ਚੰਡੀਗੜ੍ਹ : ਪੰਜਾਬ ਦੇ ਹਜ਼ਾਰਾਂ ਕਰੋੜ ਰੁਪਏ ਦੇ ਡਰੱਗਜ਼ ਮਾਮਲੇ ਦੇ ਮੁਲਜ਼ਮ ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਨੂੰ ਅੱਜ ਮੋਹਾਲੀ ਅਦਾਲਤ ਤੋਂ ਵੱਡਾ ਝਟਕਾ ਲੱਗਾ ਹੈ। ਕੋਰਟ ਨੇ ਬਹੁ-ਕਰੋੜੀ ਡਰੱਗ ਮਾਮਲੇ ਵਿਚ ਮੋਹਾਲੀ ਅਦਾਲਤ ਨੇ ਪੰਜਾਬ ਪੁਲਿਸ ਦੇ ਬਰਖ਼ਾਸਤ ਏ.ਆਈ.ਜੀ. ਰਾਜਜੀਤ ਸਿੰਘ ਨੂੰ ਭਗੌੜਾ ਕਰਾਰ ਦਿੱਤਾ ਹੈ।
ਉਹ ਕਾਫ਼ੀ ਸਮੇਂ ਤੋਂ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਪੰਜਾਬ ਦੇ ਹਜ਼ਾਰਾਂ ਕਰੋੜ ਰੁਪਏ ਦੇ ਡਰੱਗਜ਼ ਮਾਮਲੇ ਵਿਚ ਨੌਕਰੀ ਤੋਂ ਬਰਖ਼ਾਸਤ ਤੇ ਆਈਪੀਸੀ ਦੀ ਗੰਭੀਰ ਧਾਰਾਵਾਂ ਤਹਿਤ ਦਰਜ ਕੇਸ ਵਿਚ ਨਾਮਜ਼ਦ ਏਆਈਜੀ ਰਾਜਜੀਤ ਸਿੰਘ ਦਾ ਸੁਰਾਗ ਲਗਾਉਣ ਵਿਚ ਐਸਟੀਐਫ ਅਤੇ ਪੰਜਾਬ ਪੁਲਿਸ ਨਾਕਾਮ ਰਹੀ ਹੈ।
ਐਸਟੀਐਫ ਨੂੰ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਮੁਹਾਲੀ ਜ਼ਿਲ੍ਹਾ ਅਦਾਲਤ ਤੋਂ ਗ੍ਰਿਫ਼ਤਾਰੀ ਵਾਰੰਟ ਜਾਰੀ ਹੋਏ ਹਨ। 18 ਮਈ ਤੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਸੀ। ਪਰ ਰਾਜਜੀਤ ਦਾ ਅਜੇ ਤੱਕ ਕੋਈ ਸੁਰਾਗ ਨਹੀਂ ਲੱਗਾ ਹੈ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੂਬੇ ਵਿਚ ਨਸ਼ਾ ਤਸਕਰੀ ਦੀ ਜਾਂਚ ਲਈ 2017 ਵਿਚ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਸੀ। ਸਿੱਟ ਨੇ ਜਾਂਚ ਤੋਂ ਬਾਅਦ 4 ਸੀਲਬੰਦ ਰਿਪੋਰਟਾਂ ਹਾਈ ਕੋਰਟ ਵਿਚ ਸੌਂਪੀਆਂ ਸਨ। ਇਨ੍ਹਾਂ ਵਿਚੋਂ ਤਿੰਨ ਰਿਪੋਰਟਾਂ ਨੂੰ ਹਾਈ ਕੋਰਟ ਨੇ ਖੋਲ੍ਹ ਕੇ ਪੰਜਾਬ ਸਰਕਾਰ ਕੋਲ ਕਾਰਵਾਈ ਲਈ ਭੇਜ ਦਿੱਤਾ ਸੀ। ਇਨ੍ਹਾਂ ਰਿਪੋਰਟਾਂ ਦੇ ਆਧਾਰ ’ਤੇ ਹੀ ਰਾਜਜੀਤ ਸਿੰਘ ਹੁੰਦਲ ਵਿਰੁੱਧ ਕਾਰਵਾਈ ਕੀਤੀ ਗਈ ਸੀ।
ਇਹ ਮਾਮਲਾ ਹੈ
ਦਰਅਸਲ ਸਾਲ 2017 ‘ਚ ਰਾਜਜੀਤ ਦੇ ਸਾਥੀ ਇੰਸਪੈਕਟਰ ਇੰਦਰਜੀਤ, ਜੋ ਕਿ ਏਆਈਜੀ ਸਨ, ਨੂੰ ਹਥਿਆਰ ਅਤੇ ਡਰੱਗ ਤਸਕਰੀ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਦੇ ਘਰ ਦੀ ਤਲਾਸ਼ੀ ਦੌਰਾਨ ਏਕੇ-47, 4 ਕਿੱਲੋ ਹੈਰੋਇਨ, 3 ਕਿੱਲੋ ਸਮੈਕ ਅਤੇ ਹੋਰ ਦੇਸੀ ਹਥਿਆਰ ਬਰਾਮਦ ਹੋਏ ਸਨ।
ਇੰਸਪੈਕਟਰ ਇੰਦਰਜੀਤ ਸਿੰਘ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਸੀ। ਇਸ ਮਾਮਲੇ ‘ਚ ਰਾਜਜੀਤ ਸਿੰਘ ‘ਤੇ ਬਰਖ਼ਾਸਤ ਇੰਸਪੈਕਟਰ ਇੰਦਰਜੀਤ ਦਾ ਬਚਾਅ ਕਰਦੇ ਹੋਏ ਗ਼ਲਤ ਰਿਕਾਰਡ ਪੇਸ਼ ਕਰਨ ਦਾ ਦੋਸ਼ ਹੈ। ਇਸ ਦੇ ਨਾਲ ਹੀ ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਨਾਲ ਛੇੜਛਾੜ ਕਰਨ ਅਤੇ ਇੰਦਰਜੀਤ ਨੂੰ ਤਰੱਕੀ ਦੇਣ ਦੇ ਵੀ ਦੋਸ਼ ਹਨ।
ਜ਼ਿਕਰਯੋਗ ਹੈ ਕਿ ਏਆਈਜੀ ਰਾਜਜੀਤ ਸਿੰਘ ਦਾ ਨਾਂ ਹਾਈ ਕੋਰਟ ਦੀ ਰਿਪੋਰਟ ਵਿੱਚ ਆਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦੀ ਜਾਇਦਾਦ ਦੀ ਜਾਂਚ ਦੇ ਹੁਕਮ ਜਾਰੀ ਕੀਤੇ ਸਨ। ਇਸ ਤੋਂ ਤੁਰੰਤ ਬਾਅਦ ਰਾਜਜੀਤ ਸਿੰਘ ਫ਼ਰਾਰ ਹੋ ਗਿਆ ਸੀ।