੇ ਹਨ ਤੇ ਮਰਮ ਵਰਤ ਖੋਲਣ ਦੀ ਅਪੀਲ ਕਰ ਚੁੱਕੇ ਹਨ ਪਰ ਡੱਲੇਵਾਲ ਦਾ ਮਰਨ ਵਰਤ ਅੱਜ 5 ਵੇਂ ਦਿਨ ਵੀ ਜਾਰੀ ਹੈ ਤੇ ਉਹਨਾਂ ਨੇ ਸਰਕਾਰ ਤੋਂ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਨ ਦੀ ਮੰਗ ਰੱਖੀ ਹੋਈ ਹੈ।

ਪੰਜਾਬ ਦੇ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲਾ ਦੀ ਸਿਹਤ ਵਿਗੜ ਗਈ ਸੀ। ਡਾਕਟਰਾਂ ਨੇ ਉਨ੍ਹਾਂ ਦੀ ਜਾਂਚ ਕਰ ਕੇ ਦੱਸਿਆ ਸੀ ਕਿ ਉਨ੍ਹਾਂ ਦੇ ਸ਼ਰੀਰ ਵਿੱਚ ਸ਼ੂਗਰ ਲੈਵਲ ਘੱਟ ਗਿਆ ਸੀ। ਸ਼ੂਗਰ ਲੈਵਲ ਘਟਣ ਦੇ ਨਾਲ ਉਨ੍ਹਾਂ ਨੂੰ ਅਟੈਕ ਆਉਣ ਦਾ ਖਤਰਾ ਬਣਿਆ ਹੋਇਆ ਹੈ। ਇਸ ਦੇ ਲਈ ਡਾਕਟਰਾਂ ਦੇ ਵੱਲੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ ਦੇ ਵਿੱਚ ਦਾਖ਼ਲ ਕਰਵਾਉਣ ਦੀ ਸਲਾਹ ਦਿੱਤੀ ਗਈ ਸੀ,ਜਿਸ ਨੂੰ ਮੰਨਣ ਲਈ ਡੱਲੇਵਾਲ ਨੇ ਮਨ੍ਹਾ ਕੀਤਾ ਹੋਇਆ ਹੈ।

ਤੁਹਾਨੂੰ ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਸਰਕਾਰ ਵੱਲੋਂ ਕਈ ਮਹੀਨਿਆਂ ਬਾਅਦ ਮੀਟਿੰਗਾਂ ਕਰਨ ਦੇ ਬਾਵਜੂਦ ਨੋਟੀਫਿਕੇਸ਼ਨ ਜਾਰੀ ਨਾ ਕਰਨ ਦੇ ਵਿਰੋਧ ‘ਚ 16 ਨਵੰਬਰ ਤੋਂ ਅਣਮਿੱਥੇ ਸਮੇਂ ਲਈ ਧਰਨਾ ਦੇ ਕੇ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ ਸੀ।

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਮਾਨ ਦੇ ਬਿਆਨ ਦਾ ਸਖ਼ਤ ਵਿਰੋਧ ਕੀਤਾ ਸੀ ਤੇ ਕਿਹਾ ਸੀ ਕਿ ਕਿਸਾਨਾਂ ਦੇ ਧਰਨਿਆਂ ‘ਤੇ ਸਵਾਲ ਉਠਾਉਣ ਵਾਲੇ ਆਪ ਆਗੂ ਧਰਨਿਆਂ ਵਿੱਚੋਂ ਹੀ ਪੈਦਾ ਹੋਏ ਹਨ। ਇਹ ਪਾਰਟੀ ਖ਼ੁਦ ਚੋਣਾਂ ਤੋਂ ਪਹਿਲਾਂ ਧਰਨਿਆਂ ਵਿੱਚ ਸ਼ਾਮਲ ਹੁੰਦੀ ਰਹੀ ਹੈ ਅਤੇ ਹੁਣ ਜਦੋਂ ਇਹ ਸੱਤਾ ਵਿੱਚ ਆ ਗਏ ਹਨ ਅਤੇ ਇਨ੍ਹਾਂ ਦੇ ਖ਼ਿਲਾਫ਼ ਧਰਨੇ ਸ਼ੁਰੂ ਹੋ ਰਹੇ ਹਨ ਤਾਂ ਹੁਣ ਉਨ੍ਹਾਂ ਨੂੰ ਧਰਨਿਆਂ ਤੋਂ ਨਫ਼ਰਤ ਹੋਣ ਲੱਗ ਗਈ ਹੈ। ਇਸ ਦੇ ਨਾਲ ਹੀ ਡੱਲੇਵਾਲ ਨੇ ਕਿਹਾ ਕਿ ਜੇ ਪੰਜਾਬ ਸਰਕਾਰ ਕਿਸਾਨਾਂ ਦੀਆਂ ਮੰਗਾਂ ਜਲਦ ਹੀ ਪੂਰੀਆਂ ਕਰ ਦਿੰਦੀ ਹੈ ਤਾਂ ਹੀ ਉਹ ਆਪਣਾ ਧਰਨਾ ਖਤਮ ਕਰ ਦੇਣਗੇ।