Punjab

ਦੇਰ ਰਾਤ ਲਤੀਫਪੁਰ ਪਹੁੰਚੇ ਭਾਈ ਅੰਮ੍ਰਿਤਪਾਲ ਸਿੰਘ , ਖੁੱਲ੍ਹੇ ਅਸਮਾਨ ਹੇਠ ਰਾਤ ਕੱਟ ਰਹੇ ਲੋਕਾਂ ਦੀ ਲਈ ਸਾਰ

Bhai Amritpal Singh reached Latifpur late at night

ਜਲੰਧਰ ਸ਼ਹਿਰ ਦੇ ਲਤੀਫਪੁਰਾ ‘ਚ ਢਾਹੇ ਗਏ ਮਕਾਨਾਂ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਇਸ ਦੌਰਾਨ  ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੇਰ ਰਾਤ ਮਕਾਨ ਢਾਹੁਣ ਤੋਂ ਬਾਅਦ ਖੁੱਲ੍ਹੇ ਅਸਮਾਨ ਹੇਠ ਰਾਤ ਕੱਟ ਰਹੇ ਲੋਕਾਂ ਨੂੰ ਮਿਲਣ ਲਤੀਫਪੁਰਾ ਪੁੱਜੇ। ਭਾਈ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਤੁਹਾਨੂੰ ਆਪਣੀ ਲੜਾਈ ਆਪ ਲੜਨੀ ਪਵੇਗੀ। ਕਿਸੇ ਦੇ ਭਰੋਸੇ ‘ਤੇ ਬੈਠ ਕੇ ਲੜਾਈ ਨਹੀਂ ਲੜੀ ਜਾ ਸਕਦੀ। ਉਨ੍ਹਾਂ ਕਿਹਾ ਕਿ ਸਰਕਾਰ ਤੇ ਪ੍ਰਸ਼ਾਸਨ ਨੇ ਜੋ ਵੀ ਕੀਤਾ ਹੈ, ਉਹ ਪੂਰੀ ਤਰ੍ਹਾਂ ਗਲਤ ਹੈ।

ਭਾਈ ਅਮ੍ਰਿਤਪਾਲ ਸਿੰਘ ਨੇ ਕਿਹਾ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਤੋਂ ਬਾਹਰ ਨਹੀਂ ਕੱਢਣਾ ਚਾਹੀਦਾ ਸੀ। ਜੇਕਰ ਜਗ੍ਹਾ ਖਾਲੀ ਕਰਨੀ ਹੁੰਦੀ ਤਾਂ ਪਹਿਲਾਂ ਉਨ੍ਹਾਂ ਨੂੰ ਮਕਾਨ ਦਿੱਤੇ ਜਾਂਦੇ। ਭਾਈ ਅੰਮ੍ਰਿਤਪਾਲ ਨੇ ਕਿਹਾ ਕਿ ਇਸ ਲਈ ਸੰਘਰਸ਼ ਕਰਨਾ ਪਵੇਗਾ। ਸਾਰਿਆਂ ਨੂੰ ਸਿਰ ਦੀ ਕੁਰਬਾਨੀ ਦੇਣ ਲਈ ਵੀ ਤਿਆਰ ਰਹਿਣਾ ਪਵੇਗਾ। ਤੁਹਾਨੂੰ ਆਪਣੇ ਹੱਕਾਂ ਲਈ ਲੜਨ ਲਈ ਦ੍ਰਿੜ ਹੋਣਾ ਪਵੇਗਾ।

ਭਾਈ ਅੰਮ੍ਰਿਤਪਾਲ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਵੀ ਬਹੁਤ ਸਪੱਸ਼ਟ ਦਿਸ਼ਾ-ਨਿਰਦੇਸ਼ ਦਿੱਤੇ ਹਨ ਕਿ ਜੇਕਰ ਸਰਕਾਰ ਸਾਲਾਂ ਤੋਂ ਉਥੇ ਰਹਿ ਰਹੇ ਲੋਕਾਂ ਨੂੰ ਉਥੋਂ ਕੱਢਣਾ ਚਾਹੁੰਦੀ ਹੈ ਤਾਂ ਉਸ ਤੋਂ ਪਹਿਲਾਂ ਉਨ੍ਹਾਂ ਨੂੰ ਨਵੀਂ ਥਾਂ ‘ਤੇ ਵਸਾਉਣ ਦਾ ਪ੍ਰਬੰਧ ਕਰਨਾ ਹੋਵੇਗਾ ਪਰ ਲਤੀਫਪੁਰਾ ਵਿੱਚ ਸਾਰੇ ਨਿਯਮਾਂ ਨੂੰ ਛਿੱਕੇ ਟੰਗ ਕੇ ਰਾਤੋ-ਰਾਤ ਲੋਕਾਂ ਨੂੰ ਬੇਘਰ ਕਰ ਦਿੱਤਾ ਗਿਆ ਅਤੇ ਉਨ੍ਹਾਂ ਦੇ ਘਰ ਢਾਹ ਦਿੱਤੇ ਗਏ। ਲੋਕਾਂ ਦੀ ਗੱਲ ਵੀ ਨਹੀਂ ਸੁਣੀ ਗਈ। ਉਨ੍ਹਾਂ ਨੂੰ ਸੋਚਣ ਦਾ ਮੌਕਾ ਵੀ ਨਹੀਂ ਦਿੱਤਾ ਗਿਆ।

ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਜੇਕਰ ਸਰਕਾਰ ਪੰਜਾਬ ਵਿੱਚ ਕੰਮ ਕਰਦੇ ਪਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੀਆਂ ਝੁੱਗੀਆਂ ਵਿੱਚੋਂ ਕੱਢ ਕੇ ਘਰ ਮੁਹੱਈਆ ਕਰਵਾ ਸਕਦੀ ਹੈ ਤਾਂ ਪੰਜਾਬੀਆਂ ਨਾਲ ਅਜਿਹਾ ਜ਼ੁਲਮ ਕਿਉਂ ਕੀਤਾ ਜਾ ਰਿਹਾ ਹੈ। ਲਤੀਫਪੁਰਾ ਵਿੱਚ ਮਕਾਨਾਂ ਨੂੰ ਢਾਹੁਣ ਤੋਂ ਪਹਿਲਾਂ ਲੋਕਾਂ ਨੂੰ ਕਿਸੇ ਹੋਰ ਥਾਂ ’ਤੇ ਕਿਉਂ ਨਹੀਂ ਵਸਾਇਆ ਗਿਆ। ਉਨ੍ਹਾਂ ਨੇ ਕਿਹਾ ਕਿ ਸਿੱਖਾਂ ਨਾਲ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਜਲੰਧਰ ਦੇ ਸਿੱਖਾਂ ਨੂੰ ਇੱਕਜੁੱਟ ਹੋਣ ਦੀ ਅਪੀਲ

ਭਾਈ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਪਾਕਿਸਤਾਨ ਤੋਂ ਬਟਵਾਰੇ ਤੋਂ ਬਾਅਦ ਲਤੀਫਪੁਰਾ ਵਿੱਚ ਵਸਣ ਵਾਲੇ ਸਿੱਖ ਪਰਿਵਾਰਾਂ ਨੂੰ ਉਜਾੜ ਦਿੱਤਾ ਗਿਆ। ਉਨ੍ਹਾਂ ਦੇ ਘਰ ਢਾਹ ਦਿੱਤੇ ਗਏ। ਪਰ ਅਫਸੋਸ ਕਿ ਉਸ ਸਮੇਂ ਕੋਈ ਵੀ ਸਿੱਖ ਜਥੇਬੰਦੀ ਉਨ੍ਹਾਂ ਦੇ ਸਮਰਥਨ ਵਿੱਚ ਨਹੀਂ ਆਈ। ਹੁਣ ਹਰ ਕੋਈ ਆਪਣੀ ਸਿਆਸਤ ਚਮਕਾਉਣ ਆ ਰਿਹਾ ਹੈ। ਉਨ੍ਹਾਂ ਨੇ ਸਿੱਖਾਂ ਨੂੰ ਗੁਲਾਮੀ ਛੱਡ ਕੇ ਲਤੀਫਪੁਰਾ ਦੇ ਸਿੱਖ ਪਰਿਵਾਰਾਂ ਦੀ ਸਹਾਇਤਾ ਲਈ ਅੱਗੇ ਆਉਣ ਲਈ ਕਿਹਾ ਹੈ । ਉਨ੍ਹਾਂ ਨੇ ਪਰਿਵਾਰਾਂ ਲਈ ਟੈਂਟਾਂ ਦਾ ਪ੍ਰਬੰਧ ਕਰਨ ਲਈ ਵੀ ਕਿਹਾ ਹੈ।

ਸ਼੍ਰੋਮਣੀ ਕਮੇਟੀ ਸਿੱਖਾਂ ਦੇ ਖਾਣ-ਪੀਣ ਅਤੇ ਰਹਿਣ ਦਾ ਪ੍ਰਬੰਧ ਕਰੇ

ਭਾਈ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਜਲੰਧਰ ਵਿੱਚ ਤਬਾਹ ਹੋਏ ਸਿੱਖ ਪਰਿਵਾਰਾਂ ਦੀ ਮਦਦ ਲਈ ਅੱਗੇ ਆਉਣ । ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਇਸ ਲਤੀਫ਼ਪੁਰਾ ਵਿੱਚ ਬਰਬਾਦ ਹੋਏ ਸਿੱਖ ਪਰਿਵਾਰਾਂ ਦੇ ਮਾਮਲੇ ਦਾ ਨੋਟਿਸ ਲੈਣ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਜਲੰਧਰ ਇੰਪਰੂਵਮੈਂਟ ਟਰੱਸਟ ਅਤੇ ਪ੍ਰਸ਼ਾਸਨ ਦੇ ਅਧਿਕਾਰੀ ਲਤੀਫਪੁਰਾ ਵਿੱਚ ਮਕਾਨਾਂ ਨੂੰ ਢਾਹੁਣ ਲਈ ਪੁਲੀਸ ਸੁਰੱਖਿਆ ਹੇਠ ਮਸ਼ੀਨਾਂ ਲੈ ਕੇ ਪੁੱਜੇ ਤਾਂ ਉਥੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਲਤੀਫਪੁਰਾ ਵਿੱਚ ਮਸ਼ੀਨਾਂ ਅੱਗੇ ਲੋਕ ਖੜ੍ਹੇ ਹੋ ਗਏ।  ਜਦੋਂ ਉਹ ਨਾ ਮੰਨੇ ਤਾਂ ਪੁਲੀਸ ਨੇ ਉਥੋਂ ਕੁਝ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਕੇ ਥਾਣੇ ਲੈ ਗਈ। ਇਸ ਦੌਰਾਨ ਹੰਗਾਮੇ ਦੀ ਸੂਚਨਾ ਮਿਲਦਿਆਂ ਹੀ ਕਿਸਾਨ ਜਥੇਬੰਦੀਆਂ ਦੇ ਲੋਕ ਵੀ ਉਥੇ ਪਹੁੰਚ ਗਏ ਤੇ ਮਾਹੌਲ ਤਣਾਅਪੂਰਨ ਹੋ ਗਿਆ।