ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਵਿਜੀਲੈਂਸ ਬਿਊਰੋ ਦੀ ਜਾਂਚ ਦਾ ਸਾਹਮਣਾ ਕਰ ਰਹੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ ਵਿਜੀਲੈਂਸ ਟੀਮ ਨੇ ਦਿੱਲੀ ਏਅਰਪੋਰਟ ਤੋਂ ਵਾਪਸ ਭੇਜ ਦਿੱਤਾ ਹੈ। ਗੁਰਪ੍ਰੀਤ ਸਿੰਘ ਕਾਂਗੜ ਕੁਝ ਮਹੀਨੇ ਪਹਿਲਾਂ ਹੀ ਭਾਜਪਾ ਵਿਚ ਸ਼ਾਮਲ ਹੋਏ ਸਨ। ਉਹ ਕੈਨੇਡਾ ਰਵਾਨਾ ਹੋਣ ਲਈ ਦਿੱਲੀ ਹਵਾਈ ਅੱਡੇ ‘ਤੇ ਪਹੁੰਚੇ ਸਨ।
ਵਿਜੀਲੈਂਸ ਬਿਊਰੋ ਵੱਲੋਂ ਉਨ੍ਹਾਂ ਵਿਰੁੱਧ ਲੁੱਕ ਆਊਟ ਸਰਕੁਲਰ (ਐੱਲ.ਓ.ਸੀ.) ਜਾਰੀ ਕੀਤਾ ਗਿਆ ਸੀ। ਇਸ ਦੇ ਤਹਿਤ ਸੋਮਵਾਰ ਨੂੰ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਨ੍ਹਾਂ ਨੂੰ ਦਿੱਲੀ ਏਅਰਪੋਰਟ ’ਤੇ ਰੋਕ ਲਿਆ ਅਤੇ ਵਾਪਸ ਭੇਜ ਦਿੱਤਾ। ਹਾਲਾਂਕਿ ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਕਿਉਂਕਿ ਉਨ੍ਹਾਂ ਖ਼ਿਲਾਫ਼ ਅਜੇ ਤੱਕ ਕੋਈ ਮਾਮਲਾ ਦਰਜ ਨਹੀਂ ਕੀਤਾ ਗਿਆ।
ਜਨਵਰੀ ਦੇ ਪਹਿਲੇ ਹਫ਼ਤੇ ਵਿਜੀਲੈਂਸ ਬਿਊਰੋ ਵੱਲੋਂ ਗੁਰਪ੍ਰੀਤ ਸਿੰਘ ਕਾਂਗੜ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜਾਂਚ ਸ਼ੁਰੂ ਕੀਤੀ ਗਈ ਸੀ। ਇਸ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਉਸ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਪਰ ਉਹ ਪੁੱਛਗਿੱਛ ਲਈ ਹਾਜ਼ਰ ਨਹੀਂ ਹੋ ਰਿਹਾ ਸੀ।
ਇਕ ਵਾਰ ਉਸ ਨੇ ਦਲੀਲ ਦਿੱਤੀ ਸੀ ਕਿ ਉਸ ਦੀ ਸਿਹਤ ਠੀਕ ਨਹੀਂ ਹੈ। ਉਸ ਦੇ ਗੋਡਿਆਂ ਦਾ ਆਪ੍ਰੇਸ਼ਨ ਹੋਇਆ ਹੈ। ਅਜਿਹੇ ‘ਚ ਜਦੋਂ ਤੱਕ ਉਹ ਪੂਰੀ ਤਰ੍ਹਾਂ ਫਿੱਟ ਨਹੀਂ ਹੋ ਜਾਂਦਾ, ਉਸ ਨੂੰ ਪੁੱਛਗਿੱਛ ਤੋਂ ਰਾਹਤ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਆਪਣਾ ਮੈਡੀਕਲ ਵਿਜੀਲੈਂਸ ਨੂੰ ਭੇਜ ਦਿੱਤਾ ਸੀ।
ਇਸ ਤੋਂ ਬਾਅਦ ਵਿਜੀਲੈਂਸ ਨੂੰ ਪਤਾ ਲੱਗਾ ਕਿ ਉਹ ਪਾਰਟੀ ਦੇ ਪ੍ਰੋਗਰਾਮਾਂ ਅਤੇ ਰੈਲੀਆਂ ਵਿਚ ਹਿੱਸਾ ਲੈ ਰਿਹਾ ਸੀ। 1 ਜੂਨ ਨੂੰ ਵਿਜੀਲੈਂਸ ਨੇ ਉਸ ਨੂੰ ਪੁੱਛਗਿੱਛ ਲਈ ਤਲਬ ਕੀਤਾ ਸੀ। ਇਸ ਤੋਂ ਬਾਅਦ ਉਸ ਨੇ ਕਰੀਬ 10 ਦਿਨਾਂ ਦਾ ਸਮਾਂ ਮੰਗਿਆ ਸੀ। ਕਾਂਗੜ ਨੇ ਦੱਸਿਆ ਸੀ ਕਿ ਗੋਡੇ ਬਦਲਣ ਤੋਂ ਬਾਅਦ ਉਨ੍ਹਾਂ ਦਾ ਫਿਜ਼ੀਉਥੈਰੇਪੀ ਸੈਸ਼ਨ ਚੱਲ ਰਿਹਾ ਹੈ।
ਉਹ ਵਿਜੀਲੈਂਸ ਬਿਊਰੋ ਨਾਲ ਸਹਿਯੋਗ ਕਰਨ ਲਈ ਵਚਨਬੱਧ ਹੈ। ਉਸ ਨੇ ਜ਼ਿਆਦਾਤਰ ਜਾਇਦਾਦ ਦੇ ਦਸਤਾਵੇਜ਼ ਜਮ੍ਹਾਂ ਕਰਵਾ ਦਿੱਤੇ ਹਨ ਅਤੇ ਜਲਦੀ ਹੀ ਉਨ੍ਹਾਂ ਦੇ ਸਾਹਮਣੇ ਪੇਸ਼ ਹੋਣਗੇ। ਉਸ ਕੋਲ ਲੁਕਾਉਣ ਲਈ ਕੁਝ ਨਹੀਂ ਹੈ ਪਰ ਡਾਕਟਰੀ ਆਧਾਰ ‘ਤੇ ਉਸ ਨੂੰ ਕੁਝ ਸਮਾਂ ਚਾਹੀਦਾ ਹੈ।