Punjab

ਸੁਖਬੀਰ ਬਾਦਲ ਖਿਲਾਫ਼ ਦਰਜ ਕਿਹੜਾ ਕੇਸ ਹੋਇਆ ਖਾਰਜ…

Which case was registered against Sukhbir Badal? Dismissal

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਅੰਮ੍ਰਿਤਸਰ ਦੇ ਬਿਆਸ ਵਿੱਚ ਦਰਜ ਐਫ.ਆਈ.ਆਰ. ਨੂੰ ਰੱਦ ਕਰ ਦਿੱਤਾ। ਇਹ ਐਫਆਈਆਰ ਕੋਰੋਨਾ ਕਾਲ ਦੇ ਦੌਰਾਨ ਦਰਜ ਕੀਤੀ ਗਈ ਸੀ। ਸੁਖਬੀਰ ਬਾਦਲ ਖਿਲਾਫ ਅੰਮ੍ਰਿਤਸਰ ‘ਚ ਡੀ.ਸੀ. ਦੇ ਹੁਕਮਾਂ ਦੀ ਉਲੰਘਣਾ ਕਰਨ ‘ਤੇ ਮਾਮਲਾ ਦਰਜ ਕੀਤਾ ਗਿਆ ਸੀ। ਇਹ ਐਫਆਈਆਰ 1 ਜੁਲਾਈ 2021 ਨੂੰ ਦਰਜ ਕੀਤੀ ਗਈ ਸੀ। ਕਰੋਨਾ ‘ਚ ਮਾਈਨਿੰਗ ਸਾਇਟ ਉਤੇ ਭੀੜ ਇਕੱਠੀ ਕਰਨ ਦਾ ਦੋਸ਼ ਸੀ। ਹੁਣ ਅਦਾਲਤ ਤੋਂ ਸੁਖਬੀਰ ਬਾਦਲ ਨੂੰ ਵੱਡੀ ਰਾਹਤ ਮਿਲੀ ਹੈ।

ਹਾਈ ਕੋਰਟ ਦੇ ਜਸਟਿਸ ਅਨੂਪ ਚਿਤਕਾਰਾ ਨੇ ਜੁਲਾਈ ਮਹੀਨੇ ਇਸ ਮਾਮਲੇ ਵਿੱਚ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਵੀਰਵਾਰ ਨੂੰ ਹਾਈ ਕੋਰਟ ਨੇ ਬਾਦਲ ਨੂੰ ਮਨਜ਼ੂਰੀ ਦੇ ਦਿੱਤੀ ਅਤੇ ਐਫਆਈਆਰ ਰੱਦ ਕਰਨ ਦੀ ਉਨ੍ਹਾਂ ਦੀ ਮੰਗ ਨੂੰ ਸਵੀਕਾਰ ਕਰ ਲਿਆ।

ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ 1 ਜੁਲਾਈ 2021 ਨੂੰ ਅੰਮ੍ਰਿਤਸਰ ਫੇਰੀ ਦੌਰਾਨ ਪ੍ਰੈੱਸ ਕਾਨਫਰੰਸ ਦੌਰਾਨ ਬਿਆਸ ਦਰਿਆ ‘ਚ ਗੈਰ-ਕਾਨੂੰਨੀ ਮਾਈਨਿੰਗ ਦੇ ਦੋਸ਼ ਲਾਏ ਸਨ। ਇਸ ਦੇ ਨਾਲ ਹੀ ਉਨ੍ਹਾਂ ਇਸ ਤੋਂ ਤੁਰੰਤ ਬਾਅਦ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਨਾਲ ਬਿਆਸ ਦਰਿਆ ਦਾ ਦੌਰਾ ਕੀਤਾ।

ਸੁਖਬੀਰ ਬਾਦਲ ਨੇ ਮੀਡੀਆ ‘ਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਹੁਕਮਾਂ ਦੀਆਂ ਧੱਜੀਆਂ ਉਡਾ ਕੇ ਉਥੇ ਮਾਈਨਿੰਗ ਕਰਨ ਦਾ ਦੋਸ਼ ਲਾਇਆ, ਜਿਸ ਤੋਂ ਬਾਅਦ ਪੁਲਿਸ ਨੇ ਉਸੇ ਦਿਨ ਸੁਖਬੀਰ ਸਿੰਘ ਬਾਦਲ ਖਿਲਾਫ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ‘ਚ ਐਫ.ਆਈ.ਆਰ. ਦਰਜ ਕੀਤੀ ਸੀ। ਸੁਖਬੀਰ ਸਿੰਘ ਬਾਦਲ ਨੇ ਹੁਣ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਇਸ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ, ਜਿਸ ਨੂੰ ਅਦਾਲਤ ਨੇ ਸਵੀਕਾਰ ਕਰ ਲਿਆ।