ਜਲੰਧਰ ਸ਼ਹਿਰ ਦੇ ਲਤੀਫਪੁਰਾ ( Latifpura ) ‘ਚ ਢਾਹੇ ਗਏ ਮਕਾਨਾਂ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਇਹ ਮਾਮਲਾ ਆਮ ਆਦਮੀ ਪਾਰਟੀ ਦੀ ਸਰਕਾਰ ਲਈ ਮੁਸੀਬਤ ਬਣਦਾ ਜਾ ਰਿਹਾ ਹੈ। ਬੇਸ਼ੱਕ ਇਹ ਕਾਰਵਾਈ ਅਦਾਲਤੀ ਹੁਕਮਾਂ ਮਗਰੋਂ ਹੋਈ ਹੈ ਪਰ ਵਿਰੋਧੀ ਧਿਰਾਂ ਭਗਵੰਤ ਮਾਨ ਸਰਕਾਰ ਨੂੰ ਘੇਰ ਰਹੀਆਂ ਹਨ। ਸੋਸ਼ਲ ਮੀਡੀਆ ਉੱਪਰ ਵੀ ਪੰਜਾਬ ਸਰਕਾਰ ਨੂੰ ਜੰਮ ਕੇ ਕੋਸਿਆ ਜਾ ਰਿਹਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ( Sukhbir Singh Badal ) ਵੱਲੋਂ ਲੰਘੀ ਰਾਤ ਲਤੀਫਪੁਰਾ ਵਿੱਚ ਬੇਘਰ ਹੋਏ ਲੋਕਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਇਸ ਮਾਮਲੇ ‘ਚ ਪੀੜਤ ਲੋਕਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਦਾ ਭਰੋਸਾ ਦਿੱਤਾ ਹੈ। ਸੁਖਬੀਰ ਬਾਦਲ ਨੇ ਸਰਕਾਰ ਵੱਲੋਂ ਉਜਾੜੇ ਲੋਕਾਂ ਦੀ ਸਹਾਇਤਾ ਲਈ ਕਮੇਟੀ ਬਣਾਈ ਤਾਂ ਜੋ ਉਹ ਪੀੜਤ ਲੋਕਾਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਜਾਣ ਸਕੇ।
ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਉਨ੍ਹਾਂ ਦਾ ਪੱਖ ਰੱਖਣ ਲਈ ਵਕੀਲਾਂ ਦੀ ਸਲਾਹ ਲੈ ਕੇ ਕਾਨੂੰਨੀ ਸਹਾਇਤਾ ਕਰੇਗਾ ਤੇ ਉਨ੍ਹਾਂ ਨੂੰ ਇਨਸਾਫ਼ ਦਿਵਾ ਕੇ ਹੀ ਸਾਹ ਲਵੇਗਾ। ਉਨ੍ਹਾਂ ਨੇ ਪੀੜਤਾਂ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਉਹ ਉਨ੍ਹਾਂ ਦੇ ਮੁੜ ਵਸੇਬੇ ਲਈ ਹਰ ਤਰ੍ਹਾਂ ਦਾ ਸੰਘਰਸ਼ ਕਰਨਗੇ।
ਬਾਦਲ ਨੇ ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਵੀ ਅਪੀਲ ਕੀਤੀ ਕਿ ਉਹ ਪੀੜਤਾਂ ਲਈ ਮਦਦ ਕਰਨ ਦਾ ਪ੍ਰਬੰਧ ਕਰਨ ਤਾਂ ਜੋ ਇਹ ਠੰਢ ਦੇ ਦਿਨਾਂ ਵਿਚ ਰਾਤ ਨੂੰ ਖੁੱਲ੍ਹੇ ਅਸਮਾਨ ਹੇਠ ਰਹਿਣ ਲਈ ਮਜਬੂਰ ਨਾ ਹੋਣ। ਉਨ੍ਹਾਂ ਨੇ ਕਿਹਾ ਕਿ ਉਹ ਅਦਾਲਤ ਦੇ ਹਰ ਫੈਸਲੇ ਦਾ ਸਨਮਾਨ ਕਰਦੇ ਹਨ ਪਰ ਸਰਕਾਰ ਨੂੰ ਚਾਹੀਦਾ ਸੀ ਕਿ ਉਹ ਪਹਿਲਾ ਇਨ੍ਹਾਂ ਦੇ ਰਹਿਣ ਲਈ ਥਾਂ ਦਾ ਪ੍ਰਬੰਧ ਕਰਦੀ।
ਦੱਸ ਦਈਏ ਕਿ ਤੋਂ ਪਹਿਲਾਂ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੇਰ ਰਾਤ ਮਕਾਨ ਢਾਹੁਣ ਤੋਂ ਬਾਅਦ ਖੁੱਲ੍ਹੇ ਅਸਮਾਨ ਹੇਠ ਰਾਤ ਕੱਟ ਰਹੇ ਲੋਕਾਂ ਨੂੰ ਮਿਲਣ ਲਤੀਫਪੁਰਾ ਪੁੱਜੇ ਸਨ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਸੀ ਕਿ ਤੁਹਾਨੂੰ ਆਪਣੀ ਲੜਾਈ ਆਪ ਲੜਨੀ ਪਵੇਗੀ। ਕਿਸੇ ਦੇ ਭਰੋਸੇ ‘ਤੇ ਬੈਠ ਕੇ ਲੜਾਈ ਨਹੀਂ ਲੜੀ ਜਾ ਸਕਦੀ। ਉਨ੍ਹਾਂ ਕਿਹਾ ਕਿ ਸਰਕਾਰ ਤੇ ਪ੍ਰਸ਼ਾਸਨ ਨੇ ਜੋ ਵੀ ਕੀਤਾ ਹੈ, ਉਹ ਪੂਰੀ ਤਰ੍ਹਾਂ ਗਲਤ ਹੈ।
ਭਾਈ ਅਮ੍ਰਿਤਪਾਲ ਸਿੰਘ ਨੇ ਕਿਹਾ ਸੀ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਤੋਂ ਬਾਹਰ ਨਹੀਂ ਕੱਢਣਾ ਚਾਹੀਦਾ ਸੀ। ਜੇਕਰ ਜਗ੍ਹਾ ਖਾਲੀ ਕਰਨੀ ਹੁੰਦੀ ਤਾਂ ਪਹਿਲਾਂ ਉਨ੍ਹਾਂ ਨੂੰ ਮਕਾਨ ਦਿੱਤੇ ਜਾਂਦੇ। ਭਾਈ ਅੰਮ੍ਰਿਤਪਾਲ ਨੇ ਕਿਹਾ ਕਿ ਇਸ ਲਈ ਸੰਘਰਸ਼ ਕਰਨਾ ਪਵੇਗਾ। ਸਾਰਿਆਂ ਨੂੰ ਸਿਰ ਦੀ ਕੁਰਬਾਨੀ ਦੇਣ ਲਈ ਵੀ ਤਿਆਰ ਰਹਿਣਾ ਪਵੇਗਾ। ਤੁਹਾਨੂੰ ਆਪਣੇ ਹੱਕਾਂ ਲਈ ਲੜਨ ਲਈ ਦ੍ਰਿੜ ਹੋਣਾ ਪਵੇਗਾ।
ਦੇਰ ਰਾਤ ਲਤੀਫਪੁਰ ਪਹੁੰਚੇ ਭਾਈ ਅੰਮ੍ਰਿਤਪਾਲ ਸਿੰਘ , ਖੁੱਲ੍ਹੇ ਅਸਮਾਨ ਹੇਠ ਰਾਤ ਕੱਟ ਰਹੇ ਲੋਕਾਂ ਦੀ ਲਈ ਸਾਰ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਜਲੰਧਰ ਇੰਪਰੂਵਮੈਂਟ ਟਰੱਸਟ ਅਤੇ ਪ੍ਰਸ਼ਾਸਨ ਦੇ ਅਧਿਕਾਰੀ ਲਤੀਫਪੁਰਾ ਵਿੱਚ ਮਕਾਨਾਂ ਨੂੰ ਢਾਹੁਣ ਲਈ ਪੁਲੀਸ ਸੁਰੱਖਿਆ ਹੇਠ ਮਸ਼ੀਨਾਂ ਲੈ ਕੇ ਪੁੱਜੇ ਤਾਂ ਉਥੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਲਤੀਫਪੁਰਾ ਵਿੱਚ ਮਸ਼ੀਨਾਂ ਅੱਗੇ ਲੋਕ ਖੜ੍ਹੇ ਹੋ ਗਏ। ਜਦੋਂ ਉਹ ਨਾ ਮੰਨੇ ਤਾਂ ਪੁਲੀਸ ਨੇ ਉਥੋਂ ਕੁਝ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਕੇ ਥਾਣੇ ਲੈ ਗਈ। ਇਸ ਦੌਰਾਨ ਹੰਗਾਮੇ ਦੀ ਸੂਚਨਾ ਮਿਲਦਿਆਂ ਹੀ ਕਿਸਾਨ ਜਥੇਬੰਦੀਆਂ ਦੇ ਲੋਕ ਵੀ ਉਥੇ ਪਹੁੰਚ ਗਏ ਤੇ ਮਾਹੌਲ ਤਣਾਅਪੂਰਨ ਹੋ ਗਿਆ।