ਕੈਨੇਡਾ ਸਰਕਾਰ ਨੇ ਕੈਨੇਡਾ ਵਿੱਚ ਅਸਥਾਈ ਨੌਕਰੀ ਕਰਨ ਵਾਲੇ ਵਿਦੇਸ਼ੀਆਂ ਦੀ ਗਿਣਤੀ ਘਟਾਉਣ ਦਾ ਐਲਾਨ ਕਰ ਦਿੱਤਾ ਹੈ। ਇਸ ਦਾ ਉਦੇਸ਼ ਵਿਦੇਸ਼ੀਆਂ ਦੀ ਗਿਣਤੀ ਵਿੱਚ ਭਾਰੀ ਵਾਧੇ ਨੂੰ ਕੰਟਰੋਲ ਕਰਨਾ ਹੈ। ਸਰਕਾਰ ਦੇ ਇਸ ਫਸਲੇ ਦਾ ਸਿੱਧਾ ਅਸਰ ਘੱਟ ਤਨਖਾਹ ‘ਤੇ ਕੰਮ ਕਰਨ ਵਾਲਿਆਂ ਅਤੇ ਅਸਥਾਈ ਨੌਕਰੀ ਕਰਨ ਵਾਲੇ ਵਿਦੇਸ਼ੀਆਂ ‘ਤੇ ਪਵੇਗਾ, ਜਿਨ੍ਵਾਂ ਵਿੱਚ ਸਭ ਤੋਂ ਵੱਡੀ ਗਿਣਤੀ ਭਾਰਤੀ ਵਿਦਿਆਰਥੀਆਂ ਦੀ ਹੈ।
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇੱਕ ਟਵੀਟ ਕਰਦਿਆਂ ਕਿਹਾ ਕਿ ਅਸੀਂ ਕੈਨੇਡਾ ਵਿੱਚ ਘੱਟ ਤਨਖਾਹ ਵਾਲੇ, ਅਸਥਾਈ ਵਿਦੇਸ਼ੀ ਕਾਮਿਆਂ ਦੀ ਗਿਣਤੀ ਘਟਾ ਰਹੇ ਹਾਂ।ਲੇਬਰ ਮਾਰਕੀਟ ਬਦਲ ਗਈ ਹੈ. ਹੁਣ ਸਮਾਂ ਆ ਗਿਆ ਹੈ ਕਿ ਸਾਡੇ ਕਾਰੋਬਾਰਾਂ ਕੈਨੇਡੀਅਨ ਵਰਕਰਾਂ ਅਤੇ ਨੌਜਵਾਨਾਂ ‘ਤੇ ਨਿਵੇਸ਼ ਕਰਨ।
We’re reducing the number of low-wage, temporary foreign workers in Canada.
The labour market has changed. Now is the time for our businesses to invest in Canadian workers and youth.
— Justin Trudeau (@JustinTrudeau) August 26, 2024
ਪਿਛਲੇ ਕੁਝ ਸਾਲਾਂ ਵਿੱਚ ਕੈਨੇਡਾ ਵਿੱਚ ਵਿਦੇਸ਼ੀਆਂ ਦੀ ਗਿਣਤੀ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਕੈਨੇਡਾ ਵਿੱਚ ਵਧਦੀ ਆਬਾਦੀ ਦੇ ਨਾਲ ਬੇਰੁਜ਼ਗਾਰੀ ਵਿੱਚ ਵੀ ਵਾਧਾ ਹੋਇਆ ਹੈ। ਦੇਸ਼ ਵਿੱਚ ਰੁਜ਼ਗਾਰ ਅਤੇ ਰਿਹਾਇਸ਼ ਦਾ ਸੰਕਟ ਤੇਜ਼ੀ ਨਾਲ ਵਧ ਰਿਹਾ ਹੈ। ਦੇਸ਼ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਹਾਲ ਹੀ ਵਿੱਚ ਇਸ ਗੱਲ ਵੱਲ ਇਸ਼ਾਰਾ ਕੀਤਾ ਹੈ ਕਿ ਇਮੀਗ੍ਰੇਸ਼ਨ ਨਿਯਮਾਂ ਨੂੰ ਕੈਨੇਡੀਅਨਾਂ ਦੇ ਅਨੁਕੂਲ ਬਣਾਇਆ ਜਾਣਾ ਚਾਹੀਦਾ ਹੈ ਕਿਉਂਕਿ ਨੌਕਰੀਆਂ ਲਗਾਤਾਰ ਘਟ ਰਹੀਆਂ ਹਨ। ਇਸ ਦੇ ਲਈ ਅਸੀਂ ਸਾਰੇ ਜ਼ਰੂਰੀ ਕਦਮ ਚੁੱਕਾਂਗੇ।
ਸੋਮਵਾਰ ਨੂੰ ਐਲਾਨੇ ਗਏ ਨਵੇਂ ਨਿਯਮਾਂ ਨਾਲ ਘੱਟ ਤਨਖਾਹ ਵਾਲੀਆਂ ਨੌਕਰੀਆਂ ਲਈ ਪਰਮਿਟ ਦੋ ਸਾਲ ਤੋਂ ਘਟਾ ਕੇ ਸਿਰਫ ਇਕ ਸਾਲ ਲਈ ਜਾਰੀ ਕੀਤੇ ਜਾਣਗੇ। ਖੇਤੀਬਾੜੀ, ਸਿਹਤ ਸੰਭਾਲ ਅਤੇ ਉਸਾਰੀ ਖੇਤਰਾਂ ਨੂੰ ਛੋਟ ਦਿੱਤੀ ਜਾਵੇਗੀ।
ਇਸ ਨਾਲ ਅਸਥਾਈ ਵਿਦੇਸ਼ੀ ਕਾਮਿਆਂ ਦੀ ਹਿੱਸੇਦਾਰੀ 20 ਪ੍ਰਤੀਸ਼ਤ ਤੋਂ ਘਟਾ ਕੇ 10 ਪ੍ਰਤੀਸ਼ਤ ਤੱਕ ਘਟਾ ਦਿੱਤੀ ਜਾਵੇਗੀ ਜਿਨ੍ਹਾਂ ਨੂੰ ਇਕੱਲੇ ਮਾਲਕ ਦੁਆਰਾ ਨਿਯੁਕਤ ਕੀਤਾ ਜਾ ਸਕਦਾ ਹੈ। ਨਵੇਂ ਅਸਥਾਈ ਵਿਦੇਸ਼ੀ ਕਰਮਚਾਰੀ ਨਿਯਮ 26 ਸਤੰਬਰ ਤੋਂ ਲਾਗੂ ਹੋਣਗੇ। ਕੈਨੇਡਾ ‘ਚ ਸਭ ਤੋਂ ਵੱਧ ਵਿਦੇਸ਼ੀਆਂ ‘ਚ ਭਾਰਤੀ ਹਨ, ਇਸ ਲਈ ਇਨ੍ਹਾਂ ਨਿਯਮਾਂ ਦਾ ਸਭ ਤੋਂ ਜ਼ਿਆਦਾ ਅਸਰ ਭਾਰਤ ਦੇ ਲੋਕਾਂ ‘ਤੇ ਪੈ ਸਕਦਾ ਹੈ।
ਕੈਨੇਡੀਅਨ ਪੀਐਮ ਵੱਲੋਂ ਇਹ ਐਲਾਨ ਅਜਿਹੇ ਸਮੇਂ ਵਿੱਚ ਕੀਤਾ ਗਿਆ ਹੈ ਜਦੋਂ ਜੁਲਾਈ ਵਿੱਚ ਕੈਨੇਡਾ ਵਿੱਚ ਬੇਰੁਜ਼ਗਾਰੀ ਦੀ ਦਰ 30 ਮਹੀਨਿਆਂ ਦੇ ਉੱਚੇ ਪੱਧਰ 6.4 ਫੀਸਦੀ ‘ਤੇ ਪਹੁੰਚ ਗਈ ਹੈ। ਅੰਕੜੇ ਦਰਸਾਉਂਦੇ ਹਨ ਕਿ ਕੈਨੇਡਾ ਵਿੱਚ ਬੇਰੁਜ਼ਗਾਰੀ ਦੀ ਦਰ ਲਗਾਤਾਰ ਉੱਪਰ ਵੱਲ ਵਧ ਰਹੀ ਹੈ। ਇਸ ਦਾ ਮਤਲਬ ਹੈ ਕਿ ਪੂਰੇ ਦੇਸ਼ ਵਿੱਚ ਅੰਦਾਜ਼ਨ 14 ਲੱਖ ਲੋਕ ਬੇਰੁਜ਼ਗਾਰ ਹਨ।
ਅੰਕੜਾ ਏਜੰਸੀ ਨੇ ਕਿਹਾ ਕਿ ਨੌਜਵਾਨਾਂ ਅਤੇ ਬਜ਼ੁਰਗਾਂ ਵਿੱਚ ਵਧਦੀ ਬੇਰੁਜ਼ਗਾਰੀ ਸਮੇਤ ਸੰਕੇਤਾਂ ਦਾ ਹਵਾਲਾ ਦਿੰਦੇ ਹੋਏ, ਨੌਕਰੀਆਂ ਲੱਭਣਾ ਔਖਾ ਹੁੰਦਾ ਜਾ ਰਿਹਾ ਹੈ। ਜੂਨ ਵਿੱਚ ਨੌਜਵਾਨਾਂ ਦੀ ਬੇਰੁਜ਼ਗਾਰੀ ਦਰ 0.9 ਪ੍ਰਤੀਸ਼ਤ ਅੰਕ ਵੱਧ ਕੇ 13.5 ਪ੍ਰਤੀਸ਼ਤ ਹੋ ਗਈ, ਜੋ ਕਿ ਮਹਾਂਮਾਰੀ ਤੋਂ ਬਾਹਰ ਸਤੰਬਰ 2014 ਤੋਂ ਬਾਅਦ ਸਭ ਤੋਂ ਵੱਧ ਹੈ।
ਇਹ ਕਦਮ ਅਜਿਹੇ ਸਮੇਂ ਚੁੱਕਿਆ ਗਿਆ ਹੈ ਜਦੋਂ ਕੈਨੇਡਾ ਵਧਦੀ ਆਬਾਦੀ ਦੀ ਸਮੱਸਿਆ ਨਾਲ ਜੂਝ ਰਿਹਾ ਹੈ। ਅਰਥਸ਼ਾਸਤਰੀਆਂ ਦਾ ਕਹਿਣਾ ਹੈ ਕਿ ਇਸ ਸਮੱਸਿਆ ਨੇ ਹਾਊਸਿੰਗ ਅਤੇ ਹੈਲਥਕੇਅਰ ਵਰਗੀਆਂ ਜਨਤਕ ਸੇਵਾਵਾਂ ‘ਤੇ ਦਬਾਅ ਪਾਇਆ ਹੈ। ਸੰਘੀ ਅੰਕੜਿਆਂ ਮੁਤਾਬਕ ਪਿਛਲੇ ਸਾਲ ਕੈਨੇਡਾ ਦੀ ਆਬਾਦੀ ਵਧਣ ਦਾ ਸਭ ਤੋਂ ਵੱਡਾ ਕਾਰਨ ਇਮੀਗ੍ਰੇਸ਼ਨ ਸੀ। ਟਰੂਡੋ ਅਤੇ ਉਨ੍ਹਾਂ ਦੀ ਸਰਕਾਰ ਦੀ ਦੇਸ਼ ਵਿੱਚ ਸੇਵਾਵਾਂ ਅਤੇ ਮਕਾਨ ਉਸਾਰੀ ਵਰਗੀਆਂ ਸਹੂਲਤਾਂ ਵਧਾਏ ਬਿਨਾਂ ਇਮੀਗ੍ਰੇਸ਼ਨ ਨੂੰ ਉਤਸ਼ਾਹਿਤ ਕਰਨ ਲਈ ਆਲੋਚਨਾ ਕੀਤੀ ਜਾਂਦੀ ਹੈ।