ਜਲੰਧਰ : ਸੂਬਾ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਅੱਜ ਜ਼ਿਲ੍ਹੇ ਦੀਆਂ ਸਮੁੱਚੀਆਂ ਇਮੀਗ੍ਰੇਸ਼ਨ ਫਰਮਾਂ ਦੀ ਚੈਕਿੰਗ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ। ਆਪਣੇ ਹੁਕਮਾਂ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਉਪ ਮੰਡਲ ਮੈਜਿਸਟ੍ਰੇਟਸ, ਡਿਪਟੀ ਸੁਪਰਡੈਂਟਸ ਆਫ਼ ਪੁਲਿਸ, ਸਟੇਸ਼ਨ ਹਾਊਸ ਅਫ਼ਸਰਾਂ ਅਤੇ ਤਹਿਸੀਲਦਾਰਾਂ ਸਮੇਤ ਮੈਂਬਰ ਕਮੇਟੀਆਂ ਦਾ ਗਠਨ ਕੀਤਾ ਗਿਆ ਅਤੇ ਇਨ੍ਹਾਂ ਕਮੇਟੀਆਂ ਨੂੰ ਜ਼ਿਲ੍ਹੇ ਵਿੱਚ ਕੰਮ ਕਰ ਰਹੀਆਂ ਸਾਰੀਆਂ ਇਮੀਗ੍ਰੇਸ਼ਨ ਫਰਮਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਇਸ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਰੀਆਂ ਫਰਮਾਂ ਨੂੰ ਪੰਜਾਬ ਟਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਐਕਟ 2014 ਤਹਿਤ ਨਿਰਧਾਰਤ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਤਾਂ ਜੋ ਲੋਕਾਂ ਨੂੰ ਇਮੀਗ੍ਰੇਸ਼ਨ ਫਰਮਾਂ ਹੱਥੋਂ ਕਿਸੇ ਕਿਸਮ ਦੀ ਧੋਖਾਦੇਹੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅੱਗੇ ਕਿਹਾ ਕਿ ਇਸ ਐਕਟ ਦੇ ਨਿਰਦੇਸ਼ਾਂ ਅਨੁਸਾਰ ਸਾਰੇ ਲਾਇਸੰਸਧਾਰਕ ਆਪਣੀ ਮਹੀਨਾਵਾਰ ਕਾਰੋਬਾਰੀ ਰਿਪੋਰਟ ਜ਼ਿਲ੍ਹਾ ਪ੍ਰਸ਼ਾਸਨ ਪਾਸ ਜਮ੍ਹਾ ਕਰਵਾਉਣ ਲਈ ਪਾਬੰਦ ਹਨ। ਇਸੇ ਤਰ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਨ੍ਹਾਂ ਫਰਮਾਂ ਦੀ ਸਮੇਂ-ਸਮੇਂ ‘ਤੇ ਚੈਕਿੰਗ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਸ਼੍ਰੀ ਸਾਰੰਗਲ ਨੇ ਸਮੂਹ ਐਸ.ਡੀ.ਐਮਜ਼ ਨੂੰ ਜ਼ਿਲ੍ਹੇ ਵਿੱਚ ਇਮੀਗ੍ਰੇਸ਼ਨ/ਟਰੈਵਲ ਕੰਸਲਟੈਂਟਾਂ ਦੀ ਤੁਰੰਤ ਜਾਂਚ ਸ਼ੁਰੂ ਕਰਨ ਅਤੇ ਆਪਣੀ ਚੈਕਿੰਗ ਰਿਪੋਰਟ 10 ਜੁਲਾਈ, 2023 ਤੱਕ ਜਮ੍ਹਾ ਕਰਵਾਉਣ ਦੀ ਹਦਾਇਤ ਕੀਤੀ ਤਾਂ ਜੋ ਸਕੰਲਿਤ ਕਰਕੇ ਰਿਪੋਰਟ ਰਾਜ ਸਰਕਾਰ ਨੂੰ ਭੇਜੀ ਜਾ ਸਕੇ। ਉਨ੍ਹਾਂ ਸਪੱਸ਼ਟ ਕਿਹਾ ਕਿ ਕਿਸੇ ਨੂੰ ਵੀ ਪੰਜਾਬ ਟਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਐਕਟ 2014 ਤਹਿਤ ਨਿਰਧਾਰਤ ਨਿਯਮਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਚੈਕਿੰਗ ਦੌਰਾਨ ਕਾਨੂੰਨ ਦੇ ਸਾਰੇ ਪਹਿਲੂਆਂ ਨੂੰ ਵਿਚਾਰਿਆ ਜਾਵੇ ਅਤੇ ਜੇਕਰ ਇਨ੍ਹਾਂ ਕੰਪਨੀਆਂ ਵੱਲੋਂ ਉਲੰਘਣਾ ਸਾਹਮਣੇ ਆਉਂਦੀ ਹੈ ਤਾਂ ਕਾਰਵਾਈ ਕਰਨ ਦੀ ਸਿਫਾਰਸ਼ ਕੀਤੀ ਜਾਵੇ।