Punjab

ਰਤਨ ਨੂੰ ਜੇਲ੍ਹ ਦੇ ਵੱਖਰੇ ਸੈੱਲ ‘ਚ ਰੱਖਿਆ

MLA Amit Ratan was kept in central jail of Patiala

‘ਦ ਖ਼ਾਲਸ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤੇ ਗਏ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਨੂੰ ਕੇਂਦਰੀ ਜੇਲ੍ਹ ਪਟਿਆਲਾ ’ਚ ਬੰਦ ਕਰ ਦਿੱਤਾ ਗਿਆ ਹੈ। ਵਿਧਾਇਕ ਨੂੰ ਵੱਖਰੇ ਸੈੱਲ ਵਿੱਚ ਇਕੱਲਿਆਂ ਹੀ ਰੱਖਿਆ ਗਿਆ ਹੈ, ਜਦਕਿ ਆਮ ਤੌਰ ’ਤੇ ਇੱਕ ਕੈਦੀ ਨਾਲ ਦੋ ਹੋਰ ਕੈਦੀ ਜਾਂ ਹਵਾਲਾਤੀ ਵੀ ਰੱਖੇ ਜਾਂਦੇ ਹਨ। ਵਿਧਾਇਕ ਅਮਿਤ ਰਤਨ ਨੂੰ ਦੇਰ ਰਾਤ ਪਟਿਆਲਾ ਜੇਲ੍ਹ ਵਿੱਚ ਲਿਆਂਦਾ ਗਿਆ, ਜਿਸ ਕਰਕੇ ਅਜੇ ਜੇਲ੍ਹ ਪ੍ਰਸ਼ਾਸਨ ਵੱਲੋਂ ਮੁੱਢਲੀ ਕਾਰਵਾਈ ਹੀ ਕੀਤੀ ਗਈ ਹੈ। ਵਿਧਾਇਕ ਦਾ ਮੈਡੀਕਲ ਤੇ ਹੋਰ ਕਾਰਵਾਈ ਕੱਲ੍ਹ ਕੀਤੀ ਜਾਵੇਗੀ।

ਵਿਜੀਲੈਂਸ ਬਿਊਰੋ ਨੇ ਵਿਧਾਇਕ ਅਮਿਤ ਰਤਨ ਨੂੰ ਗ੍ਰਿਫਤਾਰ ਕੀਤਾ ਸੀ। ਬਠਿੰਡਾ ਵਿੱਚ ਉਨ੍ਹਾਂ ਦਾ ਪੀਏ ਰਿਸ਼ਵਤ ਲੈਂਦਾ ਫੜਿਆ ਗਿਆ ਸੀ। ਵਿਜੀਲੈਂਸ ਨੇ ਅੱਧੀ ਰਾਤ ਨੂੰ ਜਾਲ ਵਿਛਾ ਕੇ ਰਾਜਪੁਰਾ ਤੋਂ ਵਿਧਾਇਕ ਨੂੰ ਕਾਬੂ ਕੀਤਾ ਸੀ। 16 ਫਰਵਰੀ ਨੂੰ ਉਸ ਦਾ ਪ੍ਰਾਈਵੇਟ ਪੀਏ ਰਿਸ਼ਮ ਸਿੰਘ 4 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਬਠਿੰਡਾ ਵਿੱਚ ਫੜਿਆ ਗਿਆ ਸੀ। ਵਿਜੀਲੈਂਸ ਨੇ ਵਿਧਾਇਕ ਨੂੰ ਕਲੀਨ ਚਿੱਟ ਦੇ ਦਿੱਤੀ ਸੀ ਜਿਸ ਤੋਂ ਬਾਅਦ ‘ਆਪ’ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਗਈ ਸੀ।

ਵਿਧਾਇਕ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਵਿਜੀਲੈਂਸ ਵਿਧਾਇਕ ਨੂੰ ਬਠਿੰਡਾ ਲੈ ਕੇ ਗਈ। ਉਥੇ ਹੀ ਵਿਜੀਲੈਂਸ ਦਫਤਰ ‘ਚ ਨਿੱਜੀ ਪੀਏ ਅਤੇ ਵਿਧਾਇਕ ਤੋਂ ਆਹਮੋ-ਸਾਹਮਣੇ ਪੁੱਛਗਿੱਛ ਕੀਤੀ ਗਈ ਸੀ। ਇਸ ਤੋਂ ਬਾਅਦ ਰਿਸ਼ਵਤ ਦੇਣ ਵਾਲੀ ਮਹਿਲਾ ਸਰਪੰਚ ਦੇ ਪਤੀ ਨੇ ਆਡੀਓ ਰਿਕਾਰਡਿੰਗ ਜਾਰੀ ਕੀਤੀ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਪ੍ਰਾਈਵੇਟ ਪੀਏ ਰੇਸ਼ਮ ਗਰਗ ਨੇ ਸਰਪੰਚ ਦੇ ਪਤੀ ਦੀ ਵਿਧਾਇਕ ਨਾਲ ਸਰਕਟ ਹਾਊਸ ਵਿੱਚ ਮੀਟਿੰਗ ਕਰਵਾਈ ਸੀ। ਜਿਸ ਵਿੱਚ ਵਿਧਾਇਕ ਨੂੰ ਸਰਪੰਚ ਦੇ ਪਤੀ ਨਾਲ ਸੌਦੇਬਾਜ਼ੀ ਕਰਦੇ ਸੁਣਿਆ ਗਿਆ। ਇਸ ਆਡੀਓ ਦੀ ਜਾਂਚ ਕੀਤੀ ਗਈ ਹੈ। ਜਿਸ ਵਿੱਚ ਵਿਧਾਇਕ ਦੀ ਆਵਾਜ਼ ਹੋਣ ਦੀ ਪੁਸ਼ਟੀ ਹੋਣ ਤੋਂ ਬਾਅਦ ਵਿਜੀਲੈਂਸ ਨੇ ਇਹ ਕਾਰਵਾਈ ਕੀਤੀ ਹੈ।

ਕੁਝ ਦਿਨ ਪਹਿਲਾਂ ਜਦੋਂ ਉਨ੍ਹਾਂ ਦੇ ਪ੍ਰਾਈਵੇਟ ਪੀਏ ਰੇਸ਼ਮ ਸਿੰਘ ਨੇ ਬਠਿੰਡਾ ਦੇ ਸਰਕਟ ਹਾਊਸ ਵਿਖੇ ਰਿਸ਼ਵਤ ਦੀ ਰਕਮ ਲਈ ਤਾਂ ਵਿਧਾਇਕ ਕੋਟਫੱਤਾ ਕਾਰ ਤੋਂ ਹੇਠਾਂ ਉਤਰ ਕੇ ਕੁਝ ਲੋਕਾਂ ਨਾਲ ਗੱਲਬਾਤ ਕਰ ਰਹੇ ਸਨ। ਵਿਜੀਲੈਂਸ ਨੇ ਇਹ ਕਾਰਵਾਈ ਡੀਐਸਪੀ ਸੰਦੀਪ ਸਿੰਘ ਦੀ ਅਗਵਾਈ ਵਿੱਚ ਕੀਤੀ ਹੈ। ਪੀਏ ਰੇਸ਼ਮ ਸਿੰਘ ਨੇ ਵੀ ਗ੍ਰਿਫਤਾਰੀ ਦੌਰਾਨ ਭੱਜਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਸ ਤੋਂ ਬਾਅਦ ਵਿਧਾਇਕ ਨੂੰ ਵੀ ਟੀਮ ਨੇ ਹਿਰਾਸਤ ਵਿੱਚ ਲੈ ਲਿਆ। ਦੋਵਾਂ ਤੋਂ ਸਰਕਟ ਹਾਊਸ ‘ਚ ਬੈਠ ਕੇ ਕਈ ਘੰਟੇ ਪੁੱਛਗਿੱਛ ਕੀਤੀ ਗਈ।

ਪੈਸੇ ਦੇਣ ਵਾਲੀ ਸਰਪੰਚ ਦੇ ਪਤੀ ਨੇ ਦੋਸ਼ ਲਾਏ ਸਨ

ਪਿੰਡ ਘੁੱਦਾ ਦੀ ਸਰਪੰਚ ਸੀਮਾ ਰਾਣੀ ਦੇ ਪਤੀ ਪ੍ਰਿਤਪਾਲ ਕੁਮਾਰ ਨੇ ਦੋਸ਼ ਲਾਇਆ ਸੀ ਕਿ ਬੀਡੀਪੀਓ ਦਫ਼ਤਰ ਦੇ ਲੋਕ 4 ਸਾਲਾਂ ਤੋਂ ਸਾਨੂੰ ਤੰਗ ਪ੍ਰੇਸ਼ਾਨ ਕਰ ਰਹੇ ਹਨ। ਸਰਪੰਚ ਅਤੇ ਉਸ ਦੇ ਪਤੀ ਨੇ ਵਿਜੀਲੈਂਸ ਬਿਊਰੋ ਨੂੰ ਜਾਣਕਾਰੀ ਦਿੰਦਿਆਂ ਇਹ ਇਲਜਾਮ ਲਾਇਆ ਕਿ ਗ੍ਰਾਮ ਪੰਚਾਇਤ ਘੁੱਦਾ ਨੂੰ 15ਵੇਂ ਵਿੱਤ ਕਮਿਸ਼ਨ ਤਹਿਤ ਬਲਾਕ ਸੰਮਤੀ ਰਾਹੀਂ ਪ੍ਰਾਪਤ 25 ਲੱਖ ਰੁਪਏ ਦੀ ਸਰਕਾਰੀ ਗ੍ਰਾਂਟ ਨੂੰ ਬੀਡੀਪੀਓ ਤੋਂ ਰਿਲੀਜ ਕਰਾਉਣ ਬਦਲੇ ਮੁਲਜ਼ਮ ਉਸ ਕੋਲੋਂ 5 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ ਪਰ ਉਹ ਇਸ ਕੰਮ ਲਈ ਰਿਸ਼ਵਤ ਨਹੀਂ ਦੇਣਾ ਚਾਹੁੰਦੀ ਸੀ। ਹਾਲਾਂਕਿ ਮੁਲਜ਼ਮ ਉਸ ਕੋਲੋਂ ਪਹਿਲੀ ਕਿਸ਼ਤ ਵਜੋਂ 50,000 ਰੁਪਏ ਲੈ ਚੁੱਕਾ ਹੈ ਅਤੇ ਬਾਕੀ ਰਹਿੰਦੀ ਰਿਸ਼ਵਤ ਦੀ ਰਕਮ ਲੈਣ ਲਈ ਵਾਰ ਵਾਰ ਮੰਗ ਕਰ ਰਿਹਾ ਸੀ।

ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ ਤੇ ਇਸ ਮੁਲਜ਼ਮ ਨੂੰ ਸ਼ਿਕਾਇਤਕਰਤਾ ਕੋਲੋਂ ਦੂਜੀ ਕਿਸ਼ਤ ਵਜੋਂ 4 ਲੱਖ ਰੁਪਏ ਰਿਸ਼ਵਤ ਦੀ ਰਕਮ ਹਾਸਲ ਕਰਦਿਆਂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਇਸ ਮੁਲਜ਼ਮ ਦੇ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ।

ਵਿਜੀਲੈਂਸ ਬਿਊਰੋ ਦੀ ਕਾਰਵਾਈ ਤੋਂ ਬਾਅਦ ਵਿਧਾਇਕ ਅਮਿਤ ਰਤਨ ਨੇ ਕਿਹਾ ਸੀ ਕਿ ਉਸ ਦਾ ਰੇਸ਼ਮ ਗਰਗ ਨਾਲ ਕੋਈ ਸਬੰਧ ਨਹੀਂ ਹੈ। ਰੇਸ਼ਮ ਉਸਦਾ PA ਨਹੀਂ ਹੈ। ਜਿਸ ਨੇ ਵੀ ਰਿਸ਼ਵਤ ਲਈ ਹੈ, ਉਸ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇ। ਅਮਿਤ ਰਤਨ ਨੇ ਪੁਲਿਸ ਪ੍ਰਸ਼ਾਸਨ ਤੋਂ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਸੀ।

‘ਆਪ’ ਸਰਕਾਰ ਦੇ 2 ਮੰਤਰੀ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਆਪਣੀ ਕੁਰਸੀ ਗੁਆ ਚੁੱਕੇ ਹਨ

ਪੰਜਾਬ ‘ਚ ਆਮ ਆਦਮੀ ਪਾਰਟੀ ਦੇ ਸੱਤਾ ‘ਚ ਆਉਣ ਦੇ 11 ਮਹੀਨਿਆਂ ‘ਚ ਭ੍ਰਿਸ਼ਟਾਚਾਰ ਦੇ ਮਾਮਲਿਆਂ ‘ਚ ਦੋ ਮੰਤਰੀ ਆਪਣੀ ਕੁਰਸੀ ਗਵਾ ਬੈਠੇ। ਪਹਿਲਾਂ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖਾਸਤ ਕੀਤਾ ਗਿਆ ਸੀ। ਉਸ ‘ਤੇ ਕੰਮ ਦੇ ਬਦਲੇ ਠੇਕੇਦਾਰ ਤੋਂ ਕਮਿਸ਼ਨ ਮੰਗਣ ਦਾ ਦੋਸ਼ ਸੀ।