ਅੰਮ੍ਰਿਤਸਰ : ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਹੈ। ਇਸ ਪਵਿੱਤਰ ਦਿਹਾੜੇ ਉੱਤੇ ਸ਼੍ਰੀ ਦਰਬਾਰ ਸਾਹਿਬ ‘ਚ ਹਜ਼ਾਰਾਂ ਦੀ ਗਿਣਤੀ ‘ਚ ਦੇਸ਼ ਵਿਦੇਸ਼ ਤੋਂ ਆਈ ਸੰਗਤ ਨੇ ਗੁਰੂ ਘਰ ਮੱਥਾ ਟੇਕਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਮੂਹ ਸਿੱਖ ਸੰਗਤਾਂ ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਵਧਾਈ ਦਿੱਤੀ ।
ਉਨ੍ਹਾਂ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਨੇ ਦੱਸਿਆ ਕਿ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਜਨਮ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿ ਰਾਇ ਜੀ ਦੇ ਘਰ 1656 ਈਸਵੀ ਨੂੰ ਕੀਰਤਪੁਰ ਸਾਹਿਬ ਵਿਖੇ ਹੋਇਆ। ਸ੍ਰੀ ਗੁਰੂ ਹਰਕ੍ਰਿਸ਼ਨ ਜੀ ਨੂੰ ‘ਬਾਲ ਗੁਰੂ’ ਜਾਂ ਫਿਰ ‘ਬਾਲਾ ਪ੍ਰੀਤਮ’ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ l
ਜਥੇਦਾਰ ਸਾਹਿਬ ਨੇ ਦੱਸਿਆ ਕਿ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਨੇ ਆਪਣੇ ਥੋੜੇ ਜਿਹੇ ਜੀਵਨ ਵਿੱਚ ਅਣਗਿਣਤ ਲੋਕਾਂ ਨੂੰ ਸੱਚ ਦਾ ਰਾਹ ਦਿਖਾਇਆ, ਭਰਮਾਂ ਵਿੱਚ ਪਏ ਹੋਏ ਲੋਕਾਂ ਦੇ ਭਰਮ ਦੂਰ ਕੀਤੇ। ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਮਨੁੱਖਤਾ ਦੀ ਭਲਾਈ ਲਈ ਉਨ੍ਹਾਂ ਨੇ ਅਨੇਕਾਂ ਹੀ ਕਾਰਜ ਕੀਤੇ। ਜਥੇਦਾਰ ਨੇ ਸਾਰੀ ਸੰਗਤ ਨੂੰ ਖੰਡੇ ਬਾਟੇ ਦੀ ਪਾਹੁਲ ਛਕ ਕੇ ਗੁਰੂ ਵਾਲੇ ਬਣਨ ਦੀ ਅਪੀਲ ਕੀਤੀ ਹੈ ਅਤੇ ਗੁਰਬਾਣੀ ਪੜਨ ਲਈ ਕਿਹਾ ਹੈ।