Punjab

ਪੰਜਾਬ ਦੇ 8 ਜ਼ਿਲ੍ਹਿਆਂ ‘ਚ ਪਾਣੀ ਵੜਿਆ , ਪਿੰਡਾਂ ‘ਚ NDRF ਨਾਲ ਫੌਜ ਨੇ ਸੰਭਾਲਿਆ ਮੋਰਚਾ…

Floods in 8 districts of Punjab: NDRF in submerged villages

ਚੰਡੀਗੜ੍ਹ : ਭਾਖੜਾ ਡੈਮ ਮੈਨੇਜਮੈਂਟ ਬੋਰਡ (ਬੀ.ਬੀ.ਐੱਮ.ਬੀ.) ਨੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪਹੁੰਚਾਉਣ ਲਈ ਫਲੱਡ ਗੇਟ ਅਗਲੇ ਚਾਰ ਦਿਨਾਂ ਲਈ ਖੁੱਲ੍ਹੇ ਰੱਖਣ ਦਾ ਫ਼ੈਸਲਾ ਕੀਤਾ ਹੈ। ਇਸ ਕਾਰਨ ਸਤਲੁਜ ਦਰਿਆ ਦੇ ਪਾਣੀ ਦੇ ਵਧੇ ਪੱਧਰ ਨੇ ਰੂਪਨਗਰ ਵਿੱਚ ਆਪਣਾ ਅਸਰ ਵਿਖਾਇਆ ਹੈ। ਦੂਜੇ ਪਾਸੇ ਹੁਸ਼ਿਆਰਪੁਰ, ਗੁਰਦਾਸਪੁਰ, ਕਪੂਰਥਲਾ ਤੋਂ ਬਾਅਦ ਪੌਂਗ ਡੈਮ ਤੋਂ ਛੱਡੇ ਜਾਣ ਵਾਲੇ ਪਾਣੀ ਦਾ ਅਸਰ ਅੰਮ੍ਰਿਤਸਰ, ਤਰਨਤਾਰਨ ਅਤੇ ਫ਼ਿਰੋਜ਼ਪੁਰ ‘ਤੇ ਵੀ ਪੈਣਾ ਸ਼ੁਰੂ ਹੋ ਗਿਆ ਹੈ।

ਪੌਂਗ ਡੈਮ ਤੋਂ ਛੱਡੇ ਗਏ ਪਾਣੀ ਕਾਰਨ ਅੰਮ੍ਰਿਤਸਰ ਦੇ ਪਿੰਡ ਸ਼ੇਰੋਬਾਗਾ ਦੇ ਘਰ ਪਾਣੀ ਦੀ ਲਪੇਟ ਵਿੱਚ ਆ ਗਏ। ਜਿਸ ਤੋਂ ਬਾਅਦ ਸ਼ਾਮ ਨੂੰ ਲੋਕਾਂ ਨੂੰ ਬਚਾਉਣ ਦਾ ਕੰਮ ਸ਼ੁਰੂ ਕੀਤਾ ਗਿਆ। ਐਨਡੀਆਰਐਫ ਦੀਆਂ ਟੀਮਾਂ ਨੇ ਇਸ ਦੌਰਾਨ ਚਾਰਜ ਸੰਭਾਲ ਲਿਆ ਅਤੇ 26 ਲੋਕਾਂ ਅਤੇ 30 ਪਾਲਤੂ ਜਾਨਵਰਾਂ ਨੂੰ ਬਚਾਇਆ। ਇਸ ਦੌਰਾਨ ਪਿੰਡ ਦੇ ਗੁਰੂਘਰ ਵਿੱਚ ਰੱਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਵੀ ਸਤਿਕਾਰ ਸਹਿਤ ਸੁਰੱਖਿਅਤ ਥਾਂ ’ਤੇ ਲਿਜਾਇਆ ਗਿਆ ਹੈ।

ਅੰਮ੍ਰਿਤਸਰ ‘ਚ ਬਿਆਸ ਦਰਿਆ 744 ਗੇਜ ਦੇ ਖ਼ਤਰੇ ਦੇ ਨਿਸ਼ਾਨ ਨੂੰ ਛੂਹ ਗਿਆ ਹੈ, ਜਦਕਿ ਬਿਆਸ ਦਰਿਆ ‘ਚ ਪਾਣੀ ਦਾ ਵਹਾਅ 1.40 ਲੱਖ ਕਿਊਸਿਕ ਹੋਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ। ਅੰਮ੍ਰਿਤਸਰ ਤੋਂ ਇਲਾਵਾ ਬਿਆਸ ਦਾ ਅਸਰ ਤਰਨਤਾਰਨ ਅਤੇ ਫ਼ਿਰੋਜ਼ਪੁਰ ਵਿੱਚ ਵੀ ਦਿਖਾਈ ਦੇਣ ਲੱਗਾ ਹੈ। ਤਰਨਤਾਰਨ ਦੇ ਪਿੰਡ ਧੂੰਦਾ ਵਿੱਚ ਧੁੱਸੀ ਬੰਨ੍ਹ ਵਿੱਚ ਪਾੜ ਪੈ ਗਿਆ ਹੈ। ਜਿਸ ਕਾਰਨ 15 ਹਜ਼ਾਰ ਏਕੜ ਜ਼ਮੀਨ ਪਾਣੀ ਵਿੱਚ ਡੁੱਬ ਗਈ ਹੈ।

ਭਾਖੜਾ ਦਾ ਪਾਣੀ ਸਤਲੁਜ ਵਿੱਚ ਦਾਖਲ ਹੋਣ ਕਾਰਨ ਰੂਪਨਗਰ ਵਿੱਚ ਕਈ ਥਾਵਾਂ ’ਤੇ ਧੁੱਸੀ ਬੰਨ੍ਹ ਟੁੱਟ ਗਏ। ਪਿੰਡ ਬੁਰਜ ’ਚ ਬੰਨ੍ਹ ਟੁੱਟਣ ਮਗਰੋਂ ਸਥਿਤੀ ’ਤੇ ਕਾਬੂ ਪਾਉਣ ਦੇ ਯਤਨ ਜਾਰੀ ਹਨ। ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਬੰਨ੍ਹਾਂ ਨੂੰ ਮਜ਼ਬੂਤ ਕਰਨ ਦਾ ਕੰਮ ਚੱਲ ਰਿਹਾ ਹੈ। ਮਿੱਟੀ ਦੀਆਂ ਇੱਕ ਲੱਖ ਬੋਰੀਆਂ ਭਰੀਆਂ ਗਈਆਂ ਹਨ।

ਭਾਖੜਾ ਡੈਮ ਦੇ ਅੱਜ ਪਾਣੀ ਦਾ ਪੱਧਰ 1676.45 ਫੁੱਟ ‘ਤੇ ਪਹੁੰਚ ਗਿਆ ਹੈ, ਜੋ ਕਿ ਪਿਛਲੇ ਦਿਨਾਂ ਨਾਲੋਂ 2 ਫੁੱਟ ਘੱਟ ਅਤੇ ਖ਼ਤਰੇ ਦੇ ਨਿਸ਼ਾਨ ਤੋਂ 4 ਫੁੱਟ ਘੱਟ ਹੈ। ਭਾਖੜਾ ਡੈਮ ਵਿੱਚ ਪਾਣੀ ਦੀ ਆਮਦ 54887 ਕਿਊਸਿਕ ਦਰਜ ਕੀਤੀ ਗਈ। ਜਦਕਿ ਭਾਖੜਾ ਡੈਮ ਤੋਂ ਟਰਬਾਈਨਾਂ ਅਤੇ ਫਲੱਡ ਗੇਟਾਂ ਰਾਹੀਂ ਸਿਰਫ਼ 79195 ਕਿਊਸਿਕ ਪਾਣੀ ਛੱਡਿਆ ਗਿਆ। ਇਸ ਦੇ ਨਾਲ ਹੀ 2 ਫੁੱਟ ਦੇ ਕਰੀਬ ਗੇਟ ਖੋਲ੍ਹ ਦਿੱਤੇ ਗਏ ਹਨ ਅਤੇ ਪਾਣੀ ਨੂੰ ਕੰਟਰੋਲ ‘ਚ ਛੱਡਿਆ ਜਾ ਰਿਹਾ ਹੈ, ਤਾਂ ਜੋ ਪੰਜਾਬ ‘ਚ ਜ਼ਿਆਦਾ ਨੁਕਸਾਨ ਨਾ ਹੋਵੇ।

ਨੰਗਲ ਡੈਮ ਤੋਂ ਨੰਗਲ ਹਾਈਡਲ ਨਹਿਰ ਵਿੱਚ 12350 ਕਿਊਸਿਕ, ਅਨੰਦਪੁਰ ਸਾਹਿਬ ਹਾਈਡਲ ਨਹਿਰ ਵਿੱਚ 10150 ਕਿਊਸਿਕ ਅਤੇ ਸਤਲੁਜ ਦਰਿਆ ਵਿੱਚ 56900 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਨੰਗਲ ਡੈਮ ਤੋਂ 79400 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਪੌਂਗ ਡੈਮ ਅਜੇ ਵੀ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਹੈ। ਬੀਬੀਐਮਬੀ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇੱਥੋਂ 1.40 ਕਿਊਸਿਕ ਪਾਣੀ ਲਗਾਤਾਰ ਛੱਡਿਆ ਜਾ ਰਿਹਾ ਹੈ।
ਗੁਰਦਾਸਪੁਰ ਜ਼ਿਲ੍ਹੇ ਵਿੱਚ ਬਿਆਸ ਦਰਿਆ ਪੌਂਗ ਡੈਮ ਤੋਂ ਵੱਡੀ ਮਾਤਰਾ ਵਿੱਚ ਪਾਣੀ ਛੱਡਣ ਤੋਂ ਬਾਅਦ 50 ਦੇ ਕਰੀਬ ਪਿੰਡ ਪ੍ਰਭਾਵਿਤ ਹੋਏ ਹਨ। ਹੜ੍ਹਾਂ ਕਾਰਨ ਦੀਨਾਨਗਰ, ਗੁਰਦਾਸਪੁਰ ਅਤੇ ਕਾਹਨੂੰਵਾਨ ਖੇਤਰਾਂ ਵਿੱਚ ਕਰੀਬ 50 ਪਿੰਡ ਪਾਣੀ ਵਿੱਚ ਡੁੱਬ ਗਏ ਹਨ। ਜਿਨ੍ਹਾਂ ਵਿੱਚੋਂ 12 ਦੇ ਕਰੀਬ ਪਿੰਡ ਖ਼ਾਸ ਕਰਕੇ ਹੜ੍ਹਾਂ ਦੀ ਮਾਰ ਝੱਲ ਰਹੇ ਹਨ।

ਗੁਰਦਾਸਪੁਰ ਵਿੱਚ, 15 ਕਿਸ਼ਤੀਆਂ ਨਾਲ ਟੀਮਾਂ ਨੇ 500 ਤੋਂ ਵੱਧ ਲੋਕਾਂ ਨੂੰ ਬਚਾਇਆ ਅਤੇ 100 ਤੋਂ ਵੱਧ ਨੂੰ ਜ਼ਿੰਦਾ ਬਚਾਇਆ। ਸਭ ਤੋਂ ਵੱਧ ਪ੍ਰਭਾਵਿਤ ਪਿੰਡਾਂ ਵਿੱਚ ਚੀਚੀਆ ਚੋਰੋਈਆ, ਪੱਖੋਵਾਲ, ਦਾਉਵਾਲ, ਖੈਰਾ, ਦਲੇਰਪੁਰ, ਪਦਾਣਾ, ਛੀਨਾ ਬੈਤ, ਨਡਾਲਾ, ਜਗਪੁਰ ਕਲਾਂ, ਕੋਹਲੀਯਾਨ ਅਤੇ ਖਾਰੀਯਾਨ ਸ਼ਾਮਲ ਹਨ।