ਚੰਡੀਗੜ੍ਹ : ਸਿੱਖਿਆ ਮੰਤਰੀ ਪੰਜਾਬ ਵੱਲੋਂ ਪਹਿਲੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਪੰਜਾਬ ਦੇ ਇਤਿਹਾਸ ਅਤੇ ਸੱਭਿਆਚਾਰ ਨਾਲ ਜੋੜਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਵਾਰ ਸਿੱਖਿਆ ਵਿਭਾਗ ਵੱਲੋਂ ‘ਛੁੱਟੀਆਂ ਦੇ ਰੰਗ ਵੱਖਰੇ, ਸਿੱਖਣ ਸਿੱਖਾਉਣ ਦੇ ਢੰਗ ਵੱਖਰੇ’ ਦੇ ਨਾਅਰੇ ਤਹਿਤ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਵਿਦਿਆਰਥੀਆਂ ਨੂੰ ਪੰਜਾਬ ਦੇ ਸੱਭਿਆਚਾਰ ਨਾਲ ਜੋੜਨ ਦਾ ਉਪਰਾਲਾ ਸ਼ੁਰੂ ਕੀਤਾ ਗਿਆ ਹੈ।
ਇਸ ਮੁਹਿੰਮ ਦਾ ਉਦੇਸ਼ ਵਿਦਿਆਰਥੀਆਂ ਨੂੰ ਲੁਪਤ ਹੋ ਰਹੇ ਪੰਜਾਬੀ ਸ਼ਬਦਾਂ ਨੂੰ ਲੱਭਣ ਲਈ ਉਤਸੁਕਤਾ ਪੈਦਾ ਕਰਨਾ ਅਤੇ ਉਨ੍ਹਾਂ ਸ਼ਬਦਾਂ ਬਾਰੇ ਸਮਝ ਪੈਦਾ ਕਰਨਾ ਅਤੇ ਵਿਦਿਆਰਥੀਆਂ ਦੀ ਨਵੀਂ ਪੀੜ੍ਹੀ ਨੂੰ ਪੰਜਾਬ ਦੇ ਮਹਾਨ ਸੱਭਿਆਚਾਰ ਨਾਲ ਜੋੜਨਾ ਹੈ। ਦੇਸੀ ਮਹੀਨਿਆਂ ਦੇ ਨਾਂ, ਉਨ੍ਹਾਂ ਦੇ ਸ਼ੁਰੂ ਹੋਣ ਦੇ ਸਮੇਂ ਬਾਰੇ ਵੀ ਜਾਣਕਾਰੀ ਲੈਣੀ ਪਵੇਗੀ।
ਪਹਿਲੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਕੂਲ ਦੁਆਰਾ ਦਿੱਤੇ ਗਏ ਹੋਮਵਰਕ ਦੇ ਨਾਲ ਰੋਜ਼ਾਨਾ ਆਧਾਰ ‘ਤੇ ਪੰਜਾਬੀ ਦਾ ਇੱਕ ਆਮ ਲੁਪਤ ਹੋਣ ਵਾਲੇ ਸ਼ਬਦ ਅਤੇ ਇਸਦੇ ਅਰਥ ਲੱਬਣ ਅਤੇ ਯਾਦ ਕਰਨ ਦੀ ਹਦਾਇਤ ਕੀਤੀ ਗਈ ਹੈ। ਇਸ ਦੇ ਨਾਲ ਹੀ ਪਹਿਲੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਰਿਸ਼ਤੇਦਾਰਾਂ ਦੇ ਪੰਜਾਬੀ ਨਾਵਾਂ, ਉਨ੍ਹਾਂ ਨਾਲ ਆਮ ਜ਼ਿੰਦਗੀ ਵਿੱਚ ਵਰਤੀਆਂ ਜਾਂਦੀਆਂ ਚੀਜ਼ਾਂ ਦੇ ਨਵੇਂ ਅਤੇ ਪੁਰਾਣੇ ਨਾਵਾਂ ਬਾਰੇ ਜਾਣਕਾਰੀ ਇਕੱਠੀ ਕਰਨ ਦਾ ਕੰਮ ਵੀ ਸੌਂਪਿਆ ਗਿਆ ਹੈ। 5ਵੀਂ ਤੋਂ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪੰਜਾਬੀ ਦੇ ਆਮ ਸ਼ਬਦਾਂ ਦੇ ਨਾਲ-ਨਾਲ ਦੇਸੀ ਮਹੀਨਿਆਂ ਦੇ ਨਾਵਾਂ ਦੇ ਨਾਲ-ਨਾਲ ਉਨ੍ਹਾਂ ਦੇ ਸ਼ੁਰੂ ਦੇ ਸਮੇਂ ਅਤੇ ਦੇਸੀ ਮਹੀਨਿਆਂ ਦੇ ਮੌਸਮ ਨੂੰ ਇਕੱਠਾ ਕਰਨ ਲਈ ਕਿਹਾ ਗਿਆ ਹੈ।
ਬੱਚਿਆਂ ਵੱਲੋਂ ਲਿਖੇ ਠੇਠ ਪੰਜਾਬੀ ਦੇ ਸ਼ਬਦ ਸਕੂਲ ਦੇ ਡਿਸਪਲੇ ਬੋਰਡ ‘ਤੇ ਪ੍ਰਦਰਸ਼ਿਤ ਕੀਤੇ ਜਾਣੇ ਚਾਹੀਦੇ ਹਨ ਅਤੇ ਇਹ ਵੀ ਸੁਝਾਅ ਦਿੱਤਾ ਗਿਆ ਹੈ ਕਿ ਅਜਿਹੇ ਵਿਦਿਆਰਥੀਆਂ ਨੂੰ ਸਵੇਰ ਦੀ ਸਭਾ ਵਿੱਚ ਸਨਮਾਨਿਤ ਕੀਤਾ ਜਾਵੇ। ਇਹ ਯਕੀਨੀ ਬਣਾਇਆ ਜਾਵੇ ਕਿ ਸਾਰੇ ਸਕੂਲ ਮੁਖੀ ਬੱਚਿਆਂ ਵੱਲੋਂ ਲਿਖੇ ਸ਼ਬਦਾਂ ਦੀ ਪੀਡੀਐਫ 15 ਜੁਲਾਈ ਤੱਕ ਵਿਭਾਗ ਦੀ ਮੇਲ ਆਈਡੀ ‘ਤੇ ਭੇਜੀ ਜਾਵੇ, ਤਾਂ ਜੋ ਬੱਚਿਆਂ ਨੂੰ ਸੂਬਾ ਪੱਧਰ ‘ਤੇ ਉਤਸ਼ਾਹਿਤ ਕੀਤਾ ਜਾ ਸਕੇ।