ਮੁਹਾਲੀ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਲਈ ਲਾਏ ਮੋਰਚੇ ਨੂੰ ਹੁੰਗਾਰਾ ਮਿਲਣ ਲੱਗਾ ਹੈ। ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨੇ ਪੰਥਕ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਦੀ ਸਰਹੱਦ ’ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਣਮਿੱਥੇ ਸਮੇਂ ਲਈ ਲਾਏ ਧਰਨੇ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਹੋਰ ਜਥੇਬੰਦੀਆਂ ਵੀ ਧਰਨੇ ਦੀ ਹਮਾਇਤ ਕਰਨ ਲੱਗੀਆਂ ਹਨ। ਮੰਨਿਆ ਜਾ ਰਿਹਾ ਹੈ ਕਿ ਇਹ ਧਰਨਾ ਵੱਡਾ ਰੂਪ ਧਾਰ ਸਕਦਾ ਹੈ।
ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਹੈ ਕਿ ਯੂਨੀਅਨ ਦੇ ਪੰਜਾਬ ਭਰ ਤੋਂ ਵਰਕਰ 18 ਜਨਵਰੀ ਤੋਂ ਵੱਡੇ ਜਥੇ ਸਮੇਤ ਮੋਰਚੇ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਪੰਜਾਬ ਦੇ ਕਿਸਾਨਾਂ, ਮਹਿਲਾਵਾਂ, ਮਜ਼ਦੂਰਾਂ, ਵਰਕਰਾਂ ਤੇ ਸਾਰੇ ਇਨਸਾਫ਼ ਪਸੰਦ ਲੋਕਾਂ ਨੂੰ ਗੁਰਦੁਆਰਾ ਅੰਬ ਸਾਹਿਬ ਮੁਹਾਲੀ ਵਿੱਚ 18 ਜਨਵਰੀ ਨੂੰ ਪਹੁੰਚਣ ਦੀ ਅਪੀਲ ਕੀਤੀ ਹੈ, ਜਿੱਥੋਂ ਇਕੱਠੇ ਹੋ ਕੇ ਉਹ ਧਰਨੇ ਵਿੱਚ ਸ਼ਾਮਲ ਹੋਣਗੇ ਤੇ ਬੰਦੀ ਸਿੰਘਾਂ ਦੀ ਰਿਹਾਈ ਤੱਕ ਪੱਕੇ ਤੌਰ ’ਤੇ ਧਰਨੇ ਵਿੱਚ ਸ਼ਾਮਲ ਰਹਿਣਗੇ।
ਉਨ੍ਹਾਂ ਪੰਜਾਬ ਦੇ ਕਿਸਾਨਾਂ ਤੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਧਰਨੇ ਨੂੰ ਕਾਮਯਾਬ ਕਰਨ ਲਈ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਤੇ ਲੰਗਰ, ਦੁੱਧ, ਪਾਣੀ ਤੇ ਹੋਰ ਰਸਦਾਂ ਧਰਨੇ ਵਿੱਚ ਪਹੁੰਚਾਉਣ। ਉਨ੍ਹਾਂ ਕਿਹਾ ਕਿ ਪਿਛਲੇ 30-40 ਸਾਲਾ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਸਾਰੇ ਹੀ ਨਜ਼ਰਬੰਦ ਯੋਧਿਆਂ ਨੇ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ ਤੇ ਉਹ ਰਿਹਾਈ ਦੀ ਉਡੀਕ ਕਰ ਰਹੇ ਹਨ ਪਰ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਇਨ੍ਹਾਂ ਨੌਜਵਾਨਾਂ ਦੀ ਰਿਹਾਈ ਵਿੱਚ ਅੜਿੱਕੇ ਲਗਾ ਰਹੀਆਂ ਹਨ।
ਦੱਸ ਦਈਏ ਕਿ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ’ਤੇ ਕੌਮੀ ਇਨਸਾਫ਼ ਮੋਰਚਾ ਮੁਹਾਲੀ-ਚੰਡੀਗੜ੍ਹ, ਹਵਾਰਾ ਕਮੇਟੀ ਤੇ ਪੰਥਕ ਕਮੇਟੀ ਸਮੇਤ ਹੋਰ ਸਿੱਖ ਜਥੇਬੰਦੀਆਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ, 328 ਪਾਵਨ ਸਰੂਪਾਂ ਦਾ ਮਾਮਲਾ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਆਦਿ ਮੁੱਦਿਆਂ ’ਤੇ ਪੱਕਾ ਮੋਰਚਾ ਲਾਇਆ ਹੋਇਆ ਹੈ। ਠੰਢ ਦੇ ਬਾਵਜੂਦ ਮੋਰਚੇ ਵਿੱਚ ਡਟੇ ਸਿੱਖਾਂ ਦੇ ਹੌਸਲੇ ਬੁਲੰਦ ਹਨ। ਅੱਜ ਧਰਨੇ ਵਿੱਚ 6ਵੇਂ ਦਿਨ ਸਮਾਜ ਸੇਵੀ ਸੰਸਥਾਵਾਂ, ਪੰਥ ਦਰਦੀ, ਇਨਸਾਫ਼ ਪਸੰਦ ਲੋਕ, ਕਿਸਾਨ ਜਥੇਬੰਦੀਆਂ ਤੇ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦੇ ਪਹੁੰਚ ਰਹੇ ਹਨ।