ਬਠਿੰਡਾ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਤੋਂ ਬਾਅਦ ਪੰਜਾਬ ਅਤੇ ਹੋਰ ਰਾਜਾਂ ਤੋਂ ਪਤਵੰਤੇ ਅਤੇ ਆਗੂ ਉਨ੍ਹਾਂ ਦੇ ਪਿੰਡ ਬਾਦਲ ਵਿਖੇ ਉਨ੍ਹਾਂ ਦੇ ਘਰ ਦੁੱਖ ਪ੍ਰਗਟ ਕਰਨ ਲਈ ਪਹੁੰਚ ਰਹੇ ਹਨ।
ਅੱਜ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ‘ਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਕਾਂਗਰਸੀ ਆਗੂ ਨਵਜੋਸ ਸਿੰਘ ਸਿੱਧੂ ਉਨਾਂ ਦੇ ਘਰ ਪਿੰਡ ਬਾਦਲ ਪਹੁੰਚੇ ਹਨ। ਸਿੱਧੂ ਨੇ ਬਾਦਲ ਨਿਵਾਸ ਵਿਖੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ 95 ਸਾਲਾ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਵੀਰਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਕੀਤਾ ਗਿਆ ਸੀ। ਦੇਸ਼ ਦੇ ਵੱਡੇ ਨੇਤਾ ਬਾਦਲ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਲਈ ਦੇਸ਼ ਭਰ ਤੋਂ ਲੋਕ ਪਿੰਡ ਬਾਦਲ ਪਹੁੰਚ ਰਹੇ ਹਨ।
ਇਸੇ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਬਾਦਲ ਪਰਿਵਾਰ ਨਾਲ ਮੇਰਾ ਰਿਸ਼ਤਾ ਇੱਕ ਖੁੱਲਾ ਰਾਜ਼ ਹੈ ਪਰ ਤੁਰ ਜਾਣ ਵਾਲਿਆਂ ਨਾਲ ਕੋਈ ਵੈਰ ਨਹੀਂ ਹੁੰਦਾ । ਸਿੱਧੂ ਨੇ ਕਿਹਾ ਕਿ ਮਰਹੂਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਆਤਮਾ ਨੂੰ ਵਾਹਿਗੁਰੂ ਦੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਇਹ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ ।