ਮੁਹਾਲੀ :ਐਨਫੋਰਸਮੈਂਟ ਡਾਇਰੈਕਟੋਰੇਟ ਨੇ ਜ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਸਬੰਧਤ ਦੋ ਕੇਸਾਂ ਵਿੱਚ ਮਨੀ ਲਾਂਡਰਿੰਗ ਰੋਕੂ ਕਾਨੂੰਨ ਤਹਿਤ 7.90 ਕਰੋੜ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਹਨ। ਈਡੀ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਅਪਰਾਧਿਕ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਜਲੰਧਰ ਦਾ ਈਡੀ ਦਫਤਰ ਇਸ ਮਾਮਲੇ ਦੀ ਜਾਂਚ ਕਰ ਰਿਹਾ ਹੈ।
ਇਹ ਮਨੀ ਲਾਂਡਰਿੰਗ ਦਾ ਮਾਮਲਾ ਪੰਜਾਬ ਪੁਲਿਸ ਵੱਲੋਂ ਗੁਰਦੀਪ ਸਿੰਘ ਰਾਣੋ ਅਤੇ ਰਾਜੇਸ਼ ਕੁਮਾਰ ਵਿਰੁੱਧ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ (ਐਨਡੀਪੀਐਸ) ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦਰਜ ਕੀਤੀਆਂ ਗਈਆਂ ਵੱਖ-ਵੱਖ ਐਫਆਈਆਰਜ਼ ਵਿੱਚੋਂ ਸਾਹਮਣੇ ਆਇਆ ਹੈ। ਈਡੀ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਅਪਰਾਧਿਕ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।
ਕੇਂਦਰੀ ਜਾਂਚ ਏਜੰਸੀ ਨੇ ਕਿਹਾ ਕਿ ਜ਼ਬਤ ਕੀਤੀਆਂ ਜਾਇਦਾਦਾਂ ਵਿੱਚ ਗੁਰਦੀਪ ਸਿੰਘ ਰਾਣੋ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀਆਂ 16 ਅਚੱਲ ਜਾਇਦਾਦਾਂ ਤੇ ਰਾਜੇਸ਼ ਕੁਮਾਰ ਤੇ ਉਸ ਦੇ ਪਰਿਵਾਰਕ ਮੈਂਬਰਾਂ ਦੀਆਂ 11 ਅਚੱਲ ਜਾਇਦਾਦਾਂ ਸ਼ਾਮਲ ਹਨ। ਇਸ ਦੌਰਾਨ ਨਕਦੀ ਅਤੇ ਗਹਿਣੇ ਵੀ ਬਰਾਮਦ ਕੀਤੇ ਗਏ ਹਨ।
ਈਡੀ ਨੇ ਪੁਲੀਸ ਵੱਲੋਂ ਦਰਜ ਕੀਤੀ ਐੱਫਆਈਆਰ ਦਾ ਹਵਾਲਾ ਦਿੰਦਿਆਂ ਕਿਹਾ ਕਿ ਰਾਣੋ ਦੇ ਵਿਦੇਸ਼ ਵਿੱਚ ਰਹਿੰਦੇ ਕਥਿਤ ਨਸ਼ਾ ਤਸਕਰਾਂ ਸਿਮਰਨਜੀਤ ਸਿੰਘ ਅਤੇ ਤਨਵੀਰ ਬੇਦੀ ਨਾਲ ‘ਸਬੰਧ’ ਸਨ। ਉਨ੍ਹਾਂ ਕਿਹਾ ਕਿ ਰਾਜੇਸ਼ ਕੁਮਾਰ ਮੈਡੀਕਲ ਸਟੋਰ ਚਲਾਉਣ ਦੀ ਆੜ ਵਿੱਚ ਨਸ਼ੇ ਵੇਚ ਰਿਹਾ ਸੀ। ਉਨ੍ਹਾਂ ਕਿਹਾ ਕਿ ਦੋਵਾਂ ਮਾਮਲਿਆਂ ਵਿੱਚ ਅਚੱਲ ਜਾਇਦਾਦਾਂ ਸਬੰਧੀ ਮੁਲਜ਼ਮ ਕੋਈ ਦਸਤਾਵੇਜ਼ੀ ਸਬੂਤ ਪੇਸ਼ ਨਹੀਂ ਕਰ ਸਕੇ।