Punjab

ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਨਹੀਂ ਲਿਖੀ ਕੋਈ ਵੀ ‘ਗੋਵਿੰਦ ਰਮਾਇਣ’, ਸਿੱਖ ਜਥੇਬੰਦੀਆਂ ਦਾ PM ਨੂੰ ਜਵਾਬ

‘ਦ ਖ਼ਾਲਸ ਬਿਊਰੋ:- ਸਿੱਖ ਜਥੇਬੰਦੀਆਂ ਦੇ ਸਮੂਹ ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਅਤੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ, ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਨੇਜਰ ਜਸਵਿੰਦਰ ਸਿੰਘ ਐਡਵੋਕੇਟ ਅਤੇ ਸਿੱਖ ਵਿਦਵਾਨ ਅਮਰਜੀਤ ਸਿੰਘ ਨੇ 5 ਅਗਸਤ ਨੂੰ ਅਯੁੱਧਿਆ ਰਾਮ ਮੰਦਿਰ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਆਪਣੇ ਜੀਵਨ ਕਾਲ ਦੌਰਾਨ ‘ਗੋਵਿੰਦ ਰਮਾਇਣ’ ਨਾਂ ਦੀ ਰਮਾਇਣ ਲਿਖਣ ਦੇ ਬਿਆਨ ਨੂੰ ਰੱਦ ਕਰਦਿਆਂ ਮੋਦੀ ਵੱਲੋਂ ਇਸ ਬਿਆਨ ਲਈ ਲੋਕਾਂ ਤੋਂ ਮੁਆਫ਼ੀ ਮੰਗਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ‘ਗੋਵਿੰਦ ਰਮਾਇਣ’ ਲਿਖੇ ਜਾਣ ਬਾਰੇ ਕਹਿ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਹੈ ਜਦਕਿ ਅਸਲੀਅਤ ’ਚ ਅਜਿਹਾ ਕੋਈ ਵੀ ਗ੍ਰੰਥ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਨਹੀਂ ਲਿਖਿਆ ਹੈ।

ਸਿੱਖ ਜਥੇਬੰਦੀਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਕੀਤੀ ਗਈ ਇਹ ਗੱਲ ਭਵਿੱਖ ਵਿੱਚ ਇਤਿਹਾਸਕ ਹਵਾਲਾ ਬਣੇਗੀ, ਇਸ ਲਈ ਇਸ ਦਾ ਵਿਰੋਧ ਕਰਨਾ ਜ਼ਰੂਰੀ ਬਣਦਾ ਹੈ।’ ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸਿੱਖਾਂ ਦੀ ਨੁਮਾਇੰਦਾ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ ਪਰ ਉਨ੍ਹਾਂ ਅਜੇ ਤੱਕ ਇਸ ਖਿਲਾਫ਼ ਕੋਈ ਗੱਲ ਨਹੀਂ ਆਖੀ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਅਜੇ ਤੱਕ ਇਸ ਬਾਰੇ ਕੋਈ ਟਿੱਪਣੀ ਨਹੀਂ ਕੀਤੀ ਹੈ।

ਸਿੱਖ ਆਗੂਆਂ ਨੇ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਦਾ ਦਾਅਵਾ ਤੱਥਾਂ ’ਤੇ ਆਧਾਰਿਤ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਜਪਾ ਅਤੇ RSS ਵੱਲੋਂ ਕਈ ਵਾਰ ਸਿੱਖਾਂ ਨੂੰ ਹਿੰਦੂ ਧਰਮ ਦਾ ਹਿੱਸਾ ਕਿਹਾ ਗਿਆ ਹੈ। ਅਯੁੱਧਿਆ ’ਚ ਹੋਏ ਸਮਾਗਮ ਵਿੱਚ ਸ਼ਾਮਲ ਹੋਏ ਤਖ਼ਤ ਸ਼੍ਰੀ ਪਟਨਾ ਸਾਹਿਬ ਜੀ ਦੇ ਸਾਬਕਾ ਅਤੇ ਵਿਵਾਦਿਤ ਜਥੇਦਾਰ ਗਿਆਨੀ ਇਕਬਾਲ ਸਿੰਘ ਵੱਲੋਂ ਸਿੱਖ ਕੌਮ ਨੂੰ ਲਵ-ਕੁਸ਼ ਦੇ ਵੰਸ਼ਜ ਦੱਸੇ ਜਾਣ ਬਾਰੇ ਉਨ੍ਹਾਂ ਕਿਹਾ ਕਿ ਇਹ ਇੱਕ ਮਿੱਥ ਹੈ ਤੇ ਇਸ ਵਿੱਚ ਕੋਈ ਸੱਚਾਈ ਨਹੀਂ ਹੈ ਅਤੇ ਸਿੱਖ ਸਿਰਫ਼ ਅਕਾਲ ਪੁਰਖ ਦੀ ਔਲਾਦ ਹਨ।