‘ਦ ਖ਼ਾਲਸ ਬਿਊਰੋ:- ਤਖ਼ਤ ਸ਼੍ਰੀ ਹਰਿਮੰਦਰ ਜੀ, ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਦੇ 5 ਅਗਸਤ ਨੂੰ ਅਯੁੱਧਿਆ ਰਾਮ ਮੰਦਿਰ ਸਮਾਗਮ ਵਿੱਚ ਸਿੱਖ ਗੁਰੂਆਂ ਨੂੰ ਲਵ ਕੁਸ਼ ਦੇ ਵੰਸ਼ਜ਼ ਦੱਸੇ ਜਾਣ ਦਾ ਸਖ਼ਤ ਵਿਰੋਧ ਕਰਦਿਆਂ ਅਖੰਡ ਕੀਰਤਨੀ ਜਥੇ ਨੇ ਉਸਨੂੰ ਪੰਥ ਵਿੱਚੋਂ ਛੇਕਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸਾਬਕਾ ਜਥੇਦਾਰ ਖਿਲਾਫ਼ ਤੁਰੰਤ ਕਾਰਵਾਈ ਕਰਕੇ ਉਸਨੂੰ ਪੰਥ ਵਿੱਚੋਂ ਬਾਹਰ ਕਰ ਦੇਣਾ ਚਾਹੀਦਾ ਹੈ।
ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਅਜਿਹਾ ਨਾ ਹੋਇਆ ਤਾਂ ਪੰਥ ਵੱਲੋਂ ਸਖ਼ਤ ਫੈਸਲਾ ਲਿਆ ਜਾਵੇਗਾ। ਜਥੇ ਦੇ ਮੁਖੀ ਭਾਈ ਬਖਸ਼ੀਸ਼ ਸਿੰਘ ਨੇ ਬਿਆਨ ਰਾਹੀਂ ਆਖਿਆ ਕਿ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਖਿਲਾਫ ਪਹਿਲਾਂ ਸਮੇਂ ਸਿਰ ਕਾਰਵਾਈ ਨਾ ਕੀਤੇ ਜਾਣ ਕਾਰਨ ਹੀ ਅੱਜ ਪੰਥ ਨੂੰ ਨਮੋਸ਼ੀ ਝੱਲਣੀ ਪਈ ਹੈ।
ਗਿਆਨੀ ਇਕਬਾਲ ਸਿੰਘ ਨੇ ਤਖ਼ਤ ਸ਼੍ਰੀ ਪਟਨਾ ਸਾਹਿਬ ਜੀ ਦੇ ਜਥੇਦਾਰ ਵਜੋਂ ਮਾਰਚ 2019 ਵਿੱਚ ਅਸਤੀਫ਼ਾ ਦੇ ਦਿੱਤਾ ਸੀ। ਉਹਨਾਂ ਖਿਲਾਫ਼ ਆਪਣੇ ਵਿਆਹੁਤਾ ਸੰਬੰਧਾਂ ਅਤੇ ਸਿੱਖ ਰਹਿਤ ਮਰਿਯਾਦਾ ਦੀ ਉਲੰਘਣਾ ਕਰਨ ਦੇ ਇਲਜ਼ਾਮ ਲੱਗੇ ਸਨ ਕਿਉਂਕਿ ਉਨ੍ਹੀਂ ਦਿਨੀਂ ਉਨ੍ਹਾਂ ਦੇ ਪੁੱਤਰ ਦੀ ਇੱਕ ਵੀਡੀਓ ਵਾਇਰਲ ਹੋਈ ਸੀ ਜਿਸ ਵਿੱਚ ਉਹ ਸ਼ਰਾਬ ਦਾ ਸ਼ਰੇਆਮ ਸੇਵਨ ਕਰਦਾ ਦਿਖਾਈ ਦੇ ਰਿਹਾ ਸੀ।