ਬਰਤਾਨੀਆ ’ਚ ਖ਼ਾਲਿਸਤਾਨ ਪੱਖੀਆਂ ਦੀਆਂ ਗਤੀਵਿਧੀਆਂ ’ਤੇ ਭਾਰਤ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਦੀ ਕੋਸ਼ਿਸ਼ ਕਰਦੇ ਹੋਏ ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਬੁੱਧਵਾਰ ਨੂੰ ਕਿਹਾ ਕਿ ਕਿਸੇ ਵੀ ਤਰ੍ਹਾਂ ਦਾ ਕੱਟੜਵਾਦ ਸਵੀਕਾਰ ਨਹੀਂ ਹੈ ਅਤੇ ਜਾਇਜ਼ ਵਿਰੋਧ ਦੇ ਅਧਿਕਾਰ ਨੂੰ ਹਿੰਸਕ ਜਾਂ ਧਮਕੀ ਭਰੇ ਵਿਹਾਰ ਤਕ ਨਹੀਂ ਲਿਜਾਇਆ ਜਾ ਸਕਦਾ।
ਉਨ੍ਹਾਂ ਨੇ ਕਿਹਾ ਕਿ ਸਾਡੀ ਸਰਕਾਰ ਇਸ ਹਿੰਸਕ ਵਿਚਾਰਧਾਰਾ ਦਾ ਮੁਕਾਬਲਾ ਕਰਨ ਲਈ ਭਾਰਤ ਸਰਕਾਰ ਨਾਲ ਗੰਭੀਰਤਾ ਨਾਲ ਕੰਮ ਕਰ ਰਹੀ ਹੈ।
ਸੂਨਕ ਨੇ ਪੀਟੀਆਈ ਨੂੰ ਦਿੱਤੇ ਇੱਕ ਵਿਸ਼ੇਸ਼ ਇੰਟਰਵਿਊ ਵਿੱਚ ਕਿਹਾ ਕਿ ਉਹ ਹਿੰਸਕ ਤੇ ਵੰਡ ਪਾਊ ਵਿਚਾਰਧਾਰਾਵਾਂ ’ਤੇ ਕਾਬੂ ਪਾਉਣ ਤੇ ਉਨ੍ਹਾਂ ਦਾ ਮੁਕਾਬਲਾ ਕਰਨ ਦੇ ਸਰਕਾਰ ਦੇ ਫਰਜ਼ ਨੂੰ ਬਹੁਤ ਗੰਭੀਰਤਾ ਨਾਲ ਲੈਂਦੇ ਹਨ। ਉਨ੍ਹਾਂ ਕਿਹਾ ਕਿ ਬਰਤਾਨੀਆ ਖਾਲਿਸਤਾਨ ਪੱਖੀ ਕੱਟੜਵਾਦ ਦੇ ਖਤਰੇ ਨਾਲ ਨਜਿੱਠਣ ਲਈ ਭਾਰਤ ਸਰਕਾਰ ਨਾਲ ਮਿਲ ਕੇ ਕੰਮ ਕਰ ਰਿਹਾ ਹੈ।
ਬਰਤਾਨੀਆਂ ’ਚ ਖਾਲਿਸਤਾਨ ਪੱਖੀ ਤੱਤਾਂ ਦੀਆਂ ਗਤੀਵਿਧੀਆਂ ਨੂੰ ਲੈ ਕੇ ਭਾਰਤ ’ਚ ਚਿੰਤਾਵਾਂ ਵਧ ਗਈਆਂ ਹਨ, ਖਾਸ ਕਰ ਕੇ ਮਾਰਚ ’ਚ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ਉੱਤੇ ਹੋਏ ਹਮਲੇ ਤੋਂ ਬਾਅਦ। ਸੁਨਕ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਭਾਰਤ ਦਾ ਦੌਰਾ ਕਰਨਗੇ।
ਸੁਨਕ ਨੇ ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਦੀ ਬ੍ਰਿਟੇਨ ਦੇ ਸੁਰੱਖਿਆ ਮੰਤਰੀ ਨਾਲ ਮੁਲਾਕਾਤ ਦਾ ਜ਼ਿਕਰ ਕੀਤਾ। ਇਸ ਵਿੱਚ ਇਹ ਤੈਅ ਕੀਤਾ ਗਿਆ ਸੀ ਕਿ ਬਰਤਾਨੀਆ ਖ਼ਾਲਿਸਤਾਨ ਨੂੰ ਕਾਬੂ ਕਰਨ ਲਈ ਇੱਕ ਕਰੋੜ ਰੁਪਏ ਖ਼ਰਚ ਕਰੇਗਾ। ਦਰਅਸਲ ਮਾਰਚ ਵਿਚ ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ‘ਤੇ ਹੋਏ ਹਮਲੇ ਤੋਂ ਬਾਅਦ ਬਰਤਾਨੀਆ ਵਿਚ ਖ਼ਾਲਿਸਤਾਨ ਸਮਰਥਕਾਂ ਦੀਆਂ ਗਤੀਵਿਧੀਆਂ ਨੂੰ ਲੈ ਕੇ ਭਾਰਤ ਵਿਚ ਚਿੰਤਾ ਵਧ ਗਈ ਸੀ। ਉਦੋਂ ਭਾਰਤ ਨੇ ਬਰਤਾਨੀਆ ਤੋਂ ਸਖ਼ਤ ਕਦਮ ਚੁੱਕਣ ਦੀ ਮੰਗ ਕੀਤੀ ਸੀ।
ਸੁਨਕ ਨੇ ਭਾਰਤ ਅਤੇ ਬਰਤਾਨੀਆ ਦਰਮਿਆਨ ਹੋਏ ਮੁਕਤ ਵਪਾਰ ਸਮਝੌਤੇ ਬਾਰੇ ਵੀ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਹ ਸੌਦਾ ਉਦੋਂ ਹੀ ਕੀਤਾ ਜਾਵੇਗਾ ਜਦੋਂ ਇਹ ਬ੍ਰਿਟੇਨ ਦੇ ਹਿਤ ‘ਚ ਹੋਵੇਗਾ। ਕੁਝ ਦਿਨ ਪਹਿਲਾਂ ਦੋਵਾਂ ਦੇਸ਼ਾਂ ਵਿਚ ਮੁਕਤ ਵਪਾਰ ਸਮਝੌਤੇ ਨੂੰ ਲੈ ਕੇ ਹਿੱਤਾਂ ਦੇ ਟਕਰਾਅ ਨਾਲ ਜੁੜੇ ਸਵਾਲ ਉਠਾਏ ਗਏ ਸਨ।