ਮਾਨਸਾ ਦੇ ਪਿੰਡ ਕੋਟਲੀ ਕਲਾਂ ਵਿਚ ਛੇ ਸਾਲਾਂ ਦੇ ਬੱਚੇ ਦੀ ਬੁਲੇਟ ਮੋਟਰਸਾਈਕਲ ਸਵਾਰ ਦੋ ਜਾਣਿਆ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਮੌਕੇ ਸਿੱਧੂ ਮੂਸੇਵਾਲਾ ਦੇ ਮਾਪੇ ਪੀੜਤ ਪਰਿਵਾਰ ਨਾਲ ਦੁੱਖ ਵੰਡਾਉਣ ਉਨ੍ਹਾਂਣ ਦੇ ਘਰ ਪਹੁੰਚੇ ਹਨ। ਇਸ ਮੌਕੇ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਨੇ ਪੀੜਤ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਇਸੇ ਦੌਰਾਨ ਸਿੱਧੂ ਮੂਸੇਵਾਲ ਦੇ ਮਾਤਾ ਪਿਤਾ ਨੇ ਮੀਡੀਆ ਤੋਂ ਦੂਰੀ ਬਣਾ ਕੇ ਰੱਖੀ ਅਤੇ ਮੀਡੀਆ ਨਾਲ ਕੋਈ ਗੱਲਬਾਤ ਕਰਨ ਤੋਂ ਗੁਰੇਜ਼ ਕੀਤਾ।
ਉੱਥੇ ਹੀ ਮ੍ਰਿਕਤ ਦੇ ਰਿਸ਼ਤੇਦਾਰਾਂ ਨੇ ਪੰਜਾਬ ਸਰਕਾਰ ਅਤੇ ਪ੍ਰਸਾਸ਼ਨ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਸਹੀ ਅਤੇ ਨਿਰਪੱਖ ਜਾਂਚ ਕੀਤੀ ਜਾਵੇ ਤਾਂ ਜੋ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ ਦਿੱਤੀ ਜਾ ਸਕੇ।
ਦੱਸ ਦਈਏ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕੋਟਲੀ ਵਾਸੀ ਜਸਪ੍ਰੀਤ ਸਿੰਘ ਆਪਣੇ ਲੜਕੇ-ਲੜਕੀ ਨਾਲ ਘਰ ਜਾ ਰਿਹਾ ਸੀ ਤਾਂ ਅਚਾਨਕ ਬੁਲੇਟ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਇਸ ਦੌਰਾਨ ਗੋਲੀ ਬੱਚੇ ਦੇ ਸਿਰ ‘ਚ ਲੱਗ ਗਈ, ਜਿਸ ਨੂੰ ਸਿਵਲ ਹਸਪਤਾਲ ਮਾਨਸਾ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸਦੇ ਨਾਲ ਬੱਚੇ ਦੀ ਭੈਣ ਦੀ ਵੀ ਜ਼ਖ਼ਮੀ ਗਈ ਜਿਸ ਨੂੰ ਪੀਜੀਆਈ ਰੈਫਰ ਕਰ ਦਿੱਤਾ ਗਿਆ ਸੀ।
ਮ੍ਰਿਤਕ ਦੇ ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ ਪਰ 6 ਸਾਲ ਦੇ ਬੱਚੇ ਨੂੰ ਮਾਰਨਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ। ਇਸ ਲਈ ਉਹ ਇਨਸਾਫ਼ ਦੀ ਮੰਗ ਕਰਦੇ ਹਨ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇਹ ਲੋਕ ਪਿੰਡ ਦੇ ਹੀ ਵਸਨੀਕ ਹਨ। ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਪਿੰਡ ਵਾਸੀਆਂ ਦੇ ਦੱਸਣ ਮੁਤਾਬਕ ਜਸਪ੍ਰੀਤ ਸਿੰਘ ਨਾਮੀ ਵਿਅਕਤੀ ਆਪਣੇ 6 ਸਾਲ ਦੇ ਬੇਟੇ ਅਤੇ ਬੇਟੀ ਨਾਲ ਪੈਦਲ ਘਰ ਜਾ ਰਿਹਾ ਸੀ ਕਿ ਅਚਾਨਕ ਬੁਲੇਟ ਮੋਟਰਸਾਈਕਲ ਤੇ ਆਏ ਦੋ ਵਿਅਕਤੀਆਂ ਨੇ ਬੱਚੇ ਨੂੰ ਗੋਲੀ ਮਾਰ ਦਿੱਤੀ, ਜਿਸ ਨਾਲ ਉਸਦੀ ਮੌਤ ਹੋ ਗਈ।
ਵਾਰਦਾਤ ਦੇ ਬਾਅਦ ਪੁਲਿਸ ਘਟਨਾ ਵਾਲੀ ਥਾਂ ‘ਤੇ ਪਹੁੰਚੀ। ਐੱਸਐੱਸਪੀ ਡਾ. ਨਾਨਕ ਸਿੰਘ ਤੇ ਡੀਐੱਸਪੀ ਸੰਜੀਵ ਗੋਇਲ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਹੁਣ ਤੱਕ ਦੋ ਲੋਕਾਂ ਨੂੰ ਰਾਊਂਡਅਪ ਕੀਤਾ ਹੈ। ਇਸਦੇ ਨਾਲ ਹੀ ਇਹ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਪੁਲਿਸ ਨੇ ਮਾਨਸਾ ਤੇ ਆਸਪਾਸ ਦੇ ਇਲਾਕਿਆਂ ਵਿਚ ਛਾਪੇਮਾਰੀ ਸ਼ੁਰੂ ਕੀਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦ ਹੀ ਕੇਸ ਨੂੰ ਸੁਲਝਾ ਲਿਆ ਜਾਵੇਗਾ।