Punjab

ਵਿਜੀਲੈਂਸ ਬਿਊਰੋ ਵੱਲੋਂ ਜੰਗਲਾਤ ਮੁਲਾਜ਼ਮ ਦੋ ਲੱਖ ਰੁਪਏ ਦੀ ਰਿਸ਼ਵਤ ਲੈਂਦਾ ਗ੍ਰਿਫ਼ਤਾਰ

A forest employee was arrested by the Vigilance Bureau for accepting a bribe of two lakh rupees

ਮੁਹਾਲੀ : ਪੰਜਾਬ ਵਿਜੀਲੈਂਸ ਬਿਊਰੋ ( Punjab Vigilance Bureau ) ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ( CM Bhagwant Singh Mann ) ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਐਸ.ਏ.ਐਸ. ਨਗਰ ਸਥਿਤ ਪੰਜਾਬ ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਸਰਵੇਅਰ ਮਨਜਿੰਦਰ ਸਿੰਘ ਨੂੰ 2 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਉਪਰੰਤ ਐਸ.ਏ.ਐਸ.ਨਗਰ ਜਿਲ੍ਹੇ ਦੇ ਪਿੰਡ ਸਿੰਘਪੁਰਾ ਵਿੱਚ ਉਸਦੇ ਘਰ ਦੀ ਤਲਾਸ਼ੀ ਦੌਰਾਨ ਵਿਜੀਲੈਂਸ ਬਿਊਰੋ ਦੀ ਟੀਮ ਨੇ 1,04,200 ਰੁਪਏ ਦੀ ਨਗਦੀ ਬਰਾਮਦ ਕੀਤੀ ਹੈ। ਇਸ ਦੌਰਾਨ ਇਲਾਕਾ ਜੁਡੀਸ਼ੀਅਲ ਮੈਜਿਸਟਰੇਟ ਨੇ ਇਸ ਮਾਮਲੇ ਵਿੱਚ ਹੋਰ ਵਿਅਕਤੀਆਂ/ਕਰਮਚਾਰੀਆਂ ਦੀ ਸ਼ਮੂਲੀਅਤ ਬਾਰੇ ਪੁੱਛਗਿੱਛ ਕਰਨ ਲਈ ਉਕਤ ਮੁਲਜ਼ਮ ਨੂੰ ਚਾਰ ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਕਰਮਚਾਰੀ ਨੂੰ ਦਿਨਕਰ ਸਿੰਘ ਵਾਸੀ ਤਲਵੰਡੀ ਸਾਬੋ ਜ਼ਿਲ੍ਹਾ ਬਠਿੰਡਾ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਦੱਸਿਆ ਕਿ ਉਸਨੇ ਰਾਮਾਂ ਮੰਡੀ-ਤਲਵੰਡੀ ਸਾਬੋ ਮੁੱਖ ਸੜਕ ‘ਤੇ ਨਵਾਂ ਪੈਟਰੋਲ ਪੰਪ ਲਗਾਉਣ ਲਈ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨ.ਓ.ਸੀ.) ਲੈਣ ਲਈ ਅਰਜ਼ੀ ਦਿੱਤੀ ਹੋਈ ਹੈ ਅਤੇ ਉਕਤ ਕਥਿਤ ਮੁਲਜ਼ਮ ਕਰਮਚਾਰੀ ਨੇ ਇਹ ਸਰਟੀਫਿਕੇਟ ਦੇਣ ਲਈ 2 ਲੱਖ ਰੁਪਏ ਦੀ ਮੰਗ ਕੀਤੀ ਹੈ |

ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਕਰਮਚਾਰੀ ਨੂੰ ਐਸ.ਏ.ਐਸ.ਨਗਰ ਦੀ ਫੇਜ਼ 7 ਦੀ ਮਾਰਕੀਟ ਤੋਂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਤੋਂ 2 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਦੋਸ਼ੀ ਕਰਮਚਾਰੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਫਲਾਇੰਗ ਸਕੁਐਡ, ਪੰਜਾਬ, ਐਸ.ਏ.ਐਸ.ਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਦੇ ਪਿੰਡ ਸਿੰਘਪੁਰਾ ਵਿਖੇ ਮੁਲਜ਼ਮ ਦੇ ਘਰ ਦੀ ਤਲਾਸ਼ੀ ਦੌਰਾਨ ਵਿਜੀਲੈਂਸ ਬਿਊਰੋ ਦੀ ਟੀਮ ਨੇ 1,04,200 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਇਸ ਮਾਮਲੇ ਵਿੱਚ ਅਗਲੇਰੀ ਜਾਂਚ ਜਾਰੀ ਹੈ ਅਤੇ ਪੁਲਿਸ ਰਿਮਾਂਡ ਦੌਰਾਨ ਇਸ ਕੇਸ ਵਿੱਚ ਹੋਰ ਵਿਅਕਤੀਆਂ/ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ। ਸ਼ਿਕਾਇਤਕਰਤਾ ਅਨੁਸਾਰ ਇਸ ਕੰਮ ਲਈ ਉਹ ਪਹਿਲਾਂ ਹੀ ਉਸ ਕੋਲੋਂ 3 ਲੱਖ ਰੁਪਏ ਲੈ ਚੁੱਕਾ ਹੈ।