International Punjab

ਕੈਨੇਡਾ ‘ਚ ਫਿਰੋਜ਼ਪੁਰ ਦੇ 23 ਸਾਲਾ ਨੌਜਵਾਨ ਨਾਲ ਵਾਪਰਿਆ ਇਹ ਭਾਣਾ , ਕੁਝ ਮਹੀਨੇ ਪਹਿਲਾਂ ਹੀ ਮਿਲਿਆ ਸੀ ਵਰਕ ਪਰਮਿਟ

A 23-year-old youth from Ferozepur in Canada died in a road accident

 ਫਿਰੋਜ਼ਪੁਰ : ਕੈਨੇਡਾ ਵਿੱਚ ਆਏ ਦਿਨ ਪੰਜਾਬੀਆਂ ਦੀ ਮੌਤ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇਸੇ ਵਿਚਾਲੇ ਇੱਕ ਹੋਰ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਦਰਅਸਲ, ਕੈਨੇਡਾ ਦੇ ਕੈਂਬਰਿਜ ਓਨਟਾਰੀਓ ਵਿੱਚ ਇੱਕ 23 ਸਾਲਾ ਪੰਜਾਬੀ ਨੌਜਵਾਨ ਦੀ ਕਾਰ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਨਰਿੰਦਰ ਸਿੰਘ ਵਜੋਂ ਹੋਈ ਹੈ, ਜੋ ਕਿ ਫਿਰੋਜ਼ਪੁਰ ਜ਼ਿਲ੍ਹੇ ਨਾਲ ਸਬੰਧਿਤ ਹੈ।

ਨਰਿੰਦਰ ਸਿੰਘ ਆਪਣੇ ਮਾਪਿਆਂ ਦੀ ਆਰਥਿਕ ਮਦਦ ਕਰਨ ਲਈ ਵਿਦੇਸ਼ ਗਿਆ ਸੀ ਪਰ 4 ਜਨਵਰੀ ਨੂੰ ਸੜਕ ਹਾਦਸੇ ਵਿੱਚ ਉਸ ਦੀ ਮੌਤ ਹੋ ਗਈ। ਹੁਣ ਉਸਦੇ ਦੋਸਤ ਲਾਸ਼ ਨੂੰ ਭਾਰਤ ਭੇਜਣ ਲਈ ਫੰਡ ਇਕੱਠਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਨਰਿੰਦਰ ਸਿੰਘ ਮੂਲ ਰੂਪ ਵਿੱਚ ਫਿਰੋਜ਼ਪੁਰ ਦੇ ਜ਼ੀਰਾ ਦਾ ਰਹਿਣ ਵਾਲਾ ਸੀ। 2019 ‘ਚ ਉਹ ਸਟੱਡੀ ਵੀਜ਼ੇ ‘ਤੇ ਕੈਨੇਡਾ ਗਿਆ ਸੀ। ਉਸਨੇ ਕੋਨੇਸਟੋਗਾ ਕਾਲਜ, ਕੈਮਬ੍ਰਿਜ ਓਨਟਾਰੀਓ ਤੋਂ ਹਾਈ ਸਕੂਲ ਡਿਪਲੋਮਾ ਕੀਤਾ ਸੀ। ਤਿੰਨ ਸਾਲ ਦੀ ਸਖ਼ਤ ਮਿਹਨਤ ਤੋਂ ਬਾਅਦ ਹੀ ਉਸ ਨੂੰ ਕੁਝ ਮਹੀਨੇ ਪਹਿਲਾਂ ਹੀ ਵਰਕ ਪਰਮਿਟ ਮਿਲਿਆ ਸੀ।

ਨਰਿੰਦਰ ਨੂੰ ਵਰਕ ਪਰਮਿਟ ਮਿਲਣ ਤੋਂ ਬਾਅਦ ਪਰਿਵਾਰ ਵੀ ਖੁਸ਼ ਸੀ ਕਿ ਉਨ੍ਹਾਂ ਦੀ ਆਰਥਿਕ ਤੰਗੀ ਦੂਰ ਹੋ ਜਾਵੇਗੀ ਅਤੇ ਉਨ੍ਹਾਂ ਦਾ ਪੁੱਤਰ ਵੀ ਆਪਣੇ ਪੈਰਾਂ ‘ਤੇ ਖੜ੍ਹਾ ਹੋ ਸਕੇਗਾ। ਪਰ ਇਹ ਖੁਸ਼ੀ ਜ਼ਿਆਦਾ ਦੇਰ ਲਈ ਨਹੀਂ ਸੀ। ਨਰਿੰਦਰ ਦੀ ਮੌਤ ਦੀ ਖਬਰ ਮਿਲਣ ਤੋਂ ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।

ਫੰਡ ਇਕੱਠਾ ਕਰਨ ਵਿੱਚ ਲੱਗੇ ਦੋਸਤ

ਕੈਨੇਡਾ ਵਿਚ ਨਰਿੰਦਰ ਸਿੰਘ ਦੇ ਦੋਸਤ ਅਰਸ਼ਦੀਪ ਸਿੰਘ, ਹਰਪ੍ਰੀਤ ਸਿੰਘ, ਇੰਦਰਪ੍ਰੀਤ ਸਿੰਘ ਅਤੇ ਸਤਨਾਮ ਸਿੰਘ ਉਸ ਦੀ ਲਾਸ਼ ਨੂੰ ਭਾਰਤ ਭੇਜਣ ਲਈ ਫੰਡ ਇਕੱਠੇ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਨਰਿੰਦਰ ਮੱਧ ਵਰਗੀ ਪਰਿਵਾਰ ਨਾਲ ਸਬੰਧ ਰੱਖਦਾ ਹੈ। ਉਹ ਸਾਰੇ ਨਰਿੰਦਰ ਸਿੰਘ ਦੀ ਲਾਸ਼ ਨੂੰ ਭਾਰਤ ਭੇਜਣ ਦੀ ਕੋਸ਼ਿਸ਼ ਕਰ ਰਹੇ ਹਨ ਤਾਂ ਜੋ ਪਰਿਵਾਰ ਅੰਤਿਮ ਸੰਸਕਾਰ ਕਰ ਸਕੇ। ਇਸ ਦੇ ਨਾਲ ਹੀ ਉਸਦੇ ਪਰਿਵਾਰ ਦੀ ਆਰਥਿਕ ਮਦਦ ਕਰਨ ਲਈ ਪੈਸਾ ਇਕੱਠਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।