ਚੰਡੀਗੜ੍ਹ : ਪੰਜਾਬ ਸਰਕਾਰ ਨਵੇਂ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਕਈ ਅੰਤਰਰਾਸ਼ਟਰੀ ਅਤੇ ਰਾਸ਼ਟਰੀ ਪੱਧਰ ‘ਤੇ ਤਗਮੇ ਜਿੱਤ ਕੇ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੇ ਪੁਰਾਣੇ ਖਿਡਾਰੀਆਂ ਲਈ ਵੀ ਖ਼ਾਸ ਐਲਾਨ ਕਰ ਰਹੀ ਹੈ। ਸਰਕਾਰ ਉਨ੍ਹਾਂ ਸਾਰੇ ਖਿਡਾਰੀਆਂ ਨੂੰ ਪੈਨਸ਼ਨ ਦੇਵੇਗੀ ਜਿਨ੍ਹਾਂ ਦੀ ਉਮਰ 40 ਸਾਲ ਤੋਂ ਵੱਧ ਹੈ ਅਤੇ ਜਿਨ੍ਹਾਂ ਨੇ ਅੰਤਰਰਾਸ਼ਟਰੀ ਅਤੇ ਰਾਸ਼ਟਰੀ ਪੱਧਰ ‘ਤੇ ਸੋਨੇ, ਚਾਂਦੀ ਜਾਂ ਕਾਂਸੀ ਦੇ ਤਗਮੇ ਜਿੱਤੇ ਹਨ। ਯਾਨੀ ਇਨ੍ਹਾਂ ਖਿਡਾਰੀਆਂ ਨੂੰ ਹਰ ਮਹੀਨੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪੈਨਸ਼ਨ ਦੇ ਰੂਪ ਵਿੱਚ ਇੱਕ ਨਿਸ਼ਚਿਤ ਰਕਮ ਦਿੱਤੀ ਜਾਵੇਗੀ।
ਸਰਕਾਰ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਤਮਗ਼ਾ ਜੇਤੂਆਂ ਲਈ 15,000 ਤੋਂ 5,000 ਰੁਪਏ ਤੱਕ ਦੀ ਪੈਨਸ਼ਨ ਨਿਰਧਾਰਿਤ ਕੀਤੀ ਹੈ।
ਕਿਸ ਨੂੰ ਹਰ ਮਹੀਨੇ ਕਿੰਨੀ ਪੈਨਸ਼ਨ ਮਿਲੇਗੀ
-ਓਲੰਪਿਕ ਤਮਗ਼ਾ ਜੇਤੂ ਨੂੰ 15,000।
-ਏਸ਼ੀਆਈ ਖੇਡਾਂ, ਰਾਸ਼ਟਰਮੰਡਲ ਖੇਡਾਂ, ਵਿਸ਼ਵ ਚੈਂਪੀਅਨਸ਼ਿਪ ਦੇ ਤਗਮਾ ਜੇਤੂਆਂ ਨੂੰ 7,500।
-ਰਾਸ਼ਟਰੀ ਖੇਡਾਂ ਦੇ ਤਮਗ਼ਾ ਜੇਤੂ ਨੂੰ 5,000।
ਦੇਸ਼ ਅਤੇ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਪੈਨਸ਼ਨ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਪੈਨਸ਼ਨ ਲਈ ਸਾਲਾਨਾ ਆਮਦਨ ਸਬੰਧੀ ਕੋਈ ਸ਼ਰਤਾਂ ਜਾਂ ਨਿਯਮ ਤੈਅ ਨਹੀਂ ਕੀਤੇ ਗਏ ਹਨ। ਸਿਰਫ਼ ਖਿਡਾਰੀ ਦੀ ਉਮਰ 40 ਸਾਲ ਤੋਂ ਉੱਪਰ ਤੈਅ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਸਰਕਾਰ ਵੱਲੋਂ ਨਵੀਂ ਖੇਡ ਨੀਤੀ ਦਾ ਐਲਾਨ ਕੀਤਾ ਗਿਆ ਸੀ ਜਿਸ ਵਿੱਚ ਸਰਕਾਰ ਵੱਲੋਂ ਓਲੰਪਿਕ ਖੇਡਾਂ ‘ਚ ਸੋਨ ਤਮਗ਼ਾ ਜਿੱਤਣ ਵਾਲੇ ਨੂੰ 3 ਕਰੋੜ, ਚਾਂਦੀ ਦਾ ਤਮਗ਼ਾ ਜਿੱਤਣ ਵਾਲੇ ਨੂੰ 2 ਕਰੋੜ ਅਤੇ ਕਾਂਸੀ ਦਾ ਤਮਗ਼ਾ ਜਿੱਤਣ ਵਾਲੇ ਨੂੰ 1 ਕਰੋੜ ਰੁਪਏ ਦੇਣ ਦਾ ਫ਼ੈਸਲਾ ਕੀਤਾ ਗਿਆ ਸੀ।