ਕੈਲੇਫੋਰਨੀਆ : ਚੰਗੇ ਭਵਿੱਖ ਦੀ ਤਲਾਸ਼ ਵਿੱਚ ਸੱਤ ਸਮੁੰਦਰੋਂ ਪਾਰ ਗਏ ਨੌਜਵਾਨ ਜਦੋਂ ਕਿਸੇ ਹਾਦਸੇ ਦਾ ਸ਼ਿਕਾਰ ਹੋ ਜਾਂਦੇ ਹਨ ਤਾਂ ਸਾਰਿਆਂ ਲਈ ਚਿੰਤਾ ਦਾ ਵਿਸ਼ਾ ਬਣ ਜਾਂਦਾ ਹੈ। ਹੁਣ ਇੱਕ ਹੋਰ ਦੁਖਦਾਈ ਖ਼ਬਰ ਅਮਰੀਕਾ ਦੀ ਧਰਤੀ ਤੋਂ ਆਈ ਹੈ, ਇੱਥੇ ਕੈਲੇਫੋਰਨੀਆ ਸ਼ਹਿਰ ‘ਚ ਮਿਲਟਰੋਨ ਲੇਕ ਵਿਚ ਡੁੱਬਣ ਨਾਲ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ।
ਜਾਣਕਾਰੀ ਮੁਤਾਬਕ ਬਨੂੜ ਦੇ ਪਿੰਡ ਮਠਿਆਡਾ ਦੇ 22 ਸਾਲਾ ਨੌਜਵਾਨ ਦੀ ਅਮਰੀਕਾ ਦੀ ਮਿਲਟਰੋਨ ਝੀਲ ਵਿੱਚ ਡੁੱਬਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਸ਼ਨਪ੍ਰੀਤ ਸਿੰਘ ਵਜੋਂ ਹੋਈ ਹੈ। ਉਹ ਕਰੀਬ ਦੋ ਸਾਲ ਪਹਿਲਾਂ ਅਮਰੀਕਾ ਦੇ ਕੈਲੇਫੋਰਨੀਆ ਵਿੱਚ ਹੋਟਲ ਮੈਨੇਜਮੈਂਟ ਦੀ ਪੜ੍ਹਾਈ ਕਰਨ ਗਿਆ ਸੀ। ਪਿੰਡ ਦੇ ਲੋਕਾਂ ਅਤੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪਿਛਲੇ ਦਿਨੀਂ ਉਹ ਆਪਣੇ ਦੋਸਤਾਂ ਨਾਲ ਅਮਰੀਕਾ ਦੀ ਮਿਲਟਰੋਨ ਝੀਲ ਦੇਖਣ ਗਿਆ ਸੀ। ਇਸ ਦੌਰਾਨ ਹਸ਼ਨਪ੍ਰੀਤ ਸਿੰਘ ਤਿਲ੍ਹਕਣ ਕਾਰਨ ਝੀਲ ਵਿੱਚ ਡਿੱਗ ਗਿਆ।
ਸੂਚਨਾ ਮਿਲਣ ‘ਤੇ ਸਥਾਨਕ ਪ੍ਰਸ਼ਾਸਨ ਨੇ ਗ਼ੋਤੇਖ਼ੋਰਾਂ ਦੀ ਮਦਦ ਨਾਲ ਨੌਜਵਾਨ ਨੂੰ ਬਾਹਰ ਕੱਢਿਆ ਅਤੇ ਹੈਲੀਕਾਪਟਰ ਰਾਹੀਂ ਹਸਪਤਾਲ ਪਹੁੰਚਾਇਆ। ਜਿੱਥੇ ਇਲਾਜ ਦੌਰਾਨ ਹਸ਼ਨਪ੍ਰੀਤ ਸਿੰਘ ਦੀ ਮੌਤ ਹੋ ਗਈ। ਸੋਮਵਾਰ ਸਵੇਰੇ ਜਿਵੇਂ ਹੀ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੂੰ ਇਹ ਖ਼ਬਰ ਮਿਲੀ ਤਾਂ ਹਰ ਕੋਈ ਸੋਗ ਵਿੱਚ ਡੁੱਬ ਗਿਆ।
ਜ਼ਿਕਰਯੋਗ ਹੈ ਕਿ ਹਸ਼ਨਪ੍ਰੀਤ ਸਿੰਘ ਦੇ ਪਿਤਾ ਕਸ਼ਮੀਰ ਸਿੰਘ ਦੀ ਵੀ ਕਰੀਬ ਡੇਢ ਮਹੀਨਾ ਪਹਿਲਾਂ ਗੰਡਾਖੇੜੀ ਦੀ ਨਹਿਰ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਸੀ। ਪਿੰਡ ਦੇ ਸਰਪੰਚ ਰਜਿੰਦਰ ਸਿੰਘ ਰਾਜੂ ਅਤੇ ਸਾਬਕਾ ਸਰਪੰਚ ਜਸਪਾਲ ਸਿੰਘ ਨੇ ਦੱਸਿਆ ਕਿ ਪੀੜਤ ਪਰਿਵਾਰ ਡੂੰਘੇ ਸਦਮੇ ਵਿੱਚ ਹੈ। ਇਹ ਘਟਨਾ ਸ਼ਨੀਵਾਰ ਨੂੰ ਅਮਰੀਕਾ ‘ਚ ਵਾਪਰੀ।
ਪਰਿਵਾਰ ਨੂੰ ਦੱਸਿਆ ਗਿਆ ਕਿ ਹਸ਼ਨਪ੍ਰੀਤ ਸਿੰਘ ਨੂੰ ਬਚਾ ਕੇ ਹਸਪਤਾਲ ਲਿਜਾਇਆ ਗਿਆ ਹੈ ਅਤੇ ਉਸ ਦੀ ਹਾਲਤ ਵਿਚ ਸੁਧਾਰ ਹੋ ਰਿਹਾ ਹੈ ਪਰ ਸੋਮਵਾਰ ਸਵੇਰੇ ਖ਼ਬਰ ਆਈ ਕਿ ਹਸਪਤਾਲ ਵਿਚ ਇਲਾਜ ਦੌਰਾਨ ਹਸ਼ਨਪ੍ਰੀਤ ਸਿੰਘ ਦੀ ਮੌਤ ਹੋ ਗਈ ਹੈ। ਇਹ ਵੀ ਦੱਸਿਆ ਕਿ ਉਹ ਲੋਕ ਕੈਲੇਫੋਰਨੀਆ ਪੁਲਿਸ ਦੇ ਸੰਪਰਕ ਵਿੱਚ ਹਨ, ਜਿਨ੍ਹਾਂ ਤੋਂ ਪੂਰੀ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ।
ਵਿਦੇਸ਼ਾਂ ‘ਚ ਵਸਦੇ ਨੌਜਵਾਨਾਂ ਦੇ ਆਏ ਦਿਨ ਮੌ ਤਾਂ ਦੇ ਸਿਲਸਿਲੇ ਲਗਾਤਾਰ ਵੱਧਦੇ ਹੀ ਜਾ ਰਹੇ ਹਨ। ਭਾਰਤ ਤੋਂ ਹਰ ਸਾਲ ਹਜਾਰਾਂ ਨੌਜਵਾਨ ਵਿਦੇਸੀ ਧਰਤੀ ਉੱਤੇ ਸੁਨਿਹਰੇ ਭਵਿਖ ਲਈ ਰੋਜ਼ਗਾਰ ਖਾਤਰ ਜਾਂਦੇ ਹਨ। ਜਿਥੇ ਉਹਨਾਂ ਨੂੰ ਆਪਣੀ ਰੋਜ਼ੀ ਰੋਟੀ ਲਈ ਅਤੇ ਸਦੀਵੀ ਟਕਾਣੇ ਲਈ ਜੂਝਣਾ ਪੈਂਦਾ ਹੈ ਪਰ ਇਸ ਦੇ ਨਾਲ ਨਾਲ 7 ਸਮੁੰਦਰੋਂ ਪਾਰ ਮਾਪਿਆਂ ਦੇ ਲਾਡਲੇ ਜਿੰਦਗੀ ਦੇ ਸੰਘਰਸ਼ ਵਿੱਚ ਜੂਝਦੇ ਹੋਏ ਮੌਤ ਦੇ ਮੂੰਹ ਵਿੱਚ ਜਾ ਪੈਂਦੇ ਹਨ।