‘ਦ ਖ਼ਾਲਸ ਬਿਊਰੋ:- ਕੋਰੋਨਾ ਮਹਾਂਮਾਰੀ ਦੌਰਾਨ ਪੂਰੀ ਦੁਨੀਆ ਨੂੰ ਆਰਥਿਕ ਮੰਦੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੇ ਵਿੱਚ ਨੌਜਵਾਨਾਂ ਨੂੰ ਪੰਜਾਬ ਸਰਕਾਰ ਨੇ ਵੱਡਾ ਤੋਹਫ਼ਾ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਵਿੱਤੀ ਸਾਲ 2021-22 ਲਈ 1 ਲੱਖ ਸਰਕਾਰੀ ਨੌਕਰੀਆਂ ਦੀ ਪ੍ਰਕਿਰਿਆ ਅਗਲੇ ਮਹੀਨੇ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ।
ਪੰਜਾਬ ਸਰਕਾਰ ਵੱਲੋਂ PSPCL ਦੀਆਂ ਅਸਾਮੀਆਂ ਭਰਨ ਲਈ ਵੀ ਚੁਣੇ ਗਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕਰਨ ਦਾ ਦਾਅਵਾ ਕੀਤਾ ਗਿਆ ਹੈ। ਕੈਪਟਨ ਨੇ ਭਰੋਸਾ ਦਿੰਦਿਆਂ ਕਿਹਾ ਕਿ ਲਾਕਡਾਊਨ ਕਾਰਨ ਇਸ ਪ੍ਰਕਿਰਿਆ ਵਿੱਚ ਦੇਰੀ ਹੋਈ ਹੈ। ਉਹਨਾਂ ਦੱਸਿਆ ਕਿ ਸਹਾਇਕ ਲਾਈਨਮੈਨਾਂ ਲਈ 2393 ਤੇ ਸਹਾਇਕ ਇੰਜਨੀਅਰ (ਇਲੈਕਟ੍ਰੀਕਲ) ਲਈ ਚੁਣੇ ਗਏ 71 ਉਮੀਦਵਾਰਾਂ ਨੂੰ ਪਹਿਲਾਂ ਹੀ ਨਿਯੁਕਤੀ ਪੱਤਰ ਜਾਰੀ ਕਰ ਦਿੱਤੇ ਗਏ ਹਨ। ਲੇਖਾ ਅਫ਼ਸਰਾਂ, ਮਾਲ ਲੇਖਾਕਾਰ ਅਤੇ ਸੁਪਰਡੈਂਟ ਡਿਵੀਜ਼ਨਲ ਅਕਾਊਂਟੈਂਟ ਦੀਆਂ ਆਸਾਮੀਆਂ ਉੱਤੇ ਚੁਣੇ ਗਏ ਉਮੀਦਵਾਰਾਂ ਨੂੰ ਅਗਲੇ ਹਫ਼ਤੇ ਨਿਯੁਕਤੀ ਪੱਤਰ ਜਾਰੀ ਕੀਤੇ ਜਾਣਗੇ।
ਪੰਜਾਬ ਸਰਕਾਰ ਵੱਲੋਂ ਕੀਤੇ ਗਏ ਇਹਨਾਂ ਵਾਅਦਿਆਂ ਤੇ ਦਾਅਵਿਆਂ ਦੀ ਅਸਲੀਅਤ ਦਾ ਪਤਾ ਤਾਂ ਸਮਾਂ ਆਉਣ ‘ਤੇ ਹੀ ਲੱਗੇਗਾ, ਪਰ ਕੈਪਟਨ ਸਾਬ੍ਹ ਵੱਲੋਂ ਇੱਕ ਲੱਖ ਨੌਕਰੀਆਂ ਦਾ ਦਾਅਵਾ ਨਵੀਂ ਵਿਚਾਰ ਚਰਚਾ ਜ਼ਰੂਰ ਛੇੜੇਗਾ।