ਉੱਤਰਾਖੰਡ ਵਿੱਚ ਅਨੰਦ ਮੈਰਿਜ ਐਕਟ ਤਹਿਤ ਵਿਆਹ ਰਜਿਸਟਰਡ ਹੋਣਗੇ। ਇਹ ਵੱਡਾ ਫ਼ੈਸਲਾ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਵੀਰਵਾਰ ਨੂੰ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ ਹੈ। ਮੀਟਿੰਗ ਵਿੱਚ ਸਾਰੇ ਧਰਮਾਂ ਲਈ ਵਿਆਹ ਰਜਿਸਟ੍ਰੇਸ਼ਨ ਨੂੰ ਲਾਜ਼ਮੀ ਕਰ ਦਿੱਤਾ ਗਿਆ ਹੈ। ਕੈਬਨਿਟ ਮੀਟਿੰਗ ਲਏ ਗਏ ਫ਼ੈਸਲੇ ਅਨੁਸਾਰ ਅਨੰਦ ਮੈਰਿਜ ਐਕਟ ਤਹਿਤ ਹੋਣ ਵਾਲੇ ਵਿਆਹਾਂ ਨੂੰ ਵੀ ਇਸ ਵਿੱਚ ਸ਼ਾਮਲ ਕੀਤਾ ਗਿਆ ਹੈ। ਜਿਸ ਨਾਲ ਸਿੱਖ ਭਾਈਚਾਰੇ ਦੇ ਲੋਕ ਵੀ ਰਜਿਸਟ੍ਰੇਸ਼ਨ ਕਰ ਸਕਣਗੇ।
ਉੱਤਰਾਖੰਡ ਸਰਕਾਰ ਦੇ ਇਸ ਫ਼ੈਸਲੇ ਦੀ ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਨੇ ਸ਼ਲਾਘਾ ਕੀਤਾ ਹੈ। ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰ ਜੀਤ ਸਿੰਘ ਬਿੰਦਰਾ ਨੇ ਕਿਹਾ ਕਿ “ਉੱਤਰਾਖੰਡ ਕੈਬਿਨੇਟ ਦੁਆਰਾ ਲੰਬੇ ਸਮੇਂ ਤੋਂ ਲੰਬਿਤ ਬਿੱਲ ਪਾਸ ਜਿਸ ਨਾਲ ਹੁਣ ਸਿੱਖ ਵਿਆਹ ਅਨੰਦ ਕਾਰਜ ਦੀ ਰਜਿਸਟ੍ਰੇਸ਼ਨ ਅਨੰਦ ਮੈਰਿਜ ਐਕਟ ਤਹਿਤ ਹੋ ਸਕਦਾ ਹੈ, ਇੱਕ ਬਹੁਤ ਹੀ ਸ਼ਲਾਘਾਯੋਗ ਕਦਮ ਹੈ ਜਿਸ ਲਈ ਉੱਤਰਾਖੰਡ ਵਿੱਚ ਵੱਸਦੇ ਸਮੂਹ ਸਿੱਖ ਭਾਈਚਾਰਾ ਸਰਕਾਰ ਦਾ ਧੰਨਵਾਦ ਕਰਦੇ ਹਨ।”
ਉਨ੍ਹਾਂ ਨੇ ਅੱਗੇ ਕਿਹਾ ਕਿ ਇਸ ਫ਼ੈਸਲੇ ਤੋਂ ਇਹ ਵੀ ਸਪਸ਼ਟ ਹੁੰਦਾ ਹੈ ਕਿ ਸਰਕਾਰ ਦਾ ਇਸ ਨੂੰ ਸਿਵਲ ਕੋਡ ਦਾ ਹਿੱਸਾ ਬਣਾਉਣ ਦਾ ਕੋਈ ਇਰਾਦਾ ਨਹੀਂ ਹੈ। ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਸਾਰੇ ਭਾਈਚਾਰਿਆਂ ਦੇ ਰੀਤੀ-ਰਿਵਾਜ਼ਾਂ ਦਾ ਸਤਿਕਾਰ ਕਰਨਾ ਸਰਕਾਰਾਂ ਦਾ ਫ਼ਰਜ਼ ਹੈ।
ਜ਼ਿਕਰਯੋਗ ਹੈ ਕਿ ਮੰਤਰੀ ਮੰਡਲ ਦੀ ਮੀਟਿੰਗ ਵਿੱਚ 30 ਪ੍ਰਸਤਾਵ ਰੱਖੇ ਗਏ ਸਨ, ਜਿਨ੍ਹਾਂ ਵਿੱਚੋਂ 26 ਤਜਵੀਜ਼ਾਂ ਨੂੰ ਮੰਤਰੀ ਮੰਡਲ ਵੱਲੋਂ ਪ੍ਰਵਾਨਗੀ ਦਿੱਤੀ ਗਈ ਸੀ। ਜਿਨ੍ਹਾਂ ਵਿੱਚ ਸਾਰੇ ਧਰਮਾਂ ਲਈ ਵਿਆਹ ਰਜਿਸਟ੍ਰੇਸ਼ਨ ਨੂੰ ਲਾਜ਼ਮੀ ਕਰ ਦਿੱਤਾ ਗਿਆ ਹੈ।