ਤੋਸ਼ਾਖ਼ਾਨਾ ਮਾਮਲੇ ‘ਚ ਇਸਲਾਮਾਬਾਦ ਹਾਈ ਕੋਰਟ ਨੇ ਇਮਰਾਨ ਖ਼ਾਨ ਦੀ ਸਜ਼ਾ ‘ਤੇ ਰੋਕ ਲਗਾਉਂਦੇ ਹੋਏ ਉਨ੍ਹਾਂ ਨੂੰ ਜ਼ਮਾਨਤ ‘ਤੇ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ। ਇਮਰਾਨ ਦੇ ਵਕੀਲ ਬਾਬਰ ਅਵਾਨ ਨੇ ਕਿਹਾ- ਅਦਾਲਤ ਦੇ ਫ਼ੈਸਲੇ ਨਾਲ ਖ਼ਾਨ ਫਿਰ ਤੋਂ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਚੇਅਰਮੈਨ ਬਣ ਗਏ ਹਨ। ਖ਼ਾਨ ਨੂੰ 5 ਅਗਸਤ ਨੂੰ ਤਿੰਨ ਸਾਲ ਦੀ ਸਜ਼ਾ ਸੁਣਾਈ ਗਈ ਸੀ ਅਤੇ ਉਹ ਇਸ ਸਮੇਂ ਅਟਕ ਜ਼ਿਲ੍ਹੇ ਦੀ ਜੇਲ੍ਹ ਵਿੱਚ ਬੰਦ ਹੈ।
ਖ਼ਾਨ ਦੇ ਵਕੀਲਾਂ ਨੇ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਉਸ ਨੂੰ ਕਿਸੇ ਹੋਰ ਮਾਮਲੇ ਵਿਚ ਗ੍ਰਿਫ਼ਤਾਰ ਨਾ ਕੀਤਾ ਜਾਵੇ। ਖ਼ਾਨ ਖ਼ਿਲਾਫ਼ ਕਈ ਮਾਮਲੇ ਦਰਜ ਹਨ ਅਤੇ ਇਨ੍ਹਾਂ ‘ਚੋਂ ਦੋ ਮਾਮਲੇ ਅਜਿਹੇ ਹਨ ਕਿ ਜਾਂਚ ਏਜੰਸੀਆਂ ਉਸ ਨੂੰ ਕਿਸੇ ਵੀ ਸਮੇਂ ਗ੍ਰਿਫ਼ਤਾਰ ਕਰ ਸਕਦੀਆਂ ਹਨ।
‘ਦਿ ਐਕਸਪ੍ਰੈੱਸ ਟ੍ਰਿਬਿਊਨ’ ਮੁਤਾਬਕ ਫੈਡਰਲ ਇਨਵੈਸਟੀਗੇਸ਼ਨ ਏਜੰਸੀ (ਐੱਫ਼.ਆਈ.ਏ.) ਅਤੇ ਰਾਸ਼ਟਰੀ ਜਵਾਬਦੇਹੀ ਬਿਊਰੋ (ਐਨ.ਏ.ਬੀ.) ਦੀਆਂ ਟੀਮਾਂ ਉਨ੍ਹਾਂ ਦਾ ਇੰਤਜ਼ਾਰ ਕਰ ਰਹੀਆਂ ਹਨ।
Former Pakistan prime minister Imran Khan's conviction and three-year sentence in a corruption case suspended by Islamabad High Court
— Press Trust of India (@PTI_News) August 29, 2023
ਇਸਲਾਮਾਬਾਦ ਹਾਈ ਕੋਰਟ ਨੇ ਸੋਮਵਾਰ ਨੂੰ ਇਸ ਮਾਮਲੇ ‘ਚ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਹੇਠਲੀ ਅਦਾਲਤ ਨੇ 5 ਅਗਸਤ ਨੂੰ ਤੋਸ਼ਾਖ਼ਾਨਾ ਮਾਮਲੇ ‘ਚ ਇਮਰਾਨ ਖ਼ਾਨ ਨੂੰ ਦੋਸ਼ੀ ਠਹਿਰਾਉਂਦੇ ਹੋਏ ਤਿੰਨ ਸਾਲ ਦੀ ਸਜ਼ਾ ਸੁਣਾਈ ਸੀ।
ਅਦਾਲਤ ਦੇ ਹੁਕਮ ਤੋਂ ਤੁਰੰਤ ਬਾਅਦ ਇਮਰਾਨ ਖ਼ਾਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇਮਰਾਨ ਖ਼ਾਨ ‘ਤੇ ਇਲਜ਼ਾਮ ਹੈ ਕਿ ਪ੍ਰਧਾਨ ਮੰਤਰੀ ਹੁੰਦਿਆਂ ਉਨ੍ਹਾਂ ਅਤੇ ਉਨ੍ਹਾਂ ਦੀ ਪਤਨੀ ਨੇ ਵਿਦੇਸ਼ੀ ਨੇਤਾਵਾਂ ਤੋਂ ਮਿਲੇ ਤੋਹਫ਼ਿਆਂ ਨੂੰ ਵੇਚ ਕੇ ਹੋਣ ਵਾਲੀ ਕਮਾਈ ਦੀ ਜਾਣਕਾਰੀ ਨਹੀਂ ਦਿੱਤੀ ਸੀ। ਹਾਲਾਂਕਿ ਇਹ ਵੀ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਮਰਾਨ ਖ਼ਾਨ ਨੂੰ ਰਿਹਾਅ ਨਹੀਂ ਕੀਤਾ ਜਾਵੇਗਾ ਕਿਉਂਕਿ ਉਨ੍ਹਾਂ ਖ਼ਿਲਾਫ਼ ਹੋਰ ਵੀ ਕਈ ਮਾਮਲੇ ਹਨ।
ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਨੇ ਇਸਲਾਮਾਬਾਦ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਸਾਬਕਾ ਪ੍ਰਧਾਨ ਮੰਤਰੀ ਨੂੰ ਸਾਰੇ ਮਾਮਲਿਆਂ ਵਿੱਚ ਜ਼ਮਾਨਤ ਦੀ ਮੰਗ ਕੀਤੀ ਹੈ। ਤਾਂ ਜੋ ਉਹ ਕਿਸੇ ਹੋਰ ਮਾਮਲੇ ਵਿੱਚ ਗ੍ਰਿਫ਼ਤਾਰ ਨਾ ਹੋਣ। ਹਾਲਾਂਕਿ ਇਸ ਪਟੀਸ਼ਨ ‘ਤੇ ਅਜੇ ਸੁਣਵਾਈ ਨਹੀਂ ਹੋਈ ਹੈ।