ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਸਣੇ ਹੋਰ ਸਿੱਖ ਮਸਲਿਆਂ ਸਬੰਧੀ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਅਤੇ ਪੰਥਕ ਕਮੇਟੀ ਸਣੇ ਹੋਰ ਸਿੱਖ ਜਥੇਬੰਦੀਆਂ ਦਾ ਪੱਕਾ ਮੋਰਚਾ ਜਾਰੀ ਹੈ।
ਸਵਾ ਸਾਲ ਤੋਂ ਪੱਕਾ ਮੋਰਚਾ ਲਗਾ ਕੇ ਬੈਠੇ ਕੌਮੀ ਇਨਸਾਫ਼ ਮੋਰਚੇ ਦੇ ਕਨਵੀਨਰ ਭਾਈ ਪਾਲ ਸਿੰਘ ਫਰਾਂਸ, ਵਕੀਲ ਅਮਰ ਸਿੰਘ ਚਾਹਲ ਤੇ ਦਿਲਸ਼ੇਰ ਸਿੰਘ ਨੇ ਸਰਕਾਰਾਂ ਨੂੰ ਸਿੱਖ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ।
ਜਗਤਾਰ ਸਿੰਘ ਹਵਾਰਾ ਨੂੰ ਅਦਾਲਤਾਂ ਵੱਲੋਂ ਹਾਲ ਹੀ ਤਿੰਨ ਕੇਸਾਂ ਵਿੱਚ ਬਰੀ ਕੀਤਾ ਗਿਆ ਹੈ। ਉਂਜ ਹੁਣ ਤੱਕ ਉਨ੍ਹਾਂ ਖ਼ਿਲਾਫ਼ 29 ਕੇਸ ਖ਼ਤਮ ਹੋ ਚੁੱਕੇ ਹਨ। ਇਸ ਦੇ ਬਾਵਜੂਦ ਨਾ ਤਾਂ ਉਨ੍ਹਾਂ ਰਿਹਾਅ ਕੀਤਾ ਜਾ ਰਿਹਾ ਹੈ ਅਤੇ ਨਾ ਹੀ ਉਨ੍ਹਾਂ ਨੂੰ ਪੰਜਾਬ ਦੀ ਜੇਲ੍ਹ ਵਿੱਚ ਸ਼ਿਫ਼ਟ ਕੀਤਾ ਗਿਆ ਹੈ। ਜਦੋਂਕਿ ਪਿਛਲੀਆਂ ਮੀਟਿੰਗਾਂ ਦੌਰਾਨ ਇਹ ਵਾਅਦਾ ਕੀਤਾ ਗਿਆ ਸੀ ਕਿ ਕੁੱਝ ਬੰਦੀ ਸਿੰਘਾਂ ਨੂੰ ਪੈਰੋਲ ਅਤੇ ਬਾਕੀ ਕੈਦੀਆਂ ਦੀ ਪੱਕੀ ਰਿਹਾਈ ਕੀਤੀ ਜਾਵੇਗੀ।
ਉਨ੍ਹਾਂ ਅੱਜ ਹੰਗਾਮੀ ਮੀਟਿੰਗ ਸੱਦ ਕੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਪੰਜ ਦਿਨਾਂ ਦਾ ਅਲਟੀਮੇਟਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਦੌਰਾਨ ਮੰਗਾਂ ਪੂਰੀਆਂ ਨਹੀਂ ਕੀਤੀਆਂ ਗਈਆਂ ਤਾਂ ਕੋਈ ਵੱਡਾ ਪ੍ਰੋਗਰਾਮ ਉਲੀਕਿਆ ਜਾਵੇਗਾ ਅਤੇ ਗੁਪਤ ਐਕਸ਼ਨ ਕੀਤੇ ਜਾਣਗੇ।