ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਮੰਗਲਵਾਰ ਸਵੇਰੇ ਇੱਕ ਵਿਅਕਤੀ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਖੁਦਕੁਸ਼ੀ ਦੇ ਸਹੀ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ ਪਰ ਦੱਸਿਆ ਜਾ ਰਿਹਾ ਹੈ ਕਿ 48 ਸਾਲਾ ਪਰਮਜੀਤ ਸਿੰਘ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਰੋਗ ਤੋਂ ਪੀੜਤ ਸੀ। ਪੁਲੀਸ ਨੇ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ’ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਵਾਰਡ ਨੰਬਰ ਛੇ ਦੇ ਵਸਨੀਕ ਪਰਮਜੀਤ ਸਿੰਘ ਨੇ ਮੰਗਲਵਾਰ ਸਵੇਰੇ 11 ਵਜੇ ਦੇ ਕਰੀਬ ਟੈਕਸੀ ਸਟੈਂਡ ਕੋਲ ਪਹੁੰਚ ਕੇ ਕੋਈ ਜ਼ਹਿਰੀਲੀ ਦਵਾਈ ਨਿਗਲ ਲਈ। ਇਸ ਦਾ ਪਤਾ ਲੱਗਦਿਆਂ ਹੀ ਆਸਪਾਸ ਦੇ ਲੋਕਾਂ ਨੇ ਪਰਮਜੀਤ ਸਿੰਘ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਖੁਦਕੁਸ਼ੀ ਕਰਨ ਦੇ ਸਹੀ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਗਈ। ਐਸਐਸਪੀ ਗੁਲਨੀਤ ਸਿੰਘ ਖੁਰਾਣਾ ਦਾ ਕਹਿਣਾ ਹੈ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਦੂਜੇ ਪਾਸੇ ਅਜਿਹਾ ਇੱਕ ਹੋਰ ਮਾਮਲਾ ਬਠਿੰਡਾ ਦੇ ਅਜੀਤ ਰੋਡ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਨੌਜਵਾਨ ਨੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਜਿਸ ਦੀ ਪਛਾਣ ਅਮਿਤ ਕੁਮਾਰ (24) ਵਜੋਂ ਹੋਈ ਹੈ। ਦੂਜੇ ਪਾਸੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਦੇ ਮੈਂਬਰ ਵਿੱਕੀ ਕੁਮਾਰ ਮੌਕੇ ’ਤੇ ਪੁੱਜੇ। ਜਿੱਥੇ ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ।
ਥਾਣਾ ਸਿਵਲ ਲਾਈਨ ਦੇ ਐਸਐਚਓ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਅਜੀਤ ਰੋਡ ਦੀ ਗਲੀ ਨੰਬਰ 6 ਵਿੱਚ ਰਹਿਣ ਵਾਲੇ ਇੱਕ ਨੌਜਵਾਨ ਨੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਉਸ ਨੇ ਦੱਸਿਆ ਕਿ ਜਦੋਂ ਪੁਲਿਸ ਮੌਕੇ ‘ਤੇ ਪਹੁੰਚੀ ਤਾਂ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੀ ਲਾਸ਼ ਨੂੰ ਫਾਹੇ ਤੋਂ ਬਾਹਰ ਕੱਢਿਆ ਸੀ। ਐਸਐਚਓ ਨੇ ਦੱਸਿਆ ਕਿ ਪੁਲਿਸ ਨੌਜਵਾਨ ਦੀ ਖੁਦਕੁਸ਼ੀ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।