Punjab

ਪੰਜਾਬ ‘ਚ ਸਨਅਤਾਂ ਨੂੰ ਪਾਵਰਕਾਮ ਨੇ ਬਿਜਲੀ ਦਰਾਂ ‘ਚ ਕੀਤਾ ਵਾਧਾ , ਸੁਖਬੀਰ ਬਾਦਲ ਨੇ ਕੀਤਾ ਵਿਰੋਧ

A big blow to the industries in Punjab Powercom has increased the electricity rates

ਚੰਡੀਗੜ੍ਹ : ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪਾਵਰਕਾਮ) ਨੇ ਸਨਅਤਾਂ ਨੂੰ ਵੱਡਾ ਝਟਕਾ ਦਿੱਤਾ ਹੈ। ਪਾਵਰਕਾਮ ਨੇ ਬਿਜਲੀ ਦਰਾਂ ਵਿੱਚ 50 ਪੈਸੇ ਪ੍ਰਤੀ ਯੂਨਿਟ ਵਾਧਾ ਕੀਤਾ ਹੈ। ਇਸ ਤੋਂ ਬਾਅਦ ਹੁਣ ਉਦਯੋਗਾਂ ਨੂੰ 5.50 ਰੁਪਏ ਪ੍ਰਤੀ ਯੂਨਿਟ ਦੀ ਦਰ ਨਾਲ ਬਿਜਲੀ ਮਿਲੇਗੀ। ਇਸ ਨੂੰ ਅਗਲੇ ਪੰਜ ਸਾਲਾਂ ਲਈ ਤਿੰਨ ਫੀਸਦੀ ਦੇ ਸਾਲਾਨਾ ਵਾਧੇ ਨਾਲ ਲਾਗੂ ਕੀਤਾ ਜਾਵੇਗਾ। 1 ਅਪ੍ਰੈਲ ਤੋਂ ਵਧੀ ਹੋਈ ਦਰ ‘ਤੇ ਬਿਜਲੀ ਮਿਲੇਗੀ।

ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਪਾਵਰਕਾਮ ਨੇ ਇੱਕ ਸਰਕੂਲਰ ਜਾਰੀ ਕਰਕੇ ਅਧਿਕਾਰੀਆਂ ਨੂੰ ਇਸ ਨੂੰ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਪਾਵਰਕਾਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਘਰੇਲੂ ਬਿਜਲੀ ਵੀ ਮਹਿੰਗੀ ਕਰਨ ਦਾ ਪ੍ਰਸਤਾਵ ਭੇਜਿਆ ਸੀ। ਹਾਲਾਂਕਿ ਅਜੇ ਤੱਕ ਇਸ ਦੀ ਇਜਾਜ਼ਤ ਨਹੀਂ ਮਿਲੀ ਹੈ।

ਰੈਗੂਲੇਟਰੀ ਕਮਿਸ਼ਨ ਨੂੰ ਭੇਜੇ ਪ੍ਰਸਤਾਵ ਵਿੱਚ ਪਾਵਰਕਾਮ ਨੇ ਦਲੀਲ ਦਿੱਤੀ ਸੀ ਕਿ ਸੂਬੇ ਵਿੱਚ ਵਧਦੀ ਮੰਗ ਨੂੰ ਪੂਰਾ ਕਰਨ ਲਈ ਉਸ ਨੂੰ ਬਾਹਰੋਂ ਮਹਿੰਗੀ ਬਿਜਲੀ ਅਤੇ ਕੋਲਾ ਖਰੀਦਣਾ ਪਵੇਗਾ। ਇਸ ਕਾਰਨ ਖਰਚੇ ਬਹੁਤ ਵਧ ਗਏ ਹਨ ਪਰ ਮਾਲੀਆ ਉਸ ਹਿਸਾਬ ਨਾਲ ਨਹੀਂ ਮਿਲ ਰਿਹਾ। ਬਿਜਲੀ ਸਬਸਿਡੀ ਦਾ ਬੋਝ ਵੀ ਲਗਾਤਾਰ ਵਧ ਰਿਹਾ ਹੈ। ਇਨ੍ਹਾਂ ਸਾਰੀਆਂ ਦਲੀਲਾਂ ਨਾਲ ਪਾਵਰਕਾਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਪ੍ਰਸਤਾਵ ਭੇਜ ਕੇ ਬਿਜਲੀ ਦੀਆਂ ਦਰਾਂ ਵਧਾਉਣ ਦੀ ਮਨਜ਼ੂਰੀ ਮੰਗੀ ਸੀ।

ਦੂਜੇ ਪਾਸੇ PSEB ਇੰਜੀਨੀਅਰਜ਼ ਐਸੋਸੀਏਸ਼ਨ ਨੇ ਰੈਗੂਲੇਟਰੀ ਕਮਿਸ਼ਨ ਦੇ ਇਸ ਕਦਮ ਨੂੰ ਜਾਇਜ਼ ਠਹਿਰਾਇਆ ਹੈ। ਐਸੋਸੀਏਸ਼ਨ ਮੁਤਾਬਕ ਪਾਵਰਕਾਮ ਦੀ ਆਮਦਨ ਵਿੱਚ ਵਾਧਾ ਹੋਣ ਨਾਲ ਆਰਥਿਕ ਤੰਗੀ ਕੁਝ ਹੱਦ ਤੱਕ ਹੱਲ ਹੋ ਜਾਵੇਗੀ। ਇਸ ਦੇ ਨਾਲ ਹੀ ਸਰਕਾਰ ‘ਤੇ ਬਿਜਲੀ ਸਬਸਿਡੀ ਦਾ ਬੋਝ ਵੀ ਘੱਟ ਜਾਵੇਗਾ।

ਬਿਜਲੀ ਦਰਾਂ ਵਧਣ ਨਾਲ ਸੂਬੇ ਦੇ ਕਰੀਬ ਡੇਢ ਲੱਖ ਉਦਯੋਗ ਪ੍ਰਭਾਵਿਤ ਹੋਣਗੇ। ਸਰਕਾਰ ਨੇ ਚਾਲੂ ਵਿੱਤੀ ਸਾਲ ਦੌਰਾਨ ਇਨ੍ਹਾਂ ਉਦਯੋਗਾਂ ਨੂੰ 2669 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਹੈ। ਇਸ ਵਿੱਚ ਛੋਟੇ ਉਦਯੋਗਾਂ ਨੂੰ 189 ਕਰੋੜ, ਮੱਧਮ ਉਦਯੋਗਾਂ ਨੂੰ 289 ਕਰੋੜ ਅਤੇ ਵੱਡੇ ਉਦਯੋਗਾਂ ਨੂੰ 2191 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਗਈ ਹੈ।

ਦੂਜੇ ਬੰਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸਦਾ ਵਿਰੋਧ ਕੀਤਾ ਹੈ । ਉਨ੍ਹਾਂ ਨੇ ਕਿਹਾ ਕਿ ਬਿਜਲੀ ਵਿਭਾਗ ਨੂੰ ਸੁਚਾਰੂ ਢੰਗ ਨਾਲ ਚਲਾਉਣ ‘ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਸਫ਼ਲਤਾ ਪੰਜਾਬੀਆਂ ਲਈ ਮੁਸੀਬਤ ਦਾ ਕਾਰਨ ਬਣ ਰਹੀ ਹੈ। ਪਹਿਲਾਂ ਹੀ ਸੂਬੇ ਤੋਂ ਬਾਹਰ ਜਾਣ ਨੂੰ ਮਜਬੂਰ ਹੋਈ ਇੰਡਸਟਰੀ ਨੂੰ ਹੁਣ ਬਿਜਲੀ ਵਿਭਾਗ ਦੇ ਮਾੜੇ ਪ੍ਰਬੰਧਾਂ ਲਈ ਨਵੀਂ ਸਜ਼ਾ ਭੁਗਤਣੀ ਪੈ ਰਹੀ ਹੈ। ਉਦਯੋਗਿਕ ਖੇਤਰ ਲਈ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਦੇ ਵਾਅਦੇ ਤੋਂ ਪਿੱਛੇ ਹਟ ਰਹੀ ‘ਆਪ’ ਸਰਕਾਰ ਨੂੰ ਤੁਰੰਤ ਇਹ ਫ਼ੈਸਲਾ ਵਾਪਸ ਲੈਣਾ ਚਾਹੀਦਾ ਹੈ।