Punjab

‘ਆਪ’ MLA ਕੁੰਵਰ ਵਿਜੈ ਪ੍ਰਤਾਪ ਨੇ ਦਿੱਤਾ ਅਸਤੀਫਾ ,ਬਣੀ ਇਹ ਵਜ੍ਹਾ

AAP MLA Kunwar Vijay Pratap resigned. This is the reason

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ( AAP MLA Kunwar Vijay Pratap resigned ) ਨੇ ਸਰਕਾਰੀ ਵਿਸ਼ਵਾਸ ਕਮੇਟੀ ਦੇ ਆਪਣੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਬੇਅਦਬੀ ਮਾਮਲਿਆਂ ਨੂੰ ਲੈ ਕੇ ਨਿਰਾਸ਼ ਦੱਸੇ ਜਾ ਰਹੇ ਹਨ, ਜਿਸ ਕਾਰਨ ਅਸਤੀਫਾ ਦਿੱਤਾ ਗਿਆ ਹੈ। ਵਿਜੈ ਪ੍ਰਤਾਪ ਅੰਮ੍ਰਿਤਸਰ ਉਤਰੀ ਸੀਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ।

ਜਾਣਕਾਰੀ ਅਨੁਸਾਰ ਉਨ੍ਹਾਂ ਨੇ ਆਪਣਾ ਅਸਤੀਫਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਭੇਜ ਦਿੱਤਾ ਗਿਆ ਹੈ। ਹਾਲਾਂਕਿ ਅਜੇ ਅਸਤੀਫੇ ਨੂੰ ਮਨਜੂਰ ਨਹੀਂ ਕੀਤਾ ਗਿਆ ਹੈ, ਜਿਸ ‘ਤੇ ਸਪੀਕਰ ਨੇ ਫੈਸਲਾ ਲਿਆ ਜਾਣਾ ਹੈ।

ਗੌਰਤਲਬ ਹੈ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਸਰਕਾਰੀ ਟਰੱਸਟ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਸੀ ਪਰ ਵਿਧਾਨ ਸਭਾ ਸੈਸ਼ਨ ਦੌਰਾਨ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਬੇਅਦਬੀ ਮਾਮਲਿਆਂ ਦੀ ਜਾਂਚ ਨੂੰ ਲੈ ਕੇ ਲੰਬੀ ਚਰਚਾ ਦੀ ਮੰਗ ਕੀਤੀ। ਇਸ ਦੇ ਨਾਲ ਹੀ ਚਰਚਾ ਲਈ ਪੂਰਾ ਦਿਨ ਮੁਕੱਰਰ ਕਰਨ ਦੀ ਅਪੀਲ ਵੀ ਕੀਤੀ ਗਈ ਸੀ ਪਰ ਵਿਧਾਨ ਸਭਾ ਵੱਲੋਂ ਇਹ ਮੰਗ ਨਹੀਂ ਮੰਨੀ ਗਈ।

ਭਰੋਸਾ ਕਮੇਟੀ ਨੇ ਪੰਜਾਬ ਦੇ ਮੁੱਖ ਸਕੱਤਰ ਵੀਕੇ ਜੰਜੂਆ ਅਤੇ ਡੀਜੀਪੀ ਗੌਰਵ ਯਾਦਵ ਨੂੰ ਤਲਬ ਕੀਤਾ ਸੀ, ਪਰ ਉਸੇ ਦਿਨ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕਮੇਟੀ ਪ੍ਰਧਾਨਾਂ ਦੀ ਮੀਟਿੰਗ ਬੁਲਾਉਣ ਮਗਰੋਂ ਕੁੰਵਰ ਵਿਜੇ ਨੂੰ ਆਪਣੀ ਮੀਟਿੰਗ ਰੱਦ ਕਰਨੀ ਪਈ। ਮੰਨਿਆ ਜਾ ਰਿਹਾ ਹੈ ਕਿ ਇਸ ਨਾਰਾਜ਼ਗੀ ‘ਚ ਕੁੰਵਰ ਵਿਜੇ ਪ੍ਰਤਾਪ ਨੇ ਆਪਣਾ ਅਸਤੀਫਾ ਭੇਜ ਦਿੱਤਾ ਹੈ।

ਦੱਸ ਦੇਈਏ ਕਿ ਮਾਰਚ 2021 ਵਿੱਚ ਹਾਈ ਕੋਰਟ ਦੇ ਇੱਕ ਫੈਸਲੇ ਤੋਂ ਬਾਅਦ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਨੌਕਰੀ ਤੋਂ ਅਸਤੀਫਾ ਦੇ ਦਿੱਤਾ ਸੀ। ਫਿਰ ਉਹ ‘ਆਪ’ ‘ਚ ਸ਼ਾਮਲ ਹੋ ਗਏ। ਇਸ ਤੋਂ ਬਾਅਦ ਉਨ੍ਹਾਂ ਨੂੰ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਬਣਾਈ ਗਈ ਵਿਸ਼ੇਸ਼ ਕਮੇਟੀ ਦਾ ਮੈਂਬਰ ਵੀ ਬਣਾਇਆ ਗਿਆ ਸੀ ।