Punjab

ਅੰਮ੍ਰਿਤਪਾਲ ਨਕਲੀ ਸਿੱਖ , ਗੁਰੂ ਸਾਹਿਬ ਜੀ ਦੇ ਸਰੂਪ ਨੂੰ ਢਾਲ ਦੀ ਤਰ੍ਹਾਂ ਵਰਤਿਆ : ਮਜੀਠੀਆ

Amritpal fake Sikh used Guru Sahib Ji's form as a shield: Majithia

‘ਦ ਖ਼ਾਲਸ ਬਿਊਰੋ :  ਵੀਰਵਾਰ ਨੂੰ ਅਜਨਾਲਾ ਥਾਣੇ ਵਿੱਚ ਹੋਈ ਹਿੰਸਾ ਨੂੰ ਲੈਕੇ ਸਿਆਸੀ ਆਗੂਆਂ ਦੇ ਨਾਲ ਧਾਰਮਿਕ ਜਥੇਬੰਦੀਆਂ ਨੇ ਵੀ ਵਾਰਿਸ ਪੰਜਾਬ ਦੇ ਮੁੱਖੀ ਭਾਈ ਅੰਮ੍ਰਿਤਪਾਲ ਸਿੰਘ ‘ਤੇ ਵੱਡੇ ਸਵਾਲ ਚੁੱਕੇ ਹਨ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਅੰਮ੍ਰਿਤਪਾਲ ਸਿੰਘ ‘ਤੇ ਤਿੱਖੇ ਸਵਾਲ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਹੈ। ਗੁਰੂ ਸਾਹਿਬ ਜੀ ਦੇ ਸਰੂਪ ਨੂੰ ਢਾਲ ਦੀ ਤਰ੍ਹਾਂ ਵਰਤਿਆ ਹੈ।

ਮਜੀਠੀਆ ਨੇ ਕਿਹਾ ਕਿ ਇਹ ਨਾ ਸਿਰਫ਼ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਪੂਰੀ ਤਰ੍ਹਾਂ ਨਾਲ ਢਹਿ-ਢੇਰੀ ਹੋਣਾ ਹੈ, ਸਗੋਂ ਇਸ ਤੋਂ ਵੀ ਵੱਧ ਗੰਭੀਰ ਹੈ। ਮਜੀਠੀਆ ਨੇ ਕਿਹਾ ਅਜਨਾਲਾ ਪਾਕਿਸਤਾਨ ਤੋਂ ਸਿਰਫ਼ 10 ਕਿਲੋਮੀਟਰ ਦੀ ਦੂਰੀ ‘ਤੇ ਹੈ ਜਿਸ ਤਰ੍ਹਾਂ ਨਾਲ ਭਾਈ ਅੰਮ੍ਰਿਤਪਾਲ ਸਿੰਘ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਥਾਣੇ ਵਿੱਚ ਕੀਤਾ ਉਹ ਵੱਡਾ ਅਲਰਟ ਹੈ । ਉਨ੍ਹਾਂ ਨੇ ਕਿਹਾ ਅਦਾਲਤ ਨੇ ਤੈਅ ਕਰਨਾ ਹੈ ਕਿ ਕੋਈ ਗੁਨਾਹਗਾਰ ਹੈ ਜਾਂ ਬੇਗੁਨਾਹ ਜੇਕਰ ਇਸੇ ਤਰ੍ਹਾਂ ਹੀ ਥਾਣਿਆਂ ‘ਤੇ ਕਬਜ਼ਾ ਕਰਕੇ ਬੰਦਿਆਂ ਨੂੰ ਛਡਾਇਆ ਗਿਆ ਤਾਂ ਮਾਹੌਲ ਹੋਰ ਖਰਾਬ ਹੋ ਜਾਵੇਗਾ । ਉਨ੍ਹਾਂ ਨੇ ਪ੍ਰਦਰਸ਼ਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਢਾਲ ਬਣਾਉਣ ਨੂੰ ਲੈਕੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੇ ਅਜਿਹਾ ਕਰਕੇ ਬੇਅਦਬੀ ਕੀਤੀ ਹੈ ।

ਉਨ੍ਹਾਂ ਨੇ ਅੰਮ੍ਰਿਤਪਾਲ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਵਿੱਚ ਗੁਰੂ ਦਾ ਸਿੱਖ ਕਹਾਉਣ ਵਾਲੀ ਕੋਈ ਵੀ ਗੱਲ ਨਹੀਂ ਹੈ। ਅੰਮ੍ਰਿਤਪਾਲ ਦੀ ਇੱਕ ਵੀਡੀਓ ਦਿਖਾਉਂਦੇ ਹੋਏ ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤਪਾਲ ਦੀ ਇਸ ਕਾਰਵਾਈ ਵਿੱਚ ਅਸਿੱਧੇ ਤੌਰ ‘ਤੇ ਸਰਕਾਰ ਦਾ ਹੱਥ ਹੈ। ਉਨ੍ਹਾਂ ਨੇ ਕਿਹਾ ਅੰਮ੍ਰਿਤਪਾਲ ਨੇ ਜੋ ਕੁਝ ਵੀ ਕੀਤਾ ਹੈ ਇਹ ਸਰਕਾਰਾਂ ਦੇ ਇਸ਼ਾਰਿਆਂ ‘ਤੇ ਕੀਤੇ ਹੈ। ਮਜੀਠੀਆ ਨੇ ਕਿਹਾ ਕਿ ਅੰਮ੍ਰਿਤਪਾਲ ਆਪਣੇ ਨਾਲ ਹਥਿਆਰਬੰਦ ਨਾਲ ਲੈ ਕੇ ਪੰਜਾਬ ਦੇ ਕਾਨੂੰਨ ਅਵਸਥਾ ਨੂੰ ਢਾਹ ਲਾ ਰਿਹਾ ਹੈ ।

ਅੰਮ੍ਰਿਤਪਾਲ ਸਿੰਘ ਅਤੇ ਸਮਰਥਕਾਂ ਖ਼ਿਲਾਫ਼ ਪਰਚਾ ਦਰਜ ਕਰਵਾਉਣ ਵਾਲੇ ਚਮਕੌਰ ਸਾਹਿਬ ਦੇ ਵਸਨੀਕ ਵਰਿੰਦਰ ਸਿੰਘ ਦਾ ਜ਼ਿਕਰ ਕਰਦਿਆਂ ਮਜੀਠੀਆ ਨੇ ਕਿਹਾ ਕਿ ਉਸ ਨੌਜਵਾਨ ਦੀ ਗੱਲ ਸੁਣਨੀ ਚਾਹੀਦੀ ਹੈ ਜਿਸ ਨੂੰ  ਦਿਮਾਗੀ ਤੌਰ ਉਤੇ ਬਿਮਾਰ ਕਿਹਾ ਜੈ ਰਿਹਾ ਹੈ ਅਤੇ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਝੂਠ ਬੋਲਿਆ ਜਾ ਰਿਹਾ ਹੈ।

ਮਜੀਠੀਆ ਨੇ ਕਿਹਾ ਕਿ ਪੰਜਾਬ ਅਤੇ ਦੁਨੀਆ ਭਰ ਵਿੱਚ ਸਿੱਖ ਅਤੇ ਹਰ ਵਰਗ ਦੇ ਲੋਕ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਆਦਰ ਸਤਿਕਾਰ ਵਿੱਚ ਫੁੱਲਾਂ ਦੀਆਂ ਸੇਜਾਂ ਵਿਛਾਉਂਦੇ ਹਨ ਪਰ ਦੂਜੇ ਪਾਸੇ ਅੰਮ੍ਰਿਤਪਾਲ ਨੇ ਗੁਰੂ ਸਾਹਿਬ ਜੀ ਨੂੰ ਆਪਣੀ ਨਿੱਜੀ ਲੜਾਈ ਲਈ ਅੱਗੇ ਕਰਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਘਟਨਾ ਤੋਂ ਇਹ ਸਾਫ ਹੋ ਗਿਆ ਹੈ ਕਿ ਪੰਜਾਬ ਦੇ ਹਾਲਾਤ ਵਿਗਾੜਨ ਦੇ ਕੋਸ਼ਿਸ਼ ਕੀਤੀ ਜਾ ਰਹੀ ਹੈ।

ਮਜੀਠੀਆ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਜਲੂਪੁਰ ਖੇੜਾ ਤੋਂ ਚੱਲ ਕੇ ਥਾਣੇ ਪਹੁੰਚੇ ਸਨ ਇਸ ਵਿਚਕਾਰ ਕਿਓ ਨਹੀਂ ਰੋਕਿਆ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਗੁਰੂ ਦੇ ਸਿੱਖ ਨੂੰ ਸ਼ੋਭਾ ਨਹੀਂ ਦਿੰਦਾ ਕਿ ਪਾਵਨ ਸਰੂਪ ਦੀ ਆੜ ਲਈ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਪੁਲਿਸ ਵਾਲੇ ਵੀ ਸਿੱਖ ਹਨ ਉਨ੍ਹਾਂ ਉੱਤੇ ਹਮਲਾ ਕਿਓਂ ਕੀਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੁਲਿਸ ਮੁਲਾਜ਼ਮਾਂ ਉੱਤੇ ਹਮਲਾ ਕਰਨਾ ਅਤਿ ਨਿੰਦਣਯੋਗ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਹ ਸਾਰੀ ਘਟਨਾ ਸਰਕਾਰਾਂ ਦੀ ਮਿਲੀਭੁਗਤ ਨਾਲ ਹੋਈ ਹੈ।

ਬਿਕਰਮ ਸਿੰਘ ਮਜੀਠੀਆ ਦਾ ਕਹਿਣਾ ਹੈ ਕਿ ਸੰਤ ਜਰਨੈਲ ਸਿੰਘ ਭਿੰਡਰਾਵਾਲੇ ਵਾਲੇ ਮਹਾਪੁਰਸ਼ ਸਨ ਉਨ੍ਹਾਂ ਦੀ ਨਕਲ ਕਰਕੇ ਕੋਈ ਸੰਤ-ਸਿਪਾਹੀ ਨਹੀਂ ਬਣ ਜਾਂਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਅਤੇ ਡੀਜੀਪੀ ਦੀ ਮਿਲੀਭੁਗਤ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿਰਫ਼ ਢੋਂਗੀ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਜਿਹੜਾ ਨਕਲ ਕਰਦਾ ਹੈ ਉਹ ਕਦੇ ਅਸਲ ਨਹੀ ਬਣ ਜਾਂਦਾ ਹੈ। ਬਿਕਰਮ ਸਿੰਘ ਮਜੀਠੀਆ ਦਾ ਕਹਿਣਾ ਹੈ ਕਿ ਐੱਸਐਸਪੀ ਦਾ ਕਹਿਣਾ ਹੈ ਕਿ ਪਰਚਾ ਗਲਤ ਕੀਤਾ ਗਿਆ ਸੀ ਤਾਂ ਹੁਣ ਫਿਰ ਪੁਲਿਸ ਖਿਲਾਫ਼ ਕਾਰਵਾਈ ਹੋਵੇਗੀ।