ਲੁਧਿਆਣਾ : ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਖੰਨਾ ਕਸਬੇ ਦੇ SDM ਦਫ਼ਤਰ ਵਿੱਚ ਅੱਜ ਐਤਵਾਰ ਸਵੇਰੇ ਤੜਕੇ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਅੱਗ ਪਹਿਲੀ ਮੰਜ਼ਿਲ ‘ਤੇ ਸਥਿਤ ਮੀਟਿੰਗ ਹਾਲ ‘ਚ ਲੱਗੀ ਸੀ। ਅੱਗ ਇੰਨੀ ਭਿਆਨਕ ਸੀ ਕਿ ਮੀਟਿੰਗ ਹਾਲ ਦਾ ਫਰਨੀਚਰ ਅਤੇ ਹੋਰ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ। ਇਸ ਦੀ ਸੂਚਨਾ ਤੁਰੰਤ ਕੰਟਰੋਲ ਰੂਮ ਨੂੰ ਦਿੱਤੀ ਗਈ। ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾ ਲਿਆ ਹੈ।
ਜਾਣਕਾਰੀ ਅਨੁਸਾਰ ਹੌਲਦਾਰ ਹਰਵਿੰਦਰ ਸਿੰਘ ਨੇ ਸ਼ੀਸ਼ਾ ਟੁੱਟਣ ਦੀ ਆਵਾਜ਼ ਸੁਣੀ। ਇਹ ਸੁਣ ਕੇ ਜਦੋਂ ਉਹ ਮੀਟਿੰਗ ਹਾਲ ਵੱਲ ਗਏ ‘ਤਾਂ ਕਮਰੇ ਵਿਚ ਅੱਗ ਦੇਖ ਕੇ ਉਹ ਦੰਗ ਰਹਿ ਗਏ। ਉਸ ਨੇ ਤੁਰੰਤ ਫਾਇਰ ਬ੍ਰਿਗੇਡ ਸੂਚਿਤ ਕੀਤਾ। ਫਾਇਰ ਬ੍ਰਿਗੇਡ ਦੇ ਕਰਮਚਾਰੀ ਸਮੇਂ ‘ਤੇ ਮੌਕੇ ‘ਤੇ ਪਹੁੰਚ ਗਏ ਅਤੇ ਕਰੀਬ ਡੇਢ ਘੰਟੇ ਦੀ ਜੱਦੋਜਹਿਦ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਮੀਟਿੰਗ ਹਾਲ ਦਾ ਕਮਰਾ ਪੀਵੀਸੀ ਨਾਲ ਢੱਕਿਆ ਹੋਇਆ ਸੀ ਜਿਸ ਕਾਰਨ ਅੱਗ ਹੋਰ ਫੈਲ ਗਈ।
ਅੱਗ ਲੱਗਣ ਦਾ ਪਤਾ ਲੱਗਦਿਆਂ ਹੀ SDM ਮਨਜੀਤ ਕੌਰ ਵੀ ਮੌਕੇ ’ਤੇ ਪਹੁੰਚ ਗਏ। SDM ਮਨਜੀਤ ਕੌਰ ਅਨੁਸਾਰ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ, ਪਰ ਮੁੱਢਲੀ ਜਾਂਚ ਵਿੱਚ ਜਾਪਦਾ ਹੈ ਕਿ ਸ਼ਾਰਟ ਸਰਕਟ ਕਾਰਨ ਇਹ ਹਾਦਸਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਕਮਰੇ ਵਿੱਚ ਕਿਸੇ ਵੀ ਤਰ੍ਹਾਂ ਦਾ ਕੋਈ ਰਿਕਾਰਡ ਨਹੀਂ ਸੀ। ਇਸ ਮਾਮਲੇ ਸਬੰਧੀ ਵਿਭਾਗ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਜਲਦੀ ਹੀ ਮੀਟਿੰਗ ਹਾਲ ਦੀ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ।