Punjab

‘ਆਪ’ ਵਿਧਾਇਕ ਦੀ ਗ੍ਰਿਫਤਾਰੀ ਤੋਂ ਬਾਅਦ ਵਿਰੋਧੀਆਂ ਦੇ ਨਿਸ਼ਾਨੇ ‘ਤੇ ਮਾਨ ਸਰਕਾਰ

After the arrest of the 'AAP' MLA the MANN government was targeted by the opponents

‘ਦ ਖ਼ਾਲਸ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਵਿਧਾਇਕ ਅਮਿਤ ਰਤਨ ਕੋਟਫੱਤਾ ਖਿਲਾਫ ਕੀਤੀ ਗਈ ਕਾਰਵਾਈ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਗ੍ਰਿਫਤਾਰੀ ਤੋਂ ਬਾਅਦ ਆਪਣੀ ਪਹਿਲੀ ਪ੍ਰਤੀਕਿਰਿਆ ਸਾਂਝੀ ਕੀਤੀ ਪਰ ਕਾਂਗਰਸ ਅਤੇ ਅਕਾਲੀ ਦਲ ‘ਆਪ’ ਨੂੰ ਘੇਰਨ ਦੀ ਤਿਆਰੀ ਕਰ ਰਹੇ ਹਨ।

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ‘ਆਪ’ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਇਹ ਕਾਰਵਾਈ ਬਹੁਤ ਛੋਟੀ ਹੈ ਪਰ ਬਹੁਤ ਦੇਰ ਨਾਲ ਕੀਤੀ ਗਈ ਹੈ। ਇਸ ਭ੍ਰਿਸ਼ਟ ਵਿਧਾਇਕ ਨੂੰ ਪਿਛਲੇ ਹਫ਼ਤੇ ਰਿਸ਼ਵਤ ਲੈਂਦਿਆਂ ਫੜਿਆ ਜਾਣਾ ਚਾਹੀਦਾ ਸੀ। “ਕੱਟੜ ਬੇਈਮਾਨ ਪਾਰਟੀ” ਨੇ ਉਸਨੂੰ ਜਾਂ ਵਿਜੇ ਸਿੰਗਲਾ ਅਤੇ ਫੌਜਾ ਸਰੀ ਵਰਗੇ ਹੋਰ ਭ੍ਰਿਸ਼ਟਾਂ ਨੂੰ ਬਰਖਾਸਤ ਨਹੀਂ ਕੀਤਾ ਹੈ। ਅਕਾਲੀ ਦਲ ਦੀ ਮੰਗ ਹੈ ਕਿ ਇਨ੍ਹਾਂ ਸਾਰਿਆਂ ਨੂੰ ਵਿਧਾਨ ਸਭਾ ਤੋਂ ਅਯੋਗ ਕਰਾਰ ਦਿੱਤਾ ਜਾਵੇ।

ਕਾਂਗਰਸੀ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਭ੍ਰਿਸ਼ਟ ‘ਆਪ’ ਵਿਧਾਇਕ ਅਮਿਤ ਰਤਨ ਕੋਟਫੱਤਾ ਦੀ ਗ੍ਰਿਫਤਾਰੀ ਨੇ ਸਾਡੀ ਪਾਰਟੀ ਦਾ ਸਟੈਂਡ ਸਹੀ ਸਾਬਤ ਕਰ ਦਿੱਤਾ ਹੈ। ਇੱਕ ਸਾਲ ਤੋਂ ਵੀ ਘੱਟ ਸਮੇਂ ਵਿੱਚ ਇਹ ਤੀਜਾ ‘ਆਪ’ ਵਿਧਾਇਕ ਹੈ ਜਿਸ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਹਨ। ਕੀ ਇਹ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਲੋਕਾਂ ਨਾਲ ਬਦਲਾਅ ਦਾ ਵਾਅਦਾ ਹੈ।

ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ‘ਆਪ’ ਦੇ ਭ੍ਰਿਸ਼ਟ ਵਿਧਾਇਕ ਕੋਟਫੱਤਾ ਦੀ ਗ੍ਰਿਫਤਾਰੀ ਨੇ ਆਪਣੇ ਆਪ ਨੂੰ ‘ਕੱਟੜ-ਇਮਾਨਦਾਰ’ ਕਹਾਉਣ ਵਾਲੀ ਪਾਰਟੀ ਦੇ ਅਰਵਿੰਦ ਕੇਜਰੀਵਾਲ ਦੀ ਅੰਦਰਲੀ ਗੰਦਗੀ ਦਾ ਪਰਦਾਫਾਸ਼ ਕਰ ਦਿੱਤਾ ਹੈ। ਉਨ੍ਹਾਂ ਦੀ ਗ੍ਰਿਫਤਾਰੀ ਲੋਕ ਸ਼ਕਤੀ ਦੀ ਜਿੱਤ ਹੈ ਕਿਉਂਕਿ ਭਗਵੰਤ ਮਾਨ ਵਿਧਾਨ ਸਭਾ ਵਿੱਚ ਵਿਰੋਧ ਦਾ ਸਾਹਮਣਾ ਕਰਨ ਤੋਂ ਡਰਦੇ ਸਨ। ਹੁਣ ਸਾਬਕਾ ਮੰਤਰੀ ਫੌਜਾ ਸਰਾਰੀ ਦੀ ਵੀ ਗ੍ਰਿਫਤਾਰੀ ਦੀ ਮੰਗ ਕਰ ਰਹੇ ਹਨ।

ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਬਠਿੰਡਾ ਦਿਹਾਤੀ ਤੋਂ ਵਿਧਾਇਕ ਅਮਿਤ ਰਤਨ (MLA Amit Ratan) ਨੂੰ ਵਿਜੀਲੈਂਸ ਨੇ ਜਾਂਚ ਤੋਂ ਬਾਅਦ ਬੀਤੀ ਦੇਰ ਰਾਤ ਗਿ੍ਫ਼ਤਾਰ ‌(AAP MLA Amit Ratan arrested) ਕਰ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਵਿਧਾਇਕ ਦੇ ਪੀਏ ਨੂੰ ਪੰਜਾਬ ਵਿਜੀਲੈਂਸ ਨੇ ਕੁਝ ਦਿਨ ਪਹਿਲਾਂ ਬਠਿੰਡਾ ਵਿਚ ਚਾਰ ਲੱਖ ਸਮੇਤ ਗਿ੍ਫ਼ਤਾਰ ਕਰ ਲਿਆ ਸੀ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ( CM Bhagwant Mann) ਨੇ ਵਿਜੀਲੈਂਸ ਬਿਊਰੋ ਵੱਲੋਂ ਬਠਿੰਡਾ ਦਿਹਾਤੀ ਤੋਂ ‘ਆਪ’ ਵਿਧਾਇਕ ਅਮਿਤ ਰਤਨ ਦੀ ਗ੍ਰਿਫਤਾਰੀ ਮਗਰੋਂ ਸਖਤ ਸੁਨੇਹਾ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਕਿਸੇ ਵੀ ਰਿਸ਼ਵਤਖੋਰ ਨੂੰ ਬਖਸ਼ਿਆ ਨਹੀਂ ਜਾਏਗਾ, ਚਾਹੇ ਉਹ ਕਿਸੇ ਵੀ ਅਹੁਦੇ ਉੱਪਰ ਹੋਵੇ। ਉਨ੍ਹਾਂ ਸਪਸ਼ਟ ਕੀਤਾ ਹੈ ਕਿ ਕਾਨੂੰਨ ਸਭ ਲਈ ਬਰਾਬਰ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਰਿਸ਼ਵਤਖ਼ੋਰੀ ਭਾਵੇਂ ਕਿਸੇ ਨੇ ਵੀ ..ਕਿਸੇ ਵੀ ਤਰੀਕੇ ਨਾਲ ਕੀਤੀ ਹੋਵੇ …ਬਰਦਾਸ਼ਤ ਨਹੀਂ ਕੀਤੀ ਜਾਵੇਗੀ…ਪੰਜਾਬ ਦੇ ਲੋਕਾਂ ਦਾ ਵਿਸ਼ਵਾਸ, ਪਿਆਰ ਤੇ ਉਮੀਦਾਂ ਮੇਰਾ ਹੌਸਲਾ ਬੁਲੰਦ ਰੱਖਦੀਆਂ ਨੇ..ਲੋਕਾਂ ਦੇ ਟੈਕਸ ਦਾ ਪੈਸਾ ਖਾਣ ਵਾਲਿਆਂ ਤੇ ਕੋਈ ਰਹਿਮ ਜਾਂ ਤਰਸ ਨਹੀਂ ..ਕਾਨੂੰਨ ਸਭ ਲਈ ਬਰਾਬਰ…