ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਚਲਾਈ ਦਸਤਖ਼ਤੀ ਮੁਹਿੰਮ ਤਹਿਤ ਲੋਕਾਂ ਵੱਲੋਂ ਭਰੇ ਗਏ ਪ੍ਰੋਫਾਰਮੇ ਪੰਜਾਬ ਦੇ ਰਾਜਪਾਲ ਨੂੰ ਸੌਂਪਣ ਦਾ ਪ੍ਰੋਗਾਰਾਮ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਭਰੇ ਗਏ 25 ਲੱਖ ਤੋਂ ਵੱਧ ਪ੍ਰੋਫਾਰਮੇ ਭਲਕੇ 27 ਅਪ੍ਰੈਲ ਨੂੰ ਪੰਜਾਬ ਦੇ ਰਾਜਪਾਲ ਨੂੰ ਸੌਂਪੇ ਜਾਣੇ ਸਨ, ਪਰ ਸ਼੍ਰੋਮਣੀ ਅਕਾਲੀ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ਕਾਰਨ ਇਸ ਨੂੰ ਅੱਗੇ ਪਾ ਦਿੱਤਾ ਗਿਆ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਓਐਸਡੀ ਸਤਬੀਰ ਸਿੰਘ ਧਾਮੀ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਪਾਸੋਂ ਮਿਲੇ ਸਮੇਂ ਅਨੁਸਾਰ 27 ਅਪ੍ਰੈਲ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦੇ ਪ੍ਰੋਫਾਰਮੇ ਸੌਂਪਣ ਦੀਆਂ ਤਿਆਰੀਆਂ ਮੁਕੰਮਲ ਸਨ, ਪਰ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ਕਰਕੇ ਹੁਣ ਇਹ ਕਾਰਜ ਦੁਬਾਰਾ ਸਮਾਂ ਮਿਲਣ ’ਤੇ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ ਅਨੁਸਾਰ ਇਸ ਸਬੰਧ ਵਿਚ ਪੰਜਾਬ ਦੇ ਰਾਜਪਾਲ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਅਧਿਕਾਰਤ ਤੌਰ ’ਤੇ ਸੂਚਨਾ ਭੇਜ ਦਿੱਤੀ ਗਈ ਹੈ। ਇਸ ਦੇ ਨਾਲ ਹੀ ਰਾਜਪਾਲ ਪਾਸੋਂ ਅਗਲੇ ਦਿਨਾਂ ਵਿਚ ਬਦਲਵੇਂ ਸਮੇਂ ਦੀ ਵੀ ਮੰਗ ਕੀਤੀ ਗਈ ਹੈ।
ਦੇਸ਼ ਦੀਆਂ ਵੱਖ ਵੱਖ ਜੇਲ੍ਹਾਂ ਵਿੱਚ ਸਜ਼ਾ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਇਹ ਦਸਤਖ਼ਤੀ ਮੁਹਿੰਮ ਸ਼ੁਰੂ ਕੀਤੀ ਗਈ ਸੀ।
ਭਾਰਤ ਦੀਆਂ ਜੇਲ੍ਹਾਂ ਵਿੱਚ ਬੰਦ ਸਿੱਖ ਸਿਆਸੀ ਕੈਦੀ ਜੋ ਆਪਣੀ ਸਜ਼ਾ ਪੂਰੀ ਕਰਨ ਦੇ ਬਾਵਜੂਦ ਅਜੇ ਤੱਕ ਰਿਹਾਅ ਨਹੀਂ ਕੀਤੇ ਗਏ, ਦੀ ਰਿਹਾਈ ਲਈ ਮੰਗ ਸਿੱਖ ਭਾਈਚਾਰੇ ਵੱਲੋਂ ਵਾਰ-ਵਾਰ ਚੁੱਕੀ ਜਾਂਦੀ ਰਹੀ ਹੈ। ਇਹ ਕਈ ਸਾਲਾਂ ਤੋਂ ਜੇਲ੍ਹਾਂ ਵਿੱਚ ਬੰਦ ਹਨ ਅਤੇ ਕਈ ਆਪਣੀਆਂ ਸਜ਼ਾਵਾਂ ਪੂਰੀ ਕਰ ਚੁੱਕੇ ਹਨ। ਇਨ੍ਹਾਂ ਵਿਚੋਂ ਕਈਆਂ ਨੂੰ ਕਦੇ ਪੈਰੋਲ ਵੀ ਨਹੀਂ ਮਿਲੀ। ਬੰਦੀ ਸਿੱਖਾਂ ਦੀ ਰਿਹਾਈ ਲਈ ਕਈ ਵਾਰ ਸਿੱਖ ਆਗੂਆਂ ਨੇ ਮਰਨ ਵਰਤ ਰੱਖ ਦੇ ਸੰਘਰਸ਼ ਵੀ ਕੀਤੇ ਅਤੇ ਰੋਸ ਮਾਰਚ ਵੀ ਕੀਤੇ ਗਏ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਮੇਟੀ ਦੇ ਗੁਰਦੁਆਰਿਆਂ ਦੇ ਬਾਹਰ ਬੰਦੀ ਸਿੱਖਾਂ ਬਾਰੇ ਪੋਸਟਰ ਵੀ ਲਗਾਏ ਗਏ ਸਨ।