‘ਦ ਖ਼ਾਲਸ ਬਿਊਰੋ : ਅਕਾਲੀ ਦਲ ਦੇ ਸਰਪ੍ਰਸਤ ਰਣਜੀਤ ਸਿੰਘ ਬ੍ਰਹਮਪੁਰਾ ਦਾ ਦਿਹਾਂਤ ਹੋ ਗਿਆ।ਉਨ੍ਹਾਂ ਨੇ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ‘ਚ ਆਖਰੀ ਸਾਹ ਲਏ । ਅਕਾਲੀ ਦਲ ਦੇ ਸਰਪ੍ਰਸਤ ਸਨ ਰਣਜੀਤ ਸਿੰਘ ਬ੍ਰਹਮਪੁਰਾ।ਦੱਸ ਦੇਈਏ ਕਿ ਰਣਜੀਤ ਸਿੰਘ ਬ੍ਰਹਮਪੁਰਾ ਦਾ ਕੱਲ੍ਹ ਦੁਪਹਿਰ 2 ਵਜੇ ਸਸਕਾਰ ਹੋਵੇਗਾ। ਉਹ ਪਿਛਲੇ ਕੁੱਝ ਦਿਨਾਂ ਤੋਂ ਪੀਜੀਆਈ ਚੰਡੀਗੜ੍ਹ ਵਿਖੇ ਦਾਖਲ ਸਨ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਡਾ ਦਲਜੀਤ ਸਿੰਘ ਚੀਮਾ ਨੇ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਸ਼ਰਧਾਜ਼ਲੀ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੇ ਚਲੇ ਜਾਣ ‘ਤੇ ਸ਼੍ਰੋਮਣੀ ਅਕਾਲੀ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਨੇ ਕਿਹਾ ਕਿ ਰਣਜੀਤ ਸਿੰਘ ਬ੍ਰਹਮਪੁਰਾ ਨੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਆਪਣਾ ਅਹਿਮ ਯੋਗਦਾਨ ਪਾਇਆ ਹੈ। ਚੀਮਾ ਨੇ ਕਿਹਾ ਕਿ ਬ੍ਰਹਮਪੁਰਾ ਨੇ ਸ਼੍ਰੋਮਣੀ ਕਮੇਟੀ ਦੀ ਹਰ ਮੁਹਿੰਮ ਵਿੱਚ ਹਿੱਸਾ ਪਾਇਆ ਹੈ।
ਇਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਬਿਕਰਮ ਮਜੀਠੀਆ ਨੇ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਸ਼ਰਧਾਜ਼ਲੀ ਭੇਂਟ ਕਰਦਿਆਂ ਕਿਹਾ ਕਿ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਜੀ ਦਾ ਅਕਾਲ ਚਲਾਣਾ ਸਮੁੱਚੇ ਸ਼੍ਰੋਮਣੀ ਅਕਾਲੀ ਦਲ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਨੇ ਕਿਹਾ ਕਿ ਜਥੇਦਾਰ ਸਾਬ੍ਹ ਨਿਰੰਤਰ ਤਾਕਤ ਅਤੇ ਪ੍ਰੇਰਨਾ ਦੇ ਸਰੋਤ ਸਨ। ਉਨ੍ਹਾਂ ਦੀ ਘਾਟ ਸਦਾ ਮਹਿਸੂਸ ਹੁੰਦੀ ਰਹੇਗੀ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹ੍ ਦੇ ਦੇਹਾਂਤ ‘ਤੇ ਕਿਹਾ ਕਿ ਅਣਥੱਕ ਪੰਥਕ ਯੋਧੇ ਅਤੇ ਅਕਾਲੀ ਆਗੂ ਜਥੇਦਾਰ ਰਣਜੀਤ ਸਿੰਘ ਜੀ ਬ੍ਰਹਮਪੁਰਾ ਦਾ ਚਲੇ ਜਾਣਾ ਪੰਥ, ਪੰਜਾਬ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਘਾਟਾ ਹੈ। ਬਾਦਲ ਨੇ ਕਿਹਾ ਕਿ ਇਸ ਝਟਕੇ ਨੇ ਇੱਕ ਖਾਲੀ ਥਾਂ ਪੈਦਾ ਕਰ ਦਿੱਤੀ ਹੈ ਜਿਸ ਨੂੰ ਭਰਨਾ ਔਖਾ ਹੋਵੇਗਾ। ਸਾਰੀ ਉਮਰ ਜਥੇਦਾਰ ਸਾਹਿਬ ਰਾਜਨੀਤੀ ਵਿਚ ਪੰਥਕ ਕਦਰਾਂ-ਕੀਮਤਾਂ ਦੇ ਅਟੱਲ ਪ੍ਰਤੀਕ ਬਣੇ ਰਹੇ ਅਤੇ ਇਨ੍ਹਾਂ ਦੀ ਰਾਖੀ ਲਈ ਮੋਹਰੀ ਰਹੇ। ਮੈਂ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਅਤੇ ਪਰਿਵਾਰ ਨੂੰ ਇਹ ਘਾਟਾ ਸਹਿਣ ਦੀ ਤਾਕਤ ਦੇਣ ਦੀ ਅਰਦਾਸ ਕਰਦਾ ਹਾਂ।
ਬਠਿੰਡਾ ਤੋਂ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਜੀ ਬ੍ਰਹਮਪੁਰਾ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਉੱਘੇ ਅਕਾਲੀ ਆਗੂ ਨੂੰ ਪੰਥ ਅਤੇ ਪਾਰਟੀ ਦੀ ਸੇਵਾ ਲਈ ਹਮੇਸ਼ਾ ਯਾਦ ਕੀਤਾ ਜਾਵੇਗਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਅਕਾਲੀ ਦਲ ਦੇ ਸਰਪ੍ਰਸਤ ਰਣਜੀਤ ਸਿੰਘ ਬ੍ਰਹਮਪੁਰਾ ਦਾ ਦਿਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਸੀਨੀਅਰ ਅਕਾਲੀ ਆਗੂ ਸ. ਰਣਜੀਤ ਸਿੰਘ ਬ੍ਰਹਮਪੁਰਾ ਜੀ ਦੇ ਦੇਹਾਂਤ ਦੀ ਖ਼ਬਰ ਮਿਲੀ…ਦੁਖਦਾਈ ਘੜੀ ‘ਚ ਪਰਿਵਾਰ ਨਾਲ ਦੁੱਖ ਵਿਅਕਤ ਕਰਦਾ ਹਾਂ । ਮਾਨ ਨੇ ਕਿਹਾ ਕਿ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਵਿਛੜੀ ਰੂਹ ਨੂੰ ਚਰਨਾਂ ‘ਚ ਥਾਂ ਦੇਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼ਣ…
ਸੀਨੀਅਰ ਅਕਾਲੀ ਆਗੂ ਸ. ਰਣਜੀਤ ਸਿੰਘ ਬ੍ਰਹਮਪੁਰਾ ਜੀ ਦੇ ਦੇਹਾਂਤ ਦੀ ਖ਼ਬਰ ਮਿਲੀ…ਦੁਖਦਾਈ ਘੜੀ ‘ਚ ਪਰਿਵਾਰ ਨਾਲ ਦੁੱਖ ਵਿਅਕਤ ਕਰਦਾ ਹਾਂ…ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਵਿਛੜੀ ਰੂਹ ਨੂੰ ਚਰਨਾਂ ‘ਚ ਥਾਂ ਦੇਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼ਣ…
— Bhagwant Mann (@BhagwantMann) December 13, 2022
ਰਣਜੀਤ ਸਿੰਘ ਬ੍ਰਹਮਪੁਰਾ ਦਾ ਜਨਮ 8 ਨਵੰਬਰ 1937 ਨੂੰ ਸਿੰਗਾਪੁਰ ਵਿੱਚ ਹੋਇਆ ਸੀ । ਇਸੇ ਮਹੀਨੇ ਹੀ ਪਾਰਟੀ ਨੇ ਉਨ੍ਹਾਂ ਨੂੰ ਸਰਪ੍ਰਸਤ ਦਾ ਅਹੁਦਾ ਦਿੱਤਾ ਸੀ ।ਰਣਜੀਤ ਸਿੰਘ ਬ੍ਰਹਮਪੁਰਾ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂਆਂ ਵਿੱਚੋਂ ਇੱਕ ਸਨ । ਉਨ੍ਹਾਂ ਪ੍ਰਕਾਸ਼ ਸਿੰਘ ਬਾਦਲ ਦੇ ਸਭ ਤੋਂ ਕਰੀਬੀ ਮੰਨਿਆ ਜਾਂਦਾ ਸੀ । ਉਨ੍ਹਾਂ ਨੇ ਸਭ ਤੋਂ ਪਹਿਲਾਂ ਪੰਜਾਬ ਵਿਧਾਨਸਭਾ ਦੇ ਅੰਦਰ 1977 ਵਿੱਚ ਐਂਟਰੀ ਕੀਤੀ ਉਸ ਤੋਂ ਬਾਅਦ 1980,1997,2012 ਵਿੱਚ ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਦੀ ਚੋਣ ਲੜੀ ਅਤੇ ਜਿੱਤ ਹਾਸਲ ਕੀਤੀ । 2014 ਵਿੱਚ ਅਕਾਲੀ ਦਲ ਨੇ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਪਹਿਲੀ ਵਾਰ ਖਡੂਰ ਸਾਹਿਬ ਲੋਕਸਭਾ ਹਲਕੇ ਤੋਂ 3 ਵਾਰ ਦੇ ਜੇਤੂ ਰਤਨ ਸਿੰਘ ਅਜਨਾਲਾ ਦੀ ਥਾਂ ਮੈਦਾਨ ਵਿੱਚ ਉਤਾਰਿਆ ਅਤੇ ਉਨ੍ਹਾਂ ਨੇ 1 ਲੱਖ ਤੋਂ ਵੱਧ ਵੋਟਾਂ ਨਾਲ ਵੱਡੀ ਜਿੱਤ ਹਾਸਲ ਕੀਤੀ ।
2017 ਦੀਆਂ ਵਿਧਾਨਸਭਾ ਚੋਣਾਂ ਵਿੱਚ ਪਾਰਟੀ ਨੇ ਉਨ੍ਹਾਂ ਦੇ ਪੁੱਤਰ ਨੂੰ ਖਡੂਰ ਸਾਹਿਬ ਵਿਧਾਨਸਭਾ ਹਲਕੇ ਤੋਂ ਟਿਕਟ ਦਿੱਤੀ ਪਰ ਉਹ ਹਾਰ ਗਏ । ਇਸ ਤੋਂ ਬਾਅਦ 2019 ਦੀਆਂ ਲੋਕਸਭਾ ਚੋਣਾਂ ਤੋਂ ਠੀਕ ਪਹਿਲਾਂ ਉਨ੍ਹਾਂ ਨੇ ਬਾਦਲ ਪਰਿਵਾਰ ਖਿਲਾਫ ਵੱਡੀ ਬਗ਼ਾਵਤ ਕਰ ਦਿੱਤੀ ।
ਇਸੇ ਮਹੀਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਨਵੇਂ ਪਾਰਟੀ ਢਾਂਚੇ ਦਾ ਐਲਾਨ ਕੀਤਾ ਸੀ ਜਿਸ ਵਿੱਚ ਉਨ੍ਹਾਂ ਨੂੰ ਪ੍ਰਕਾਸ਼ ਸਿੰਘ ਬਾਦਲ ਦੇ ਨਾਲ ਪਾਰਟੀ ਦਾ ਸਰਪਰਸਤ ਦਾ ਅਹੁਦਾ ਦਿੱਤਾ ਗਿਆ ਸੀ ।