‘ਦ ਖ਼ਾਲਸ ਬਿਊਰੋ:- ਪੰਜਾਬ ‘ਚ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦਾ ਮੁੱਦਾ ਗਰਮਾ ਗਿਆ ਹੈ ਤੇ ਸਿਆਸਤ ਵੀ ਤੇਜ਼ ਹੋ ਗਈ ਹੈ। ਆਮ ਆਦਮੀ ਪਾਰਟੀ ਸਮੇਤ ਵਿਰੋਧੀ ਧਿਰਾਂ ਨੂੰ ਕੈਪਟਨ ਸਰਕਾਰ ਖਿਲਾਫ ਝੰਡਾ ਚੁੱਕਣ ਦਾ ਇੱਕ ਹੋਰ ਮੁੱਦਾ ਮਿਲ ਗਿਆ ਹੈ।
ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਲੋਕਾਂ ਦੀ ਹੋਈ ਮੌਤ ਸਬੰਧੀ ਅਰਵਿੰਦ ਕੇਜਰੀਵਾਲ ਦੀ ਸੀਬੀਆਈ ਜਾਂਚ ਕਰਵਾਉਣ ਬਾਰੇ ਮੰਗ ’ਤੇ ਸਖ਼ਤ ਪ੍ਰਤੀਕਰਮ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਉਹ ਪੰਜਾਬ ‘ਚ ‘ਆਪ’ ਦਾ ਆਧਾਰ ਬਣਾਉਣ ਲਈ ਇਸ ਦੁਖਦਾਈ ਘਟਨਾ ਨੂੰ ਸਿਆਸੀ ਰੂਪ ਨਾ ਦੇਣ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਪੁਲਿਸ ਕੇਸ ਦੇਖ ਰਹੀ ਹੈ ਤਾਂ ਸੀਬੀਆਈ ਨੂੰ ਜਾਂਚ ਕਿਉਂ ਸੌਂਪੀ ਜਾਵੇ?
ਕੈਪਟਨ ਨੇ ਸੀਬੀਆਈ ਤੋਂ ਜਾਂਚ ਕਰਵਾਉਣ ਵਾਲੇ ਕੇਜਰੀਵਾਲ ਦੇ ਬਿਆਨ ਦੀ ਸਖਤ ਆਲੋਚਨਾ ਕੀਤੀ ਹੈ। ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਵਾਪਰੀ ਘਟਨਾ ਦੀ ਸੀਬੀਆਈ ਜਾਂਚ ਕਰਵਾਉਣ ਬਾਰੇ ਕਿਹਾ ਸੀ। ਕੇਜਰੀਵਾਲ ਨੇ ਟਵੀਟ ਕਰਦਿਆਂ ਇਸ ਘਟਨਾ ‘ਤੇ ਦੁੱਖ ਪ੍ਰਗਟਾਇਆ ਸੀ। ਕੇਜਰੀਵਾਲ ਨੇ ਲਿਖਿਆ ਸੀ ਕਿ ਸੂਬਾ ਸਰਕਾਰ ਨੂੰ ਅਜਿਹੇ ਮਾਫੀਆ ਖਿਲਾਫ ਲੋੜੀਂਦੇ ਕਦਮ ਤੁਰੰਤ ਚੁੱਕਣੇ ਚਾਹੀਦੇ ਹਨ ਤੇ ਕੇਸ ਤੁਰੰਤ ਸੀਬੀਆਈ ਨੂੰ ਸੌਂਪ ਦੇਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਕੇਜਰੀਵਾਲ ਨੂੰ ਕਿਹਾ ਕਿ,‘‘ਕਈ ਲੋਕਾਂ ਦੀ ਜਾਨ ਚਲੇ ਗਈ ਹੈ ਅਤੇ ਤੁਸੀਂ ਇਸ ਦੁਖਦਾਈ ਘਟਨਾ ਤੋਂ ਸਿਆਸੀ ਲਾਹਾ ਖੱਟਣਾ ਚਾਹੁੰਦੇ ਹੋ। ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਆਪਣੇ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ‘ਤੇ ਧਿਆਨ ਦੇਣ ਦੀ ਸਲਾਹ ਦਿੱਤੀ।
ਕੇਜਰੀਵਾਲ ਨੇ ਦਾਅਵਾ ਕੀਤਾ ਕਿ ਸਥਾਨਕ ਸੂਬੇ ਦੀ ਪੁਲਿਸ ਨੇ ਪਿਛਲੇ ਕੁੱਝ ਮਹੀਨਿਆਂ ਦੌਰਾਨ ਨਜਾਇਜ਼ ਸ਼ਰਾਬ ਦਾ ਕੋਈ ਕੇਸ ਹੱਲ ਨਹੀਂ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ 22 ਅਪਰੈਲ ਨੂੰ ਖੰਨਾ ਵਿਖੇ ਨਾਜਾਇਜ਼ ਸ਼ਰਾਬ ਦੀ ਇੱਕ ਫੈਕਟਰੀ ਦਾ ਪਰਦਾਫਾਸ਼ ਕੀਤੇ ਜਾਣ ਦਾ ਹਵਾਲ ਦਿੰਦਿਆਂ ਦੱਸਿਆ ਕਿ ਅੱਠ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਿਆ ਹੈ ਅਤੇ ਸੱਤ ਹੋਰ ਭਗੌੜੇ ਵਿਅਕਤੀਆਂ ਨੂੰ ਫੜਨ ਲਈ ਛਾਪੇ ਮਾਰੇ ਜਾ ਰਹੇ ਹਨ।