Punjab

267 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੀ ਜਾਂਚ ਹੋਈ ਮੁਕੰਮਲ, ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਜਲਦ ਸੌਂਪੀ ਜਾਵੇਗੀ ਜਾਂਚ ਰਿਪੋਰਟ

‘ਦ ਖ਼ਾਲਸ ਬਿਊਰੋ :- ਅੰਮ੍ਰਿਤਸਰ ਦੀ ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ‘ਚੋਂ ਲਾਪਤਾ ਹੋਏ 267 ਪਾਵਨ ਸਰੂਪਾਂ ਦੇ ਮਾਮਲੇ ਦੀ ਚੱਲ ਰਹੀ ਜਾਂਚ ਅੱਜ ਮੁਕੰਮਲ ਹੋ ਗਈ ਹੈ। ਜਾਂਚ ਕਮੇਟੀ ਵਲੋਂ ਇਹ ਰਿਪੋਰਟ ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅੱਜ ਜਾਂ ਕੱਲ ਸੌਂਪ ਦਿੱਤੀ ਜਾਵੇਗੀ। ਰਿਪੋਰਟ 24 ਅਗਸਤ ਤੱਕ ਪੰਜ ਸਿੰਘ ਸਾਹਿਬਾਨ ਦੀ ਹੋਣ ਵਾਲੀ ਇਕੱਤਰਤਾ ‘ਚ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ।

ਇਨ੍ਹਾਂ ਪਾਵਨ ਸਰੂਪਾਂ ਦੇ ਘੱਟ ਜਾਣ ਦੀ ਜਾਂਚ ਦੀ ਜ਼ਿੰਮੇਵਾਰੀ ਐਡਵੋਕੇਟ ਈਸ਼ਰ ਸਿੰਘ ਨੂੰ ਸੌਂਪੀ ਗਈ ਸੀ। ਉਨ੍ਹਾਂ ਦੀ ਮਦਦ ਲਈ ਦੋ ਹੋਰ ਮੈਂਬਰ ਟੀਮ ਵਿੱਚ ਸ਼ਾਮਲ ਕੀਤੇ ਗਏ ਸਨ ਅਤੇ ਜਾਂਚ ਵਾਸਤੇ ਇੱਕ ਮਹੀਨੇ ਦਾ ਸਮਾਂ ਦਿੱਤਾ ਗਿਆ ਸੀ।

ਪ੍ਰਾਪਤ ਜਾਣਕਾਰੀ ਮੁਤਾਬਕ ਜਾਂਚ ਟੀਮ ਵੱਲੋਂ ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਤੇ ਸਾਬਕਾ ਅਧਿਕਾਰੀਆਂ ਤੇ ਕਰਮਚਾਰੀਆਂ ਕੋਲੋਂ ਪੁੱਛ-ਪੜਤਾਲ ਕੀਤੀ ਗਈ ਹੈ। ਉਨ੍ਹਾਂ ਪਬਲੀਕੇਸ਼ਨ ਵਿਭਾਗ ਦੇ ਪਿਛਲੇ ਪੰਜ ਸਾਲ ਦੇ ਰਿਕਾਰਡ ਨੂੰ ਵੀ ਘੋਖਿਆ ਹੈ। ਪੰਜ ਸਿੰਘ ਸਾਹਿਬਾਨ ਦੀ 24 ਅਗਸਤ ਨੂੰ ਹੋਣ ਵਾਲੀ ਮੀਟਿੰਗ ਵਿੱਚ ਲਾਪਤਾ ਸਰੂਪਾਂ ਦੀ ਜਾਂਚ ਰਿਪੋਰਟ ਤੋਂ ਇਲਾਵਾ ਕੈਨੇਡਾ ਵਿੱਚ ਆਪਣੇ ਤੌਰ ’ਤੇ ਪਾਵਨ ਸਰੂਪ ਛਾਪਣ ਦੇ ਮਾਮਲੇ ਨੂੰ ਵੀ ਵਿਚਾਰੇ ਜਾਣ ਦੀ ਸੰਭਾਵਨਾ ਹੈ।