ਨਵੀਂ ਦਿੱਲੀ : ਕੇਂਦਰ ਸਰਕਾਰ ਵਲੋਂ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ 26 ਦਸੰਬਰ ਨੂੰ “ਵੀਰ ਬਾਲ ਦਿਵਸ” ਦੇ ਰੂਪ ਵਿੱਚ ਮਨਾ ਰਹੀ ਹੈ। ਜਿਸ ਦੇ ਸਮਾਗਮ ਇਸ ਵੇਲੇ ਦਿੱਲੀ ਵਿੱਚ ਚੱਲ ਰਹੇ ਹਨ। ਸਾਹਿਬਜਾਦਿਆਂ ਦੇ ਸ਼ਹੀਦੀ ਦਿਹਾੜਿਆਂ ਨੂੰ ਇਸ ਤਰਾਂ ਮਨਾਉਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਾਂ ਵਿਰੋਧ ਕੀਤਾ ਹੀ ਸੀ ਪਰ ਹੁਣ ਗੁਰਦੁਆਰਾ ਸੀਸ ਗੰਜ ਸਾਹਿਬ ਦੇ ਗ੍ਰੰਥੀ ਨੇ ਵੀ ਸ਼ਹੀਦੀ ਦਿਹਾੜੇ ਨੂੰ “ਵੀਰ ਬਾਲ ਦਿਵਸ” ਵਜੋਂ ਘੋਸ਼ਿਤ ਕਰਨ ‘ਤੇ ਇਤਰਾਜ਼ ਜਤਾਇਆ ਹੈ।
ਅੰਮ੍ਰਿਤ ਵੇਲੇ ਦੇ ਸਮਾਗਮਾਂ ਦੌਰਾਨ ਗਿਆਨੀ ਅਵਤਾਰ ਸਿੰਘ ਦਿੱਲੀ ਦੇ ਚਾਂਦਨੀ ਚੌਕ ਵਿਖੇ ਨੌਵੇਂ ਸਿੱਖ ਗੁਰੂ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਅਸਥਾਨ ਵਿਖੇ ਰੋਜ਼ਾਨਾ ਹੁਕਮਨਾਮੇ ਦੀ ਕਥਾ ਕਰ ਰਹੇ ਸਨ, ਜਦੋਂ ਉਨ੍ਹਾਂ ਨੇ ਸੰਗਤਾਂ ਦੀ ਹਾਜ਼ਰੀ ਵਿੱਚ ਕੇਂਦਰ ਦੇ ਇਸ ਕਦਮ ‘ਤੇ ਅਸਹਿਮਤੀ ਪ੍ਰਗਟਾਈ। ਉਹਨਾਂ ਕਿਹਾ ਕਿ ਸਾਹਿਬਜ਼ਾਦਿਆਂ ਨੂੰ ਬਾਲ ਕਹਿਣਾ ਠੀਕ ਨਹੀਂ ਹੈ ਕਿਉਂਕਿ ਸਿੱਦਕ ਵਜੋਂ ਉਹ ਵੱਡੇ ਵੱਡੇ ਸਿਆਣੇ ਬੰਦਿਆਂ ਤੋਂ ਕੀਤੇ ਅੱਗੇ ਨਿਕਲ ਚੁੱਕੇ ਸੀ।
ਗੁਰਦੁਆਰਾ ਸੀਸ ਗੰਜ ਸਾਹਿਬ ਦਿੱਲੀ ਦੇ ਗ੍ਰੰਥੀ ਭਾਈ ਅਵਤਾਰ ਸਿੰਘ ਵੱਲੋਂ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ ਭਾਰਤ ਸਰਕਾਰ ਦੇ ਦਿੱਤੇ ਨਾਮ ਉੱਤੇ ਇਤਰਾਜ਼ ਪ੍ਰਗਟ ਕਰਨਾ ਸ਼ਲਾਘਾਯੋਗ ਹੈ। ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਸਾਹਿਬਜ਼ਾਦੇ ਬਾਲ ਨਹੀਂ ਸਨ ਬਲਕਿ ਸਿੱਖ ਕੌਮ ਉਨ੍ਹਾਂ ਨੂੰ ਬਾਬਾ ਕਹਿ ਕੇ ਸੰਬੋਧਨ ਹੁੰਦੀ ਹੈ। (1/3) pic.twitter.com/wcBtzutzoK
— Shiromani Gurdwara Parbandhak Committee (@SGPCAmritsar) December 25, 2022
ਉਨ੍ਹਾਂ ਕਿਹਾ ਕਿ ਲੰਮੇ ਸਮੇਂ ਬਾਅਦ ਸਰਕਾਰ ਨੂੰ ਸਾਹਿਬਜ਼ਾਦੇ ਦਾ ਸ਼ਹੀਦੀ ਦਿਹਾੜਾ ਯਾਦ ਆਇਆ ਹੈ। ਹਾਲਾਂਕਿ ਇਸ ਇਤਿਹਾਸਕ ਦਿਹਾੜੇ ਨੂੰ ਵੀਰ ਬਾਲ ਦਿਵਸ ਦਾ ਨਾਂ ਦੇਣਾ ਗਲਤ ਹੈ। ਸਾਹਿਬਜ਼ਾਦੇ 7 ਸਾਲ ਅਤੇ 9 ਸਾਲ ਦੀ ਉਮਰ ਦੇ ਯੋਧੇ ਸਨ। ਇਸ ਲਈ ਉਨ੍ਹਾਂ ਨੂੰ ‘ਬਾਲ ਵੀਰ’ ਕਹਿਣਾ ਸਹੀ ਨਹੀਂ ਹੈ।
ਜ਼ਿਕਰਯੋਗ ਹੈ ਕਿ ਡੀਐਸਜੀਐਮਸੀ ਦੇ ਮੁਖੀ ਹਰਮੀਤ ਸਿੰਘ ਕਾਲਕਾ ਅਤੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਸਮੇਤ ਹੋਰ ਅਹੁਦੇਦਾਰ ਭਾਈਚਾਰੇ ਨੂੰ ਇਸ ਦਿਹਾੜੇ ਨੂੰ “ਵੀਰ ਬਾਲ ਦਿਵਸ” ਵਜੋਂ ਮਨਾਉਣ ਦੀ ਅਪੀਲ ਕਰ ਰਹੇ ਹਨ। ਜਦੋਂ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਪਹਿਲਾਂ ਹੀ ਕੇਂਦਰ ਨੂੰ ਸਿੱਖ ਰਵਾਇਤਾਂ ਅਤੇ ਭਾਵਨਾਵਾਂ ਅਨੁਸਾਰ ਨਾਮ ਬਦਲਣ ਲਈ ਕਹਿ ਚੁੱਕਾ ਹੈ। ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਦਾ ਨਾਮਕਰਨ “ਸਾਹਿਬਜ਼ਾਦੇ ਸ਼ਹਾਦਤ ਦਿਵਸ” ਕਰਨ ਦਾ ਸੁਝਾਅ ਦਿੱਤਾ।
ਸ਼੍ਰੋਮਣੀ ਕਮੇਟੀ ਨੇ ਵੀ ਅਕਾਲ ਤਖ਼ਤ ਦੇ ਹੁਕਮਨਾਮੇ ਦੇ ਸਮਰਥਨ ਵਿੱਚ ਮਤਾ ਪਾਸ ਕੀਤਾ ਹੈ। ਪੀਟੀਸੀ ਸਿਮਰਨ ਚੈਨਲ ਵੱਲੋਂ ਲਾਈਵ ਪ੍ਰਸਾਰਿਤ ਕੀਤੀ ਗਈ ਕਥਾ ਦੀ ਵੀਡੀਓ ਕਲਿੱਪ ਸਾਂਝੀ ਕਰਦਿਆਂ ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸੀਸ ਗੰਜ ਦੇ ਗ੍ਰੰਥੀ ਦੇ ਸਟੈਂਡ ਦੀ ਸ਼ਲਾਘਾ ਕੀਤੀ।
ਇੱਕ ਬਿਆਨ ਵਿੱਚ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਵੱਲੋਂ ਮਨਾਏ ਜਾ ਰਹੇ ਵੀਰ ਬਾਲ ਦਿਵਸ ਨੂੰ ਰੱਦ ਕਰਦਿਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸਿੱਖ ਇਤਿਹਾਸ ਨੂੰ ਢਾਹ ਲਾਉਣ ਦੀ ਸਰਕਾਰ ਦੀ ਸਾਜ਼ਿਸ਼ ਤੋਂ ਸੁਚੇਤ ਰਹਿਣ।
ਉਨ੍ਹਾਂ ਕਿਹਾ, “ਭਾਰਤ ਸਰਕਾਰ ਸਿੱਖ ਇਤਿਹਾਸ ਨਾਲ ਛੇੜਛਾੜ ਕਰਨ ਦੇ ਰਾਹ ਪਈ ਹੋਈ ਹੈ ਅਤੇ ਇਹ ਮੰਦਭਾਗਾ ਹੈ ਕਿ ਡੀਐਸਜੀਐਮਸੀ ਦੇ ਪ੍ਰਧਾਨ ਇਸ ਦਾ ਸਮਰਥਨ ਕਰ ਰਹੇ ਹਨ।” ਉਨ੍ਹਾਂ ਸਵਾਲ ਕੀਤਾ ਕਿ ਜੇਕਰ ਸਰਕਾਰ ਸੱਚਮੁੱਚ ਹੀ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਅਤੇ ਸਤਿਕਾਰ ਦੇਣਾ ਚਾਹੁੰਦੀ ਹੈ ਤਾਂ ਇਸ ਦਿਨ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਉਣ ਵਿੱਚ ਕੀ ਹਰਜ਼ ਹੈ? ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਇਸ ਖਿੱਤੇ ਵਿੱਚੋਂ ਮੁਗਲਾਂ ਨੂੰ ਉਖਾੜ ਸੁੱਟਣ ਲਈ ਸਾਹਿਬਜ਼ਾਦਿਆਂ ਦੀ ਸ਼ਹਾਦਤ ਅਹਿਮ ਸੀ ਪਰ ਜਿਸ ਤਰ੍ਹਾਂ ਸਰਕਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਣ ‘ਤੇ ਜ਼ੋਰ ਦੇ ਰਹੀ ਹੈ, ਉਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਸਿੱਖ ਵਿਰੋਧੀ ਤਾਕਤਾਂ ਦੇ ਇਸ਼ਾਰੇ ‘ਤੇ ਸਿਆਸਤ ਕੀਤੀ ਜਾ ਰਹੀ ਹੈ।