ਚੰਡੀਗੜ੍ਹ : 2015 ਦੇ ਐਨਡੀਪੀਐਸ ਕੇਸ ਵਿੱਚ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੰਜਾਬ ਵਿੱਚ ਗਰਮਾਈ ਸਿਆਸਤ ਦਰਮਿਆਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਡੀਜੀਪੀ ਗੌਰਵ ਯਾਦਵ ਨੂੰ ਪੱਤਰ ਲਿਖ ਕੇ ਖਹਿਰਾ ਦੀ ਗ੍ਰਿਫ਼ਤਾਰੀ ਬਾਰੇ ਜਾਣਕਾਰੀ ਮੰਗੀ ਹੈ।
ਪੰਜਾਬ ਪੁਲਿਸ ਨੇ ਸੁਖਪਾਲ ਖਹਿਰਾ ਨੂੰ ਤਿੰਨ ਦਿਨ ਪਹਿਲਾਂ ਚੰਡੀਗੜ੍ਹ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਸਰਕਾਰ ਨੇ ਨਸ਼ਾ ਤਸਕਰੀ ਨਾਲ ਉਨ੍ਹਾਂ ਦੇ ਸਬੰਧਾਂ ਦੀ ਜਾਂਚ ਲਈ ਐਸਆਈਟੀ ਦਾ ਗਠਨ ਕੀਤਾ ਸੀ। ਖਹਿਰਾ ਦੀ ਗ੍ਰਿਫ਼ਤਾਰੀ ਖ਼ਿਲਾਫ਼ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੇ ਵਫ਼ਦ ਨੇ ਰਾਜਪਾਲ ਨੂੰ ਮਿਲ ਕੇ ਖਹਿਰਾ ਦੀ ਗ੍ਰਿਫ਼ਤਾਰੀ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੰਦਿਆਂ ਰਾਜਪਾਲ ਨੂੰ ਮਾਮਲੇ ਵਿੱਚ ਦਖ਼ਲ ਦੇਣ ਦੀ ਬੇਨਤੀ ਕੀਤੀ ਸੀ।
ਕਾਂਗਰਸ ਦੀ ਤਰਫ਼ੋਂ ਰਾਜਪਾਲ ਨੂੰ ਦੱਸਿਆ ਗਿਆ ਕਿ ਖਹਿਰਾ ਨੂੰ ਪੰਜਾਬ ਪੁਲਿਸ ਨੇ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਗ਼ਲਤ ਤਰੀਕੇ ਨਾਲ ਗ੍ਰਿਫ਼ਤਾਰ ਕੀਤਾ ਹੈ ਅਤੇ ਸੁਪਰੀਮ ਕੋਰਟ ਨੇ ਵੀ ਖਹਿਰਾ ਨੂੰ ਪੁਰਾਣੇ ਮਾਮਲੇ ਵਿੱਚ ਰਾਹਤ ਦਿੱਤੀ ਹੈ, ਜਿਸ ਵਿੱਚ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
ਇਸ ਸਬੰਧੀ ਰਾਜਪਾਲ ਨੇ ਹੁਣ ਪੰਜਾਬ ਦੇ ਡੀਜੀਪੀ ਨੂੰ ਪੱਤਰ ਲਿਖ ਕੇ ਐਸਆਈਟੀ ਵੱਲੋਂ ਹੁਣ ਤੱਕ ਕੀਤੀ ਕਾਰਵਾਈ ਦੀ ਸਟੇਟਸ ਰਿਪੋਰਟ ਸਮੇਤ ਮਾਮਲੇ ਦੀ ਪੂਰੀ ਜਾਣਕਾਰੀ ਦੇਣ ਲਈ ਕਿਹਾ ਹੈ। ਖਹਿਰਾ ਨੂੰ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕਰਕੇ ਪੰਜਾਬ ਪੁਲਸ ਦੀ ਟੀਮ ਜਲਾਲਾਬਾਦ ਲੈ ਗਈ, ਉੱਥੇ ਅਦਾਲਤ ‘ਚ ਪੇਸ਼ ਕਰਕੇ ਦੋ ਦਿਨ ਦੇ ਪੁਲਸ ਰਿਮਾਂਡ ‘ਤੇ ਲਿਆ ਗਿਆ।
ਸ਼ਨੀਵਾਰ ਨੂੰ ਰਿਮਾਂਡ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਅਦਾਲਤ ਨੇ ਖਹਿਰਾ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ ਵਿੱਚ ਸ੍ਰੀ ਮੁਕਤਸਰ ਸਾਹਿਬ ਜੇਲ੍ਹ ਭੇਜ ਦਿੱਤਾ ਹੈ। ਸ੍ਰੀ ਮੁਕਤਸਰ ਸਾਹਿਬ ਦੀ ਜੇਲ੍ਹ ਵਿੱਚ ਕਰੀਬ ਡੇਢ ਘੰਟਾ ਰਹਿਣ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਨੇ ਸੁਰੱਖਿਆ ਕਾਰਨਾਂ ਕਰਕੇ ਉਸ ਨੂੰ ਨਾਭਾ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ।