ਸੋਹਾਣਾ : ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਰਾਹਤ ਮਿਲ ਗਈ ਹੈ। ਹਾਈਕੋਰਟ ਨੇ ਮਾਨਸਾ ਅਦਾਲਤ ਦੀ ਕਾਰਵਾਈ ‘ਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਹੈ। ਸਾਬਕਾ ਮੁੱਖ ਮੰਤਰੀ ਨੇ 12 ਜਨਵਰੀ ਨੂੰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਹੋਣਾ ਸੀ।
ਮਾਨਸਾ ਅਦਾਲਤ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸੰਮਨ ਜਾਰੀ ਕੀਤਾ ਸੀ। ਪੁਲਿਸ ਤੋਂ ਇਹ ਹੁਕਮ ਚੰਨੀ ਨੂੰ ਅਮਰੀਕਾ ਤੋਂ ਵਾਪਸ ਆਉਣ ਤੋਂ ਦੋ ਦਿਨ ਤੋਂ ਬਾਅਦ ਪ੍ਰਾਪਤ ਹੋਏ ਸਨ।
ਸਾਬਕਾ ਮੁੱਖ ਮੰਤਰੀ ਪੀਐਚਡੀ ਦੀ ਪੜ੍ਹਾਈ ਅਤੇ ਅੱਖਾਂ ਦੇ ਇਲਾਜ ਲਈ ਅੱਠ ਮਹੀਨੇ ਵਿਦੇਸ਼ ਰਹਿਣ ਤੋਂ ਬਾਅਦ ਪੰਜਾਬ ਪਰਤੇ ਸਨ।
ਵਿਧਾਨ ਸਭਾ ਚੋਣਾਂ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਵਿਦੇਸ਼ ਚਲੇ ਗਏ ਸਨ। ਵਿਧਾਨ ਸਭਾ ਸੈਸ਼ਨ ਦੌਰਾਨ ਸੀਐਮ ਭਗਵੰਤ ਮਾਨ ਨੇ ਚੰਨੀ ਦੀ ਗੈਰ-ਮੌਜੂਦਗੀ ਬਾਰੇ ਸਵਾਲ ਖੜੇ ਕੀਤੇ ਸੀ ਤੇ ਕਿਹਾ ਸੀ ਕਿ ਅਜਿਹੀਆਂ ਕਈ ਗੱਲਾਂ ਹਨ ਜਿਨ੍ਹਾਂ ਬਾਰੇ ਚੰਨੀ ਤੋਂ ਪੁੱਛਗਿੱਛ ਦੀ ਲੋੜ ਹੈ।
ਪੰਜਾਬ ਸਰਕਾਰ ਨੇ ਚੰਨੀ ‘ਤੇ ਬਤੌਰ ਮੁੱਖ ਮੰਤਰੀ ਕਈ ਗਲਤ ਫਾਈਲਾਂ ਪਾਸ ਕਰਨ ਦਾ ਦੋਸ਼ ਲਗਾਏ ਹਨੇ। ਹਾਲਾਂਕਿ ਚੰਨੀ ਨੇ ਇਨ੍ਹਾਂ ਦੋਸ਼ਾਂ ਦਾ ਜਵਾਬ ਵਿਦੇਸ਼ ‘ਚ ਹੀ ਦਿੱਤਾ ਹੈ। ਉਸ ਨੇ ਕਿਹਾ ਸੀ ਕਿ ਕੋਈ ਵੀ ਵਿਅਕਤੀ ਕਿਸੇ ਵੀ ਸਮੇਂ ਉਸ ਦੇ ਮੋਬਾਈਲ ਨੰਬਰ ‘ਤੇ ਸੰਪਰਕ ਕਰ ਸਕਦਾ ਹੈ ਅਤੇ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ। ਗਲਤ ਫਾਈਲਾਂ ਪਾਸ ਕਰਨ ਦੇ ਦੋਸ਼ਾਂ ਨੂੰ ਨਕਾਰਦਿਆਂ ਚੰਨੀ ਨੇ ਕਿਹਾ ਸੀ ਕਿ ਉਨ੍ਹਾਂ ਕੋਲ ਹਰ ਤਰ੍ਹਾਂ ਦਾ ਰਿਕਾਰਡ ਮੌਜੂਦ ਹੈ ਤੇ ਉਹ ਹਰ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਹਨ।