ਚੰਡੀਗੜ੍ਹ : ਪਿਛਲੇ 7 ਮਹੀਨਿਆਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖਾਂ ਦੀ ਰਿਹਾਈ ਲਈ ਮੁਹਾਲੀ ਵਿੱਚ ਚੱਲ ਰਿਹਾ ਕੌਮੀ ਇਨਸਾਫ਼ ਮੋਰਚਾ ਅੱਜ ਚੰਡੀਗੜ੍ਹ ਵਿੱਚ ਦਾਖ਼ਲ ਨਹੀਂ ਹੋਵੇਗਾ। ਇਹ ਫ਼ੈਸਲਾ ਪੁਲਿਸ ਪ੍ਰਸ਼ਾਸਨ ਅਤੇ ਪ੍ਰਦਰਸ਼ਨਕਾਰੀਆਂ ਦਰਮਿਆਨ ਦੇਰ ਰਾਤ ਹੋਈ ਮੀਟਿੰਗ ਤੋਂ ਬਾਅਦ ਲਿਆ ਗਿਆ ਹੈ। ਮੋਰਚੇ ਵੱਲੋਂ ਮੁਹਾਲੀ ਵਿੱਚ ਹੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਦੱਸ ਦੇਈਏ ਕਿ 15 ਅਗਸਤ ਨੂੰ ਮੋਰਚੇ ਵੱਲੋਂ ਚੰਡੀਗੜ੍ਹ ਅੰਦਰ ਦਾਖਲ ਹੋ ਕੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਸੀ। ਉਦੋਂ ਤੋਂ ਪ੍ਰਸ਼ਾਸਨ ਅਤੇ ਧਰਨਾਕਾਰੀਆਂ ਵਿਚਾਲੇ ਲਗਾਤਾਰ ਮੀਟਿੰਗਾਂ ਦਾ ਦੌਰ ਚੱਲ ਰਿਹਾ ਸੀ।
ਪੁਲਿਸ ਪ੍ਰਸ਼ਾਸਨ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਹੋਏ ਸਮਝੌਤੇ ਅਨੁਸਾਰ ਕੌਮੀ ਇਨਸਾਫ਼ ਮੋਰਚਾ ਦੇ ਪ੍ਰਦਰਸ਼ਨਕਾਰੀ ਵਾਈਪੀਐਸ ਚੌਕ ਤੋਂ 51-52 ਸਰਕਲ ਤੱਕ ਪੈਦਲ ਚੱਲ ਕੇ 51-52 ਲਾਈਟ ਪੁਆਇੰਟ ਤੋਂ ਪੈਟਰੋਲ ਪੰਪ ਵੱਲ ਮੁੜਨਗੇ। ਫ਼ੇਜ਼ 4 ਅਤੇ 5 ਦੀਆਂ ਲਾਈਟਾਂ ਤੋਂ ਹੁੰਦੇ ਹੋਏ ਏਅਰਪੋਰਟ ਰੋਡ ਅਤੇ ਏਅਰਪੋਰਟ ਰੋਡ ਤੋਂ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਹੁੰਦੇ ਹੋਏ ਵਾਪਸ ਵਾਈ.ਪੀ.ਐੱਸ ਚੌਕ ਪਹੁੰਚੇਗਾ। ਇਸ ਤੋਂ ਇਲਾਵਾ ਪ੍ਰਦਰਸ਼ਨਕਾਰੀਆਂ ਨੂੰ ਸ਼ਹਿਰ ਵਿੱਚ ਕਿਤੇ ਵੀ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ।
ਦੱਸ ਦੇਈਏ ਕਿ ਪਿਛਲੇ ਅੱਠ ਮਹੀਨਿਆਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚਾ ਨੇ ਮੋਹਾਲੀ ਵਿੱਚ ਪੱਕਾ ਮੋਰਚਾ ਲਾਇਆ ਹੋਇਆ ਹੈ। ਮੋਰਚੇ ਦੇ ਅਹੁਦੇਦਾਰਾਂ ਪਾਲ ਸਿੰਘ ਫਰਾਂਸ ਅਤੇ ਗੁਰਚਰਨ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਸਰਕਾਰ ਨੂੰ ਜਗਾਉਣਾ ਹੈ। ਉਹ ਕਿਸੇ ਵੀ ਕੀਮਤ ‘ਤੇ ਬੰਦੀ ਸਿੱਖਾਂ ਦੀ ਰਿਹਾਈ ਚਾਹੁੰਦੇ ਹਨ। ਉਨ੍ਹਾਂ ਨੇ ਪਹਿਲਾਂ ਚੰਡੀਗੜ੍ਹ ਵਿੱਚ ਅਰਥੀ ਫ਼ੂਕ ਮਾਰਚ ਕੱਢਣ ਦਾ ਐਲਾਨ ਕੀਤਾ ਸੀ ਪਰ ਉੱਚ ਪੁਲਿਸ ਅਧਿਕਾਰੀਆਂ ਦੇ ਕਹਿਣ ’ਤੇ ਉਨ੍ਹਾਂ ਨੇ ਚੰਡੀਗੜ੍ਹ ਮਾਰਚ ਨੂੰ ਮੁਲਤਵੀ ਕਰ ਦਿੱਤਾ ਹੈ, ਪਰ ਆਪਣੀਆਂ ਮੰਗਾਂ ਨੂੰ ਲੈ ਕੇ ਮੁਹਾਲੀ ਸ਼ਹਿਰ ਵਿੱਚ ਅਰਥੀ ਫ਼ੂਕ ਮਾਰਚ ਕਰਨਗੇ।
ਕੌਮੀ ਇਨਸਾਫ਼ ਮੋਰਚੇ ਦੇ ਧਰਨੇ ਨੂੰ ਲੈ ਕੇ ਮੁਹਾਲੀ ਅਤੇ ਚੰਡੀਗੜ੍ਹ ਪੁਲਿਸ ਨੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਹਨ। ਪੁਲਿਸ ਸੂਤਰਾਂ ਅਨੁਸਾਰ ਚੰਡੀਗੜ੍ਹ ਅਤੇ ਮੁਹਾਲੀ ਪੁਲਿਸ ਦੇ ਅਧਿਕਾਰੀਆਂ ਦਰਮਿਆਨ ਹੋਈ ਮੀਟਿੰਗ ਦੌਰਾਨ ਮੁਹਾਲੀ ਪੁਲਿਸ ਵੱਲੋਂ ਚੰਡੀਗੜ੍ਹ ਪੁਲਿਸ ਨੂੰ ਸਖ਼ਤੀ ਨਾਲ ਕਿਹਾ ਗਿਆ ਹੈ ਕਿ ਕੋਈ ਵੀ ਪ੍ਰਦਰਸ਼ਨਕਾਰੀ ਚੰਡੀਗੜ੍ਹ ਦੀ ਸਰਹੱਦ ਵਿੱਚ ਦਾਖ਼ਲ ਨਾ ਹੋਵੇ। ਇਸ ਸਬੰਧੀ ਮੁਹਾਲੀ ਪੁਲੀਸ ਨੇ ਆਪਣੇ ਇਲਾਕੇ ਵਿੱਚ ਬੈਰੀਕੇਡ ਲਗਾ ਕੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪ੍ਰਬੰਧ ਕੀਤੇ ਹਨ।
ਮਿਲੀ ਜਾਣਕਾਰੀ ਅਨੁਸਾਰ 15 ਅਗਸਤ ਨੂੰ ਚੰਡੀਗੜ੍ਹ ਦੀਆਂ ਸਾਰੀਆਂ 12 ਸਰਹੱਦਾਂ ਸੀਲ ਰਹਿਣਗੀਆਂ ਅਤੇ ਇੱਥੇ ਇੱਕ ਹਜ਼ਾਰ ਦੇ ਕਰੀਬ ਪੁਲਿਸ ਮੁਲਾਜ਼ਮ ਤਾਇਨਾਤ ਰਹਿਣਗੇ। ਪੁਲਿਸ ਵੱਲੋਂ ਬੈਰੀਕੇਡਿੰਗ ਕੀਤੀ ਗਈ ਹੈ। ਇਨ੍ਹਾਂ ਵਿੱਚ ਅਤਿ ਸੰਵੇਦਨਸ਼ੀਲ ਸੈਕਟਰ 52/53 ਚੌਕ, ਮੋਟਰ ਬੈਰੀਅਰ ਅਤੇ ਸੈਕਟਰ 53/54 ਪੁਆਇੰਟ ਨੇੜੇ ਭਾਰੀ ਪੁਲਿਸ ਤਾਇਨਾਤ ਰਹੇਗੀ। ਸੰਵੇਦਨਸ਼ੀਲ ਇਲਾਕਿਆਂ ਵਿੱਚ ਪੁਲਿਸ ਦੀਆਂ ਵਿਸ਼ੇਸ਼ ਗੱਡੀਆਂ ਵੀ ਤਾਇਨਾਤ ਰਹਿਣਗੀਆਂ।